ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਵਿਜੀਲੈਂਸ ਬਿਓਰੋ ਨੇ ਇੱਕ ਪਟਵਾਰੀ ਨੂੰ ਜ਼ਮੀਨ ਦਾ ਤਬਾਦਲਾ ਕਰਵਾਉਣ ਦੇ ਇਵਜ਼ ’ਚ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਿੰਡ ਕਡਿਆਣਾ ਦੇ ਬਲਦੇਵ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੀ ਜ਼ਮੀਨ ਦਾ ਗੁਆਂਢੀ ਨਾਲ ਤਬਾਦਲਾ ਕਰਵਾਉਣ ਤੇ ਇਸ ਦਾ ਇੰਤਕਾਲ ਕਰਵਾਉਣ ਬਦਲੇ ਹਲਕਾ ਸ਼ਾਮਚੁਰਾਸੀ ਵਿੱਚ ਤਾਇਨਾਤ ਪਟਵਾਰੀ ਨਰਜੀਤ ਸਿੰਘ ਕੋਲ ਪਹੁੰਚ ਕੀਤੀ ਸੀ ਜਿਸ ਨੇ ਇਸ ਕੰਮ ਬਦਲੇ 30 ਹਜ਼ਾਰ ਰੁਪਏ ਦੀ ਮੰਗ ਕੀਤੀ ਪਰ 25 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਉਰੋ ਜਲੰਧਰ ਰੇਂਜ ਵੱਲੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਪਟਵਾਰੀ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ਤੋਂ ਨਕਦੀ ਵੀ ਬਰਾਮਦ ਕਰ ਲਈ ਗਈ। ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਭਲਕੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ।