ਵਿਜੀਲੈਂਸ ਵੱਲੋਂ ਮੂਨਕ ਦਾ ਪਟਵਾਰੀ ਰਿਸ਼ਵਤ ਲੈਂਦਾ ਕਾਬੂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਉਪ ਮੰਡਲ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ ਦਸ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ ਪੰਜ ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।