ਪਾਰਟੀ ਵਾਲੰਟੀਅਰ ਹੜ੍ਹਾਂ ਦੌਰਾਨ ਲੋਕਾਂ ਦੀ ਸਹਾਇਤਾ ਕਰਨ: ਬੁੱਧ ਰਾਮ
ਪੱਤਰ ਪ੍ਰੇਰਕ
ਮਾਨਸਾ, 10 ਜੁਲਾਈ
ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਪਾਰਟੀ ਦੇ ਰਾਜ ਭਰ ਦੇ ਸਾਰੇ ਵਰਕਰਾਂ ਅਤੇ ਵਾਲੰਟੀਅਰਾਂ ਨੂੰ ਹੜ੍ਹਾਂ ਦੌਰਾਨ ਲੋਕਾਂ ਦੀ ਜਾਨ-ਮਾਲ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕਿਹਾ ਹੈ। ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚਲੇ ਪਾਰਟੀ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਨੂੰ ਕਿਹਾ ਹੈ ਕਿ ਰਾਜ ਵਿੱਚ ਬਣੀ ਹੋਈ ਹੜ੍ਹਾਂ ਵਰਗੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਤੁਰੰਤ ਨਾਜ਼ੁਕ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ।
ਉਨ੍ਹਾਂ ਪੰਜਾਬ ਦੇ ਸਾਰੇ ਵਿਧਾਇਕ ਸਮੇਤ ਹੋਰ ਅਹੁਦੇਦਾਰਾਂ ਨੂੰ ਕਿਹਾ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਦੀ ਮਾਰ ਪੈਣ ਲੱਗੀ ਹੈ, ਉਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਣ ਲਈ ਮੱਦਦ ਕੀਤੀ ਜਾਵੇ। ਸ੍ਰੀ ਬੁੱਧਰਾਮ ਨੇ ਅੱਜ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੇ ਬੰਦੋਬਸਤ ਕਰ ਲਏ ਹਨ। ਉਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਲਈ ਕਿਹਾ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਹਰ ਸਮੇਂ ਤੱਤਪਰ ਹੈ।
ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਬੁਢਲਾਡਾ ਅਤੇ ‘ਆਪ’ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਚਾਂਦਪੁਰਾ ਬੰਨ੍ਹ ’ਤੇ ਘੱਗਰ ਦਰਿਆ ਦੇ ਪਾਣੀ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਹਾਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਔਖੀ ਕੁਦਰਤੀ ਆਫ਼ਤ ਦੀ ਘੜੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ, ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਸਮੱਸਿਆ ਨਾਲ ਨਿਪਟਣ ਦੇ ਅਗਾਊਂ ਲੋੜੀਂਦੇ ਪ੍ਰਬੰਧ ਤਿਆਰ ਰੱਖੇ ਜਾਣ।