ਮੁਹਾਲੀ ਨੂੰ ਕੌਮਾਂਤਰੀ ਪੱਧਰ ’ਤੇ ਸੈਰ-ਸਪਾਟੇ ਵਜੋਂ ਵਿਕਸਤ ਕਰਨ ਦਾ ਰਾਹ ਪੱਧਰਾ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਸਤੰਬਰ
ਮੁਹਾਲੀ ਵਿੱਚ ਅੱਜ ਸ਼ੁਰੂ ਹੋਏ ਆਪਣੀ ਕਿਸਮ ਦੇ ਪਲੇਠੇ ਤਿੰਨ ਰੋਜ਼ਾ ‘ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ’ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਜਿਸ ਨਾਲ ਜਿੱਥੇ ਵਿਰਾਸਤੀ ਸਥਾਨਾਂ ਦੀ ਹੋਂਦ ਬਚਾਉਣ ਦਾ ਰਾਹ ਪੱਧਰਾ ਹੋਇਆ, ਉੱਥੇ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਵੀ ਪੈਦਾ ਹੋਣ ਦੀਆਂ ਸੰਭਾਵਨਾਵਾਂ ਬਣੀਆਂ।
ਇਸ ਸੰਮੇਲਨ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਕੀਤੀ ਗਈ ਚਰਚਾ ’ਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਠਾਨਕੋਟ ਤੋਂ ਲੈ ਕੇ ਸ਼ਿਵਾਲਿਕ ਦੀਆਂ ਪਹਾੜੀਆਂ ਅਤੇ ਨਿਊ ਚੰਡੀਗੜ੍ਹ ਵਿੱਚ ਸੈਰ ਸਪਾਟੇ ਨੂੰ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ। ਇਸ ਲਿਹਾਜ਼ ਨਾਲ ਮੁਹਾਲੀ ਦੀ ਜੂਹ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਚੱਪੜਚਿੜੀ ਜੰਗੀ ਯਾਦਗਾਰ, ਵੇਰਕਾ ਮਿਲਕ ਪਲਾਂਟ, ਸਿਸਵਾਂ ਡੈਮ ਅਤੇ ਖਰੜ ਵਿੱਚ ਭਗਵਾਨ ਸ੍ਰੀ ਰਾਮ ਚੰਦਰ ਦੇ ਦਾਦਾ ਜੀ ਮਹਾਰਾਜਾ ਅੱਜ ਸਰੋਵਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ’ਤੇ ਜ਼ੋਰ ਦਿੱਤਾ। ਨਾਲ ਹੀ ਗੁਆਂਢੀ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਰੋਜ਼ਾ ਸ਼ਰੀਫ਼ ਦੀ ਸਾਂਭ-ਸੰਭਾਲ ਲਈ ਸਰਕਾਰ ਦੀ ਰੱਜਵੀਂ ਸ਼ਲਾਘਾ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਮਰਹੂਮ ਬੀਰਦਵਿੰਦਰ ਸਿੰਘ ਸ਼ੁਰੂ ਤੋਂ ਹੀ ਰੋਜ਼ਾ ਸ਼ਰੀਫ਼ ਦੀ ਸੰਭਾਲ ਦਾ ਹੋਕਾ ਦਿੰਦੇ ਰਹੇ ਹਨ।
ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਦੇ ਮੈਦਾਨਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਨਾਲ ਯੁੱਧ ਕਰਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਦਾ ਬਦਲਾ ਲਿਆ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ ਸ਼ਹੀਦਾਂ ਦੇ ਖੂਨ ਨਾਲ ਰੰਗੀ ਇਸ ਪਵਿੱਤਰ ਧਰਤੀ ’ਤੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਦੀ ਸ਼ੁਰੂ ਕੀਤੀ ਮੁਹਿੰਮ ਤੋਂ ਬਾਅਦ ਅਕਾਲੀ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਖ਼ੁਦ ਚੱਪੜਚਿੜੀ ਦਾ ਦੌਰਾ ਕੀਤਾ ਅਤੇ ਇੱਥੇ ਦੇਸ਼ ਦੀ 328 ਫੁੱਟ ਉੱਚੀ ਫਤਿਹ ਮੀਨਾਰ ਬਣਾਈ ਗਈ ਪ੍ਰੰਤੂ ਬਾਅਦ ਵਿੱਚ ਸਰਕਾਰਾਂ ਨੇ ਇਸ ਦੀ ਸਾਂਭ-ਸੰਭਾਲ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ। ਇੰਜ ਹੀ ਸਿਸਵਾਂ ਡੈਮ ਵੀ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੈ। ਲੇਕਿਨ ਹੁਣ ਇਨ੍ਹਾਂ ਥਾਵਾਂ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੈਰ ਸਪਾਟਾ ਸੰਮੇਲਨ ਲਈ ਮੁਹਾਲੀ ਨੂੰ ਮੇਜ਼ਬਾਨੀ ਕਰਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਮੁਹਾਲੀ ਸਮੇਤ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਮੁਹਾਲੀ ਵੀ ਕੌਮਾਂਤਰੀ ਪੱਧਰ ’ਤੇ ਸੈਰ-ਸਪਾਟੇ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੇ ਵੱਡੀ ਗਿਣਤੀ ਵਿੱਚ ਮੁਹਾਲੀ ਪਹੁੰਚ ਕੇ ਮੁੱਖ ਮੰਤਰੀ ਦੀਆਂ ਦੂਰਅੰਦੇਸ਼ੀ ਅਤੇ ਵਿਕਾਸ ਪੱਖੀ ਨੀਤੀਆਂ ’ਤੇ ਮੋਹਰ ਲਗਾਈ ਹੈ।
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਕਵੀਆਂ ਦਾ ਆਸ਼ੀਰਵਾਦ ਹਾਸਲ ਹੈ। ਆਜ਼ਾਦੀ ਸੰਗਰਾਮ, ਹਰੀ ਕ੍ਰਾਂਤੀ ਵਰਗੇ ਵੱਡੇ ਅੰਦੋਲਨਾਂ ਦੀ ਅਗਵਾਈ ਪੰਜਾਬ ਨੇ ਕੀਤੀ ਹੈ। ਵੈਸੇ ਵੀ ਸੂਬੇ ਨੂੰ ਭੂਗੋਲਿਕ ਸੁੰਦਰਤਾ ਦੀ ਬਖ਼ਸ਼ਿਸ਼ ਪ੍ਰਾਪਤ ਹੈ ਜੋ ਇਹ ਪਾਵਨ ਧਰਤੀ ਆਉਣ ਵਾਲੇ ਹਰੇਕ ਵਿਅਕਤੀ ਨੂੰ ਮੋਹ ਲੈਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮੇਜ਼ਬਾਨੀ ਰੋਂਦੇ ਚਿਹਰਿਆਂ ਨੂੰ ਵੀ ਹਸਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਦੀਆਂ ਪਹਾੜੀਆਂ, ਰਣਜੀਤ ਸਾਗਰ ਡੈਮ ਅਤੇ ਨਿਊ ਚੰਡੀਗੜ੍ਹ ਨੇੜਲੇ ਪਹਾੜਾਂ ਅਤੇ ਜੰਗਲੀ ਏਰੀਆ ਦੀ ਘਾਟ ਨਹੀਂ ਹੈ ਪ੍ਰੰਤੂ ਪਹਿਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਲੇਕਿਨ ਹੁਣ ਇਨ੍ਹਾਂ ਸਾਰੀਆਂ ਥਾਵਾਂ ਦੀ ਨਾ ਸਿਰਫ਼ ਸਾਂਭ-ਸੰਭਾਲ ਹੀ ਕੀਤੀ ਜਾਵੇਗੀ, ਸਗੋਂ ਇੱਥੇ ਰੁਜ਼ਗਾਰ ਦੇ ਸਾਧਨ ਵੀ ਪੈਦਾ ਕੀਤੇ ਜਾਣਗੇ। ਇਸ ਨਾਲ ਇਲਾਕੇ ਦੇ ਵਿਕਾਸ ਨੂੰ ਚਾਰ ਚੰਨ ਲੱਗਣਗੇ ਅਤੇ ਬੇਰੁਜ਼ਗਾਰੀ ਨੂੰ ਵੀ ਠੱਲ੍ਹ ਪਵੇਗੀ।