ਪਟਿਆਲਾ: ਕਿਸਾਨ ਜਥੇਬੰਦੀਆਂ ਵੱਲੋਂ 5 ਨੂੰ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਨ ਦਾ ਐਲਾਨ
ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਮਾਰਚ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਭਾਰਤ) ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਲਈ ਕੇਂਦਰੀ ਭਾਜਪਾ ਸਰਕਾਰ ਵਿਰੁੱਧ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਇੱਥੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀਆਂ ਦੇ ਪ੍ਰਧਾਨ ਕ੍ਰਮਵਾਰ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਡਾ. ਦਰਸ਼ਨਪਾਲ ਨੇ ਦੱਸਿਆ ਕਿ ਬੀਤੇ ਦਿਨ ਇਸ ਸੰਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਹੀ ਇਹ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ 5 ਮਾਰਚ ਦੇ ਇਨ੍ਹਾਂ ਰੋਸ ਮਾਰਚਾਂ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਵੀ ਇਨ੍ਹਾਂ ਰੋਸ ਮਾਰਚਾਂ ਵਿੱਚ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ 3 ਮਾਰਚ ਨੂੰ ਸ਼ਹੀਦ ਸ਼ੁਭਕਰਨ ਸਿੰਘ ਬੱਲ੍ਹੋ ਦੇ ਪਿੰਡ ਦੀ ਦਾਣਾ ਮੰਡੀ ਵਿੱਚ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਰੋਹ ਵਿੱਚ ਵੀ ਕਿਸਾਨਾਂ ਮਜ਼ਦੂਰਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।