ਸੰਘਰਸ਼ ਦਾ ਰਾਹ: ਕੱਚੇ ਨਰੇਗਾ ਮੁਲਾਜ਼ਮਾਂ ਵੱਲੋਂ ਰੋਸ ਮਾਰਚ
ਸ਼ਗਨ ਕਟਾਰੀਆ
ਬਠਿੰਡਾ, 12 ਮਾਰਚ
ਨਰੇਗਾ ਸਕੀਮ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਇੱਥੇ ਚਿਲਡਰਨ ਪਾਰਕ ਤੋਂ ਮਿਨੀ ਸਕੱਤਰੇਤ ਤੱਕ ਰੋਸ ਮਾਰਚ ਕੀਤਾ। ਮੁਜ਼ਾਹਰਾਕਾਰੀਆਂ ’ਚੋਂ ਇੱਕ ਨੇ ਸਿਰ ’ਤੇ ਗੱਠੜੀ ਚੁੱਕੀ ਹੋਈ ਸੀ, ਜਿਸ ਨੂੰ ਉਹ ‘ਲਾਰਿਆਂ ਦੀ ਪੰਡ’ ਦਾ ਨਾਂਅ ਦੇ ਰਹੇ ਸਨ। ਮਿਨੀ ਸਕੱਤਰੇਤ ਅੱਪੜ ਕੇ ਨਾਅਰੇਬਾਜ਼ੀ ਦੌਰਾਨ ਗੱਠੜੀ ਸਾੜ ਦਿੱਤੀ ਗਈ। ਨਰੇਗਾ ਕਾਮਿਆਂ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਕਿਹਾ ਕਿ ਨਰੇਗਾ ਮੁਲਾਜ਼ਮ 16 ਸਾਲ ਤੋਂ ਕੱਚੇ ਹਨ ਅਤੇ ਉਨ੍ਹਾਂ ਆਪਣੀ ਜਵਾਨੀ ਡਿਊਟੀ ਲੇਖੇ ਲਾਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਸਭ ਸਰਕਾਰਾਂ ’ਤੇ ਨਰੇਗਾ ਮੁਲਾਜ਼ਮਾਂ ਉੱਪਰ ਦਬਾਅ ਬਣਾ ਕੇ ਸਿਆਸੀ ਹਿਤਾਂ ਲਈ ਵਰਤਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਭ ਸਰਕਾਰਾਂ ਆਪਣੇ ਪੰਜ ਸਾਲਾ ਕਾਰਜਕਾਲ ਦੇ ਆਖਰੀ ਸਾਲ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਬਣਾਏ ਜਾਣ ਦੀ ਗੱਲ ਕਰਦੀਆਂ ਹਨ, ਪਰ ਕਿਸੇ ਵੀ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਆਪਣੇ ਪਹਿਲੇ ਦਿਨ ਤੋਂ ਹੀ ਕੱਚਿਆਂ ਨੂੰ ਪੱਕੇ ਕਰਨ ਦਾ ਰਾਗ ਅਲਾਪ ਰਹੀ ਹੈ ਪਰ ਅਜੇ ਤੱਕ ਕੋਈ ਨੀਤੀ ਨਹੀਂ ਬਣਾ ਸਕੀ, ਹਾਲਾਂਕਿ ਨਰੇਗਾ ਮੁਲਾਜ਼ਮਾਂ ਨੂੰ ਨੀਤੀ ਅਧੀਨ ਲਿਆ ਕੇ ਪੱਕੇ ਕਰਨ ਦੀ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਵੀ ਕਈ ਵਾਰ ਮਿਲ ਕੇ ਮਸਲੇ ਦਾ ਹੱਲ ਕਰਨ ਦੀ ਬੇਨਤੀ ਕੀਤੀ ਜਾ ਚੁੱਕੀ ਹੈ, ਪਰ ਉਨ੍ਹਾਂ ਵੱਲੋਂ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸੇ ਰੋਸ ਵਜੋਂ 5 ਮਾਰਚ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਕਰ ਕੇ ਮੁਲਾਜ਼ਮ ਹੜਤਾਲ ’ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਵੱਲੋਂ ਮਸਲੇ ’ਚ ਦਖ਼ਲ ਦੇ ਕੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 18 ਮਾਰਚ ਨੂੰ ਵਿਕਾਸ ਭਵਨ ਮੁਹਾਲੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ, ਨਵਪ੍ਰੀਤ ਸਿੰਘ, ਬੂਟਾ ਸਿੰਘ ਬੰਗੀ, ਬਸੰਤ ਸਿੰਘ, ਜਸਵੀਰ ਸਿੰਘ, ਸੁਖਬੀਰ ਸਿੰਘ, ਰਣਵੀਰ ਸਿੰਘ, ਸੁਰਜੀਤ, ਗੋਰਾ ਸਿੰਘ ਤੇ ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਮਗਨਰੇਗਾ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਆਗੂਆਂ ਵੱਲੋਂ ਮਾਨਸਾ ਦੇ ਐੱਸਡੀਐੱਮ ਕਾਲਾ ਰਾਮ ਕਾਂਸਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।
ਅੱਜ ਇੱਥੇ ਜ਼ਿਲ੍ਹਾ ਪਰਿਸ਼ਦ ਵਿੱਚ ਲਾਏ ਧਰਨੇ ਨੂੰ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਤੇਸ਼ ਗੁਪਤਾ ਤੇ ਸਟੇਟ ਕਮੇਟੀ ਮੈਂਬਰ ਸੁਭਪ੍ਰੀਤ ਸਿੰਘ ਖਿਆਲਾ ਨੇ ਸੰਬੋਧਨ ਕੀਤਾ। ਇਸ ਮੌਕੇ ਜਸਪਾਲ ਸਿੰਘ ਜੱਸੀ, ਅਮਨਦੀਪ ਰਾਮ, ਕੁਲਦੀਪ ਸਿੰਘ ਬੋੜਾਵਾਲ, ਰਾਜਪਾਲ ਕੌਰ, ਕਾਜਲ ਗਰਗ, ਸੋਮ ਪ੍ਰਕਾਸ਼, ਸੁਖਪਾਲ ਸਿੰਘ, ਬਿੰਦੂ ਰਾਣੀ ਤੇ ਗੁਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਕੱਚੇ ਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਲਈ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ਰੀਦਕੋਟ ਵਿੱਚ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ ਮੇਟਾਂ ਵੱਲੋਂ ਵੀ ਡਟ ਕੇ ਸਾਥ ਦਿੱਤਾ ਗਿਆ। ਧਰਨੇ ਤੋਂ ਬਾਅਦ ਰੋਸ ਮਾਰਚ ਕਰਦਿਆਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਿਰ ’ਤੇ ਚੁੱਕ ਕੇ ਨਾਅਰੇਬਾਜ਼ੀ ਕੀਤੀ ਗਈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਨੇ ਕਿਹਾ ਕਿ ਹਰ ਪਾਰਟੀ ਦੀ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਦੱਬ ਕੇ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਮਸਲੇ ਵਿੱਚ ਦਖਲ ਦੇਣ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੇ ਵਾਅਦੇ ਅਨੁਸਾਰ ਪੱਕਾ ਕੀਤਾ ਜਾਵੇ। ਇਸ ਮੌਕੇ ਸਮੂਹ ਸਟਾਫ਼ ਫ਼ਰੀਦਕੋਟ, ਕੋਟਕਪੂਰਾ, ਜੈਤੋ ਦੇ ਨਾਲ ਵੱਡੀ ਗਿਣਤੀ ਵਿੱਚ ਮਗਨਰੇਗਾ ਵਰਕਰ ਅਤੇ ਮੇਟ ਹਾਜ਼ਰ ਸਨ।