Parliament winter session: ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਨਵੀਂ ਦਿੱਲੀ, 6 ਦਸੰਬਰ
ਲੋਕ ਸਭਾ ਦੀ ਕਾਰਵਾਈ ਅੱਜ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਹਾਕਮ ਤੇ ਵਿਰੋਧੀ ਧਿਰਾਂ ਵਿਚ ਹੰਗਾਮਾ ਹੋਇਆ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵੀ ਵਿਰੋਧੀ ਧਿਰ ਸ਼ਾਂਤ ਨਾ ਹੋਈ। ਇਸ ਤੋਂ ਬਾਅਦ ਜਦੋਂ ਸਦਨ 12 ਵਜੇ ਜੁੜਿਆ ਤਾਂ ਮੁੜ ਵਿਰੋਧੀ ਪਾਰਟੀਆਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਭਾਜਪਾ ਨੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਸ ਨੇ ਵਿਦੇਸ਼ੀ ਅਰਬਪਤੀਆਂ ਨਾਲ ਸਬੰਧ ਹਨ ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਅੱਜ ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰ ਦੇ ਕਈ ਮੈਂਬਰ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਤੋਂ ਜਵਾਬ ਮੰਗਣ ਲੱਗੇ ਤੇ ਨਾਅਰੇਬਾਜ਼ੀ ਕਰਨ ਲੱਗੇ। ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸ਼ਾਂਤ ਹੋਣ ਲਈ ਕਿਹਾ ਪਰ ਵਿਰੋਧੀ ਧਿਰ ਸਦਨ ਵਿਚ ਨਾਅਰੇਬਾਜ਼ੀ ਕਰਦੀ ਰਹੀ। ਵਿਰੋਧੀ ਧਿਰ ਦੇ ਮੈਂਬਰ ਉਪਰੋਕਤ ਮੁੱਦਿਆਂ ਬਾਰੇ ਚਰਚਾ ਕਰਨਾ ਚਾਹੁੰਦੇ ਸਨ।
ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਸਣੇ ਲੋਕ ਸਭਾ ਦੇ ਆਗੂ ਰਾਹੁਲ ਗਾਂਧੀ ਅਤੇ ਵਾਇਨਾਡ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੰਸਦ ਕੰਪਲੈਕਸ ਵਿੱਚ ਅਡਾਨੀ ਮਾਮਲੇ ਨੂੰ ਲੈ ਕੇ ਰੋਸ ਜਤਾਇਆ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਮੁੱਦੇ ’ਤੇ ਉਨ੍ਹਾਂ ਦੇ ਵਿਰੋਧ ਨੂੰ ਦਰਸਾਉਂਦੇ ਮਾਸਕ ਪਾਏ ਜਿਨ੍ਹਾਂ ’ਤੇ ਲਿਖਿਆ ਸੀ, ‘ਮੋਦੀ ਅਡਾਨੀ, ਭਾਈ ਭਾਈ।’ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਸੰਵਿਧਾਨ ਦੀਆਂ ਕਾਪੀਆਂ ਫੜੀਆਂ ਹੋਈਆਂ ਸਨ। ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਬਣਾਉਣ ਵਾਲੇ ਡਾ. ਬੀ ਆਰ ਅੰਬੇਦਕਰ ਦੀ ਬਰਸੀ ਹੈ ਪਰ ਇੱਥੇ ਅਡਾਨੀ ਲਈ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਕੀਤੀ ਗਈ ਹੈ। ਇਸ ਕਰਕੇ ਉਹ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਦਨ ਵਿਚ ਅਡਾਨੀ ਦੇ ਮਾਮਲੇ ’ਤੇ ਚਰਚਾ ਕਰਨ ਦੀ ਵਿਰੋਧੀ ਧਿਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ’ਤੇ ਇਸ ਮਾਮਲੇ ’ਤੇ ਚਰਚਾ ਨਾ ਕਰਨ ’ਤੇ ਵਿਰੋਧੀ ਪਾਰਟੀਆਂ ਰੋਸ ਜਤਾ ਰਹੀਆਂ ਹਨ ਤੇ ਸਦਨ ਦੀ ਕਾਰਵਾਈ ਮੁਕੰਮਲ ਨਹੀਂ ਹੋ ਰਹੀ।