ਪੀਏਯੂ: ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਵਿਦਿਆਰਥੀ ਹੜਤਾਲ ਦਾ ਸਮਰਥਨ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਨਵੰਬਰ
ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਵੱਲੋਂ ਮੰਗਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਅੱਜ ਹੜਤਾਲੀ ਵਿਦਿਆਰਥੀਆਂ ਨੇ ਫਿਰੋਜ਼ਪੁਰ ਰੋਡ ’ਤੇ ਰੋਸ ਪ੍ਰਦਰਸ਼ਨ ਕਰ ਕੇ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਥ ਕਾਂਗਰਸ ਲੁਧਿਆਣਾ ਦੇ ਪ੍ਰਧਾਨ ਤੇ ਸਮਾਜ ਸੇਵੀ ਅਮਨਦੀਪ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਉਨ੍ਹਾਂ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਬੈਂਸ ਨੇ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਹਰ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੜਤਾਲੀ ਵਿਦਿਆਰਥੀਆਂ ਦੀਆਂ ਮੰਗਾਂ ਫੌਰੀ ਤੌਰ ’ਤੇ ਮੰਨ ਕੇ ਲਾਗੂ ਕਰੇ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਅੱਜ ਚਾਰ ਦਿਨ ਬੀਤਣ ਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀ ਲਈ ਗਈ। ਉਨ੍ਹਾਂ ਕਿਹਾ ਕਿ ਆਪਣੇ ਹੱਕ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਸੜਕਾਂ ’ਤੇ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਵਿਦਿਆਰਥੀਆਂ ਦੇ ਹੌਸਲੇ ਬੁਲੰਦ ਹਨ ਅਤੇ ਤੱਕ ਸੰਘਰਸ਼ ਜਾਰੀ ਰੱਖਣਗੇ।