ਪੇਅ-ਪੈਰਿਟੀ: ਸਰਕਾਰ ਦੇ ਲਾਰਿਆਂ ਕਾਰਨ ਵੈਟਰਨਰੀ ਡਾਕਟਰਾਂ ’ਚ ਰੋੋੋਸ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਜਨਵਰੀ
ਪਸ਼ੂ ਪਾਲਣ ਵਿਭਾਗ ਪੰਜਾਬ ਦੇ ਵੈਟਰਨਰੀ ਡਾਕਟਰ ਪੇਅ-ਪੈਰਿਟੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਮੁੜ ਤੋਂ ਸੰਘਰਸ਼ ਵਿੱਢਣ ਦੇ ਰੌਂਅ ਵਿੱਚ ਹਨ। ਤਨਖ਼ਾਹ ਦੀ ਬਰਾਬਰੀ ਲਈ ਵੈਟਰਨਰੀ ਡਾਕਟਰਾਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਲੜੀਵਾਰ ਸੰਘਰਸ਼ ਸ਼ੁਰੂ ਕਰੇਗੀ। ਇਸ ਸਬੰਧੀ ਜਥੇਬੰਦੀ ਦੀ 11 ਜਨਵਰੀ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇੱਥੇ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਉਪ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਵੈਟਰਨਰੀ ਅਫ਼ਸਰਾਂ ਦੀ ਤਨਖਾਹ ਮੈਡੀਕਲ ਅਫ਼ਸਰਾਂ ਦੇ ਬਰਾਬਰ ਕਰ ਦਿੱਤੀ ਜਾਵੇਗੀ। ਪਹਿਲਾਂ ਇਹ ਤਨਖਾਹ ਬਰਾਬਰ ਸੀ ਜੋ ਪਿਛਲੀ ਕਾਂਗਰਸ ਸਰਕਾਰ ਵੱਲੋਂ ਤੋੜ ਦਿੱਤੀ ਗਈ ਸੀ ਜਿਸ ਨੂੰ ਅਜੇ ਤੱਕ ਬਹਾਲ ਨਹੀਂ ਕੀਤਾ ਗਿਆ।
ਉਨ੍ਹਾਂ ਸਰਕਾਰ ਦੀ ਢਿੱਲ-ਮੱਠ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਵੈਟਰਨਰੀ ਡਾਕਟਰਾਂ ਦਾ ਸਮੁੱਚਾ ਕਾਡਰ ਸਰਕਾਰੀ ਵਤੀਰੇ ਤੋਂ ਔਖਾ ਹੈ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਨਾਲ ਚਾਰ ਦਹਾਕਿਆਂ ਪੁਰਾਣੀ ਸਮਾਨਤਾ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਦਿੱਤੀ ਗਈ ਸੀ, ਉਸ ਨੂੰ ਤੁਰੰਤ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਪੰਜਾਬ ਦੇ ਵੈਟਰਨਰੀ ਅਫ਼ਸਰਾਂ ਦੀ ਵਾਜਬ ਮੰਗ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੜ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ।