ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ
ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਕਤੂਬਰ
ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਗਜ਼ੈਕਟਿਵ ਕਮੇਟੀ ਮੀਟਿੰਗ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਕਨਫੈੱਡਰੇਸ਼ਨ ਦਫ਼ਤਰ ਵਿੱਚ ਹੋਈ। ਇਸ ਦੌਰਾਨ ਸੇਵਾ ਮੁਕਤ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ। ਐਸੋਸੀਏਸ਼ਨ ਦੇ ਸੀਨੀਅਰ ਉੱਪ ਪ੍ਰਧਾਨ ਜਸਵੰਤ ਜ਼ੀਰਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਵਿੱਚ ਰਹਿੰਦੀਆਂ ਤਰੁੱਟੀਆਂ ਅਤੇ ਡੀਏ ਦੀਆਂ ਕਿਸ਼ਤਾਂ ਸਮੇਤ ਲੰਮੇ ਸਮੇਂ ਤੋਂ ਰਹਿੰਦੇ ਬਕਾਏ ਨਾ ਦੇਣ ਕਾਰਣ ਉਨ੍ਹਾਂ ਨੂੰ ਗੁੱਸਾ ਹੈ। ਸੂਬੇ ਦੇ ਮੁੱਖ ਮੰਤਰੀ ਵਾਰ-ਵਾਰ ਜਥੇਬੰਦੀਆਂ ਨੂੰ ਮਿਲਣ ਦੀਆਂ ਤਰੀਕਾਂ ਦੇਣ ਦੇ ਬਾਵਜੂਦ ਮੌਕੇ ’ਤੇ ਰੱਦ ਕਰਕੇ ਜ਼ਲੀਲ ਕਰਦੇ ਆ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਅਤੇ ਸੇਵਾ ਮੁਕਤ ਮੁਲਾਜ਼ਮਾਂ ਵਿੱਚ ਬੇਹੱਦ ਬੇਚੈਨੀ ਵਾਲਾ ਮਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਪੈਨਸ਼ਨਰਜ਼ ਇਸ ਉਡੀਕ ਵਿੱਚ ਦੁਨੀਆਂ ਤੋਂ ਰੁਖਸਤ ਹੋ ਗਏ ਹਨ। ਮੀਟਿੰਗ ’ਚ ਫੈਸਲਾ ਕੀਤਾ ਕਿ ਤਿੰਨ ਨਵੰਬਰ ਚੱਬੇਵਾਲ ਵਿੱਚ ਹੋਣ ਵਾਲੇ ਰੋਸ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਮਗਰੋਂ ਪੰਜਾਬ ਸਰਕਾਰ ਖ਼ਿਲਾਫ਼ ਨਾਹਰੇਬਾਜ਼ੀ ਕੀਤੀ ਗਈ।