Patna: BPSC ਉਮੀਦਵਾਰਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ
ਪਟਨਾ, 29 ਦਸੰਬਰ
ਇੱਥੇ ਅੱਜ ਗਾਂਧੀ ਮੈਦਾਨ ਵਿੱਚ 70ਵੀਂ ਸਾਂਝੀ ਮੁਕਾਬਲਾ ਪ੍ਰੀਖਿਆ (ਸੀਸੀਈ) ਮੁੜ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬਿਹਾਰ ਲੋਕ ਸੇਵਾ ਕਮਿਸ਼ਨ (ਬੀਪੀਐੱਸਸੀ) ਦੇ ਉਮੀਦਵਾਰਾਂ ’ਤੇ ਪੁਲੀਸ ਵੱਲੋਂ ਜਲ ਤੋਪਾਂ ਦਾ ਇਸਤੇਮਾਲ ਕੀਤੇ ਜਾਣ ਤੋਂ ਇਲਾਵਾ ਲਾਠੀਚਾਰਜ ਵੀ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ 13 ਦਸੰਬਰ ਨੂੰ ਹੋਈ ਪ੍ਰੀਖਿਆ ਵਿੱਚ ਕਥਿਤ ਬੇਨੇਮੀਆਂ ਨੂੰ ਲੈ ਕੇ ਅੱਜ ਇੱਥੋਂ ਦੇ ਗਾਂਧੀ ਮੈਦਾਨ ਵਿੱਚ ਹਜ਼ਾਰਾਂ ਵਿਦਿਆਰਥੀ ਇਕੱਠੇ ਹੋਏ। ਉਨ੍ਹਾਂ ਇੱਥੇ ਪ੍ਰਦਰਸ਼ਨ ਕਰਨ ਤੋਂ ਬਾਅਦ ਜੇਪੀ ਗੋਲਾਂਬਰ ਵੱਲ ਮਾਰਚ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੂੰ ਰੋਕਣ ਲਈ ਪੁਲੀਸ ਨੇ ਜਲ ਤੋਪਾਂ ਦਾ ਇਸਤੇਮਾਲ ਕਰਨ ਤੋਂ ਇਲਾਵਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਹਾਲਾਤ ਤੋਂ ਨਜਿੱਠਣ ਲਈ ਭਾਰੀ ਪੁਲੀਸ ਬਲ ਤਾਇਨਾਤ ਸੀ। ਜਨ ਸੂਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਵੀ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਤੇ ਉਮੀਦਵਾਰਾਂ ਨੂੰ ਆਪਣਾ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਗਾਂਧੀ ਮੈਦਾਨ ਵਿੱਚ ਹੋਣ ਵਾਲੀ ‘ਛਾਤਰ ਸੰਸਦ’ (ਵਿਦਿਆਰਥੀ ਸੰਸਦ) ਲਈ ਵੀ ਕਿਸ਼ੋਰ ਨੂੰ ਸੱਦਿਆ ਗਿਆ ਸੀ, ਤਾਂ ਜੋ ਉਨ੍ਹਾਂ ਨਾਲ ਵਿਦਿਆਰਥੀਆਂ ਦੀਆਂ ਮੰਗਾਂ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ ਜਾ ਸਕੀ। ਹਾਲਾਂਕਿ, ਪ੍ਰਸ਼ਾਸਨ ਨੇ ਇਸ ਪ੍ਰੋਗਰਾਮ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
10ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੇ ਇਨ੍ਹਾਂ ਪ੍ਰਦਰਸ਼ਨਾਂ ਦੀ ਸ਼ੁਰੂਆਤ ਵਿੱਚ ਬਾਪੂ ਪ੍ਰੀਖਿਆ ਕੇਂਦਰ ਵਿੱਚ ਇਕ ਪੇਪਰ ਲੀਕ ਹੋਣ ਦੇ ਦੋਸ਼ ਲੱਗੇ ਸਨ। ਹਾਲਾਂਕਿ, ਬੀਪੀਐੱਸਸੀ ਨੇ ਉਸ ਪ੍ਰੀਖਿਆ ਕੇਂਦਰ ’ਚ ਮੁੜ ਤੋਂ ਪ੍ਰੀਖਿਆ ਕਰਵਾ ਦਿੱਤੀ ਸੀ। ਕਮਿਸ਼ਨ ਦਾ ਕਹਿਣਾ ਸੀ ਕਿ ਜਿਸ ਕੇਂਦਰ ’ਤੇ ਬੇਨੇਮੀਆਂ ਸਾਹਮਣੇ ਆਈਆਂ ਸਨ ਉੱਥੇ ਮੁੜ ਤੋਂ ਪ੍ਰੀਖਿਆ ਕਰਵਾ ਦਿੱਤੀ ਗਈ ਹੈ, ਪਰ ਸਮੁੱਚੀ ਪ੍ਰੀਖਿਆ ਰੱਦ ਕਰਨੀ ਸੰਭਵ ਨਹੀਂ ਹੈ। ਸ਼ੁੱਕਰਵਾਰ ਨੂੰ ਬੀਪੀਐੱਸਸੀ ਪ੍ਰੀਖਿਆ ਦੇ ਕੰਟਰੋਲਰ ਰਾਜੇਸ਼ ਕੁਮਾਰ ਸਿੰਘ ਨੇ ਮੁੜ ਤੋਂ ਕਮਿਸ਼ਨ ਦੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ ਕਿ ਕਿਸੇ ਵੀ ਹਾਲਾਤ ਵਿੱਚ ਸੀਸੀਈ ਪ੍ਰੀਖਿਆ ਰੱਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਮੇਨਜ਼ ਪ੍ਰੀਖਿਆ ਅਪਰੈਲ ਵਿੱਚ ਹੀ ਹੋਵੇਗੀ । ਉਨ੍ਹਾਂ ਉਮੀਦਵਾਰਾਂ ਨੂੰ ਆਪਣੀ ਮੇਨਜ਼ ਪ੍ਰੀਖਿਆ ਦੀ ਤਿਆਰੀ ’ਤੇ ਧਿਆਨ ਦੇਣ ਦੀ ਅਪੀਲ ਕੀਤੀ ਸੀ।
ਬੀਪੀਐੱਸਸੀ ਪ੍ਰੀਖਿਆ ਦੇ ਕੰਟਰੋਲਰ ਦੀ ਇਸ ਅਪੀਲ ਦੇ ਬਾਵਜੂਦ ਮੁੜ ਤੋਂ ਪ੍ਰੀਖਿਆ ਕਰਵਾਉਣ ਦੀ ਮੰਗ ਨੂੰ ਲੈ ਕੇ ਉਮੀਦਵਾਰਾਂ ਦਾ ਸੰਘਰਸ਼ ਜਾਰੀ ਹੈ ਤੇ ਅੱਜ ਵੀ ਉਹ ਪ੍ਰੀਖਿਆ ਦੁਬਾਰਾ ਕਰਵਾਉਣ ਦੀ ਮੰਗ ਕਰ ਰਹੇ ਸਨ। -ਆਈਏਐੱਨਐੱਸ