ਫਾਜ਼ਿਲਕਾ ਦੇ ਹਸਪਤਾਲ ਵਿੱਚ ਮਰੀਜ਼ ਹੋ ਰਹੇ ਨੇ ਖੁਆਰ
ਪਰਮਜੀਤ ਸਿੰਘ
ਫਾਜ਼ਿਲਕਾ, 14 ਜੂਨ
ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਡਾਕਟਰਾਂ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ, ਇੱਥੋਂ ਤੱਕ ਕਿ ਜਿਨ੍ਹਾਂ ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਹੋਈਆਂ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਛੁੱਟੀ ’ਤੇ ਹਨ, ਬਾਕੀ ਡਾਕਟਰ ਕਿਸੇ ਨਾ ਕਿਸੇ ਤਰ੍ਹਾਂ ਆਪਣਾ ਕੰਮ ਸੰਭਾਲ ਰਹੇ ਹਨ। ਇਸ ਕਾਰਨ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੱਥੇ ਇਲਾਜ ਕਰਵਾਉਣ ਲਈ ਆਏ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਇੱਥੇ ਇਲਾਜ ਲਈ ਆਉਂਦੇ ਹਨ ਤਾਂ ਡਾਕਟਰ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਵਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਡਾਕਟਰ ਛੁੱਟੀ ’ਤੇ ਹਨ, ਕਈ ਵਾਰ ਤਾਂ ਉਨ੍ਹਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹ ਕੇ ਸਬੰਧਤ ਡਾਕਟਰ ਨੂੰ ਮਿਲਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਹੱਦੀ ਖੇਤਰ ਦੇ ਲੋਕਾਂ ਡਾਕਟਰਾਂ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇੱਥੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਾਕਟਰਾਂ ਦੀ ਘਾਟ ਕਾਰਨ ਆ ਰਹੀ ਹੈ ਦਿੱਕਤ: ਸਿਵਲ ਸਰਜਨ
ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਨੇ ਜ਼ਿਲ੍ਹੇ ’ਚ ਡਾਕਟਰਾਂ ਦੀ ਕਮੀਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਕੁੱਲ 70 ਮਾਹਿਰ ਡਾਕਟਰਾਂ ਵਿੱਚੋਂ 34 ਡਾਕਟਰ ਉਪਲਬਧ ਹਨ। ਇਸ ਤੋਂ ਇਲਾਵਾ 57 ’ਚੋਂ 18 ਈਐੱਮਓ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਨਾਲ ਹੀ ਕਰੀਬ 8 ਡਾਕਟਰ ਛੁੱਟੀ ’ਤੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ। ਸਰਕਾਰ ਵੱਲੋਂ ਨਵੀਂ ਭਰਤੀ ਰਾਹੀਂ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦਾ ਭਰੋਸਾ ਦਿਵਾਇਆ ਗਿਆ ਹੈ।