ਪਟਿਆਲਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਦੀ ਤਿਆਰੀ ਆਰੰਭੀ
ਖੇਤਰੀ ਪ੍ਰਤੀਨਿਧ
ਪਟਿਆਲਾ, 1 ਜੁਲਾਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਲਈ ਅੱਜ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਬੇਲਰ ਐਸੋਸੀਏਸ਼ਨ, ਪਰਾਲੀ ਵਰਤਣ ਵਾਲੇ ਉਦਯੋਗਾਂ ਅਤੇ ਕਿਸਾਨਾਂ ਨਾਲ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 2 ਲੱਖ 31 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾਂਦੀ ਹੈ, ਜਿਸ ਤੋਂ ਤਕਰੀਬਨ 14 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ, ਜਿਸ ’ਚੋਂ ਐਕਸ ਸੀਟੂ ਤਕਨੀਕ ਨਾਲ ਤਕਰੀਬਨ 2 ਲੱਖ ਮੀਟਰਿਕ ਟਨ ਪਰਾਲੀ ਦੀ ਵਰਤੋਂ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ। ਇਸ ਨੂੰ ਵਧਾਉਣ ਲਈ ਹੁਣੇ ਤੋਂ ਹੀ ਬੇਲਰ ਐਸੋਸੀਏਸ਼ਨਾਂ ਅਤੇ ਪਰਾਲੀ ਵਰਤਣ ਵਾਲੇ ਉਦਯੋਗਾਂ ਦਾ ਤਾਲਮੇਲ ਕਰਵਾਕੇ ਇਸ ਵਿੱਚ ਵਾਧਾ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਬੇਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਝੋਨੇ ਦੇ ਵਾਢੀ ਸੀਜ਼ਨ ਤੋਂ ਪਹਿਲਾ ਆਪਣੀ ਪਿੰਡਾਂ ਵਿੱਚ ਜਾਣ ਦੀ ਸਮਾਂ ਸਾਰਣੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਸਬੰਧਤ ਵਿਭਾਗ ਕਿਸਾਨਾਂ ਨੂੰ ਐਕਸ ਸੀਟੂ ਤਕਨੀਕ ਸਬੰਧੀ ਜਾਗਰੂਕ ਕਰ ਸਕਣ ਅਤੇ ਇਸ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਜਾ ਸਕੇ।