ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਜੱਸੀਆਂ ਵਿੱਚ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ. ਲੁਧਿਆਣਾ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।