ਪੀਏਯੂ ਧਰਨਾ: ਵਿਦਿਆਰਥੀਆਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਮਾਰਗ ’ਤੇ ਰੋਸ ਮਾਰਚ
ਸਤਵਿੰਦਰ ਬਸਰਾ
ਲੁਧਿਆਣਾ, 6 ਨਵੰਬਰ
ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਨੰਬਰ ਇੱਕ ’ਤੇ ਧਰਨਾ ਲਾ ਕੇ ਬੈਠੇ ਵਿਦਿਆਰਥੀਆਂ ਦੀ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਹਮਾਇਤ ਕੀਤੇ ਜਾਣ ਨਾਲ ਇਸ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਧਰਨੇ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਪਹਿਲਾਂ ਧਰਨਾ ਲਾਇਆ ਤੇ ਬਾਅਦ ਵਿੱਚ ਲੁਧਿਆਣਾ-ਫਿਰੋਜ਼ਪੁਰ ਮਾਰਗ ਤੱਕ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇੰਨੇ ਦਿਨ ਬੀਤਣ ਦੇ ਬਾਵਜੂਦ ਕੋਈ ਸਰਕਾਰੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ।
ਪੰਜਾਬ ਸਟੂਡੈਂਟ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਆਗੂਆਂ ਹੁਸ਼ਿਆਰ ਸਿੰਘ ਤੇ ਗੁਰਵਿੰਦਰ ਬਠਿੰਡਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਮੰਗ ਕਰ ਰਹੇ ਹਨ ਕਿ ਪੰਜਾਬ ਦੇ ਸਕੂਲਾਂ ਵਿੱਚ ਛੇਵੀਂ ਤੋਂ ਦਸਵੀਂ ਤੱਕ ਖੇਤੀਬਾੜੀ ਦਾ ਵਿਸ਼ਾ ਲਾਜ਼ਮੀ ਕੀਤਾ ਜਾਵੇ ਅਤੇ ਖੇਤੀਬਾੜੀ ਦੇ ਅਧਿਆਪਕਾਂ ਦੀ ਸਕੂਲਾਂ ਵਿੱਚ ਭਰਤੀ ਕੀਤੀ ਜਾਵੇ ਜਦਕਿ ਸਰਕਾਰ ਨੇ ਇਹ ਵਿਸ਼ਾ ਕਈ ਸਾਲਾਂ ਤੋਂ ਖਤਮ ਕੀਤਾ ਹੋਇਆ ਹੈ। ਇਸ ਤੋਂ ਬਿਨਾਂ ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਖੇਤਾਂ ਦੇ ਮਾਸਟਰ ਰੱਖਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਵਿਦਿਆਰਥੀਆਂ ਨੇ ਡੀਸੀ, ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਹਨ, ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਲੋੜ ਅਨੁਸਾਰ ਖੇਤੀਬਾੜੀ ਅਤੇ ਬਾਗਬਾਨੀ ਮਹਿਕਮੇ ’ਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਥਾਂ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੇਤੀ ਨੀਤੀ ਬਣਾਉਣ ਵਾਲੀ 11 ਮੈਂਬਰੀ ਕਮੇਟੀ ਦੇ ਸੁਝਾਵਾਂ ’ਤੇ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਖੇਤੀ ਨੀਤੀ ਬਣਾਉਣ ਵਾਲੇ ਮਾਹਰਾਂ ਵੱਲੋਂ ਵੀ ਪੰਜਾਬ ਦੀਆਂ ਯੂਨੀਵਰਸਿਟੀਆਂ ’ਚ ਖੇਤੀ ਨਾਲ ਸਬੰਧਤ ਖਾਲੀ ਪਈਆਂ ਅਸਾਮੀਆਂ ਦਾ ਮਾਮਲਾ ਚੁੱਕਿਆ ਗਿਆ ਹੈ। ਉਨ੍ਹਾਂ ਨੇ ਆਪਣੀ ਯੂਨੀਅਨ ਵੱਲੋਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਫੌਰੀ ਪੂਰੀਆਂ ਕੀਤੀਆਂ ਜਾਣ।