ਪੰਜਾਬੀਆਂ ਦਾ ਸਬਰ ਪਰਖ ਰਿਹੈ ਕੇਂਦਰ: ਚੀਮਾ
ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਨਵੰਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨਾਲ ਬਦਲਾਖੋਰੀ ਵਾਲਾ ਵਿਹਾਰ ਕਰ ਰਹੀ ਹੈ। ਕਦੇ ਪਾਣੀਆਂ ਦਾ ਮੁੱਦਾ, ਕਦੇ ਝੋਨੇ ਦੀ ਖ਼ਰੀਦ ਤੋਂ ਹੱਥ ਖੜ੍ਹੇ ਕਰਨਾ ਅਤੇ ਹੁਣ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜਗ੍ਹਾ ਦੇਣ ਦਾ ਮਾਮਲਾ ਸਾਜਿਸ਼ ਭਰਿਆ ਹੈ। ਉਹ ਇੱਥੇ ਹੋਲੀ ਮਿਸ਼ਨ ਸਕੂਲ ਅਤੇ ਸੀਬਾ ਸਕੂਲ ਦੇ ਸਾਂਝੇ ਖੇਡ ਮੇਲੇ ਵਿੱਚ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ, ਪੰਜਾਬੀਆਂ ਦਾ ਸਬਰ ਪਰਖ ਰਿਹਾ ਹੈ, ਪਰ ਉਹ ਪੰਜਾਬ ਦੇ ਹੱਕਾਂ ਨੂੰ ਹੋਰ ਖੋਰਾ ਨਹੀਂ ਲੱਗਣ ਦੇਣਗੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕਾਂ ਲਈ ਕਾਫ਼ੀ ਅਹਿਮ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੈ ਅਤੇ ਸੂਬੇ ਨਾਲ ਸਬੰਧਤ ਹੈ। ਇਸ ਲਈ ‘ਆਪ’ ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰਦੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਬਾਰੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾਉਣੀ ਚਾਹੀਦੀ ਹੈ।