ਪਟਿਆਲਾ: ਰਾਜੋਆਣਾ ਨੇ ਜੇਲ੍ਹ ’ਚ ਭੁੱਖ ਹੜਤਾਲ ਸ਼ੁਰੂ ਕੀਤੀ, ਭੈਣ ਨੇ ਮੁਲਾਕਾਤ ਕੀਤੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਦਸੰਬਰ
27 ਸਾਲਾਂ ਤੋਂ ਇਥੋਂ ਦੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਸਵੇਰ ਦੀ ਰੋਟੀ ਨਹੀਂ ਫੜੀ। ਉਹ ਮੰਗ ਕਰ ਰਿਹਾ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿੱਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਦੂਜੇ ਬੰਨੇ ਇੱਕ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਭੁੱਖ ਹੜਤਾਲ ਟਾਲਣ ਲਈ ਰਾਜੋਆਣਾ ਨਾਲ ਮੁਲਾਕਾਤ ਵਾਸਤੇ ਆਏ ਸਨ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਾ ਦਿੱਤੀ। ਇਸੇ ਦੌਰਾਨ ਰਾਜੋਆਣਾ ਨਾਲ ਉਸ ਦੀ ਭੈਣ ਬੀਬੀ ਕਮਲਦੀਪ ਕੌਰ ਇੱਥੇ ਜੇਲ੍ਹ ਵਿੱਚ ਮੁਲਾਕਾਤ ਕੀਤੀ।
ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਬਾਅਦ ਉਨ੍ਹਾਂ ਦੀ ਭੈਣ ਪੱਤਰਕਾਰਾਂ ਨਾਲ ਗੱਲਬਾਤ ਕਰਦੀ ਹੋਈ।-ਫੋਟੋ: ਰਾਜੇਸ਼ ਸੱਚਰ