ਕਿਸਾਨ ਔਰਤਾਂ ਨੇ ਵੀ ਚੁੱਕੇ ਆਰਡੀਨੈਂਸਾਂ ਖ਼ਿਲਾਫ਼ ਝੰਡੇ
ਪਵਨ ਗੋਇਲ
ਭੁੱਚੋ ਮੰਡੀ, 21 ਅਗਸਤ
ਪਿੰਡ ਚੱਕ ਰਾਮ ਸਿੰਘ ਵਾਲਾ ਵਿੱਚ ਕਿਸਾਨ ਔਰਤਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕੇਂਦਰ ਦੀ ਭਾਜਪਾ ਹਕੂਮਤ ਖ਼ਿਲਾਫ਼ ਰੋਸ ਵਿਖਾਵਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਰੋਹ ਭਰਪੂਰ ਔਰਤਾਂ ਦੇ ਹੱਥਾਂ ਵਿੱਚ ਜੱਥੇਬੰਦੀ ਦੇ ਝੰਡੇ ਚੁੱਕੇ ਹੋਏ ਸਨ ਤੇ 25 ਤੋਂ 29 ਅਗਸਤ ਤੱਕ ਅਕਾਲੀ-ਭਾਜਪਾ ਨੁਮਾਇੰਦਿਆਂ ਦੇ ਕੀਤੇ ਜਾਣ ਵਾਲੇ ਘਿਰਾਓ ਮੌਕੇ ਮਰਦ ਕਿਸਾਨਾਂ ਦੇ ਬਰਾਬਰ ਸੰਘਰਸ਼ ਲੜਨ ਦਾ ਅਹਿਦ ਲਿਆ।
ਔਰਤਾਂ ਦਾ ਕਹਿਣਾ ਸੀ ਕਿ ਉਹ ਕਿਸਾਨੀ ਨੂੰ ਬਚਾਉਣ ਲਈ ਸਰਕਾਰਾਂ ਦੀਆਂ ਕਿਸਾਨ ਤੇ ਮਜ਼ਦੂਰ ਮਾਰੂ ਨੀਤੀਆਂ ਦਾ ਮਰਦੇ ਦਮ ਤੱਕ ਵਿਰੋਧ ਕਰਨੀਆਂ। ਉਨ੍ਹਾਂ ਕਿਹਾ ਕਿ ਹੁਣ ਘਰਾਂ ਦੀ ਚਾਰ ਦਿਵਾਰੀ ਵਿੱਚ ਬੈਠ ਕੇ ਢੰਗ ਨਹੀਂ ਟੱਪਣਾ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਘਰਾਂ ਦੇ ਕੰਮ ਧੰਦਿਆਂ ਦੇ ਨਾਲ ਨਾਲ ਜਮਹੂਰੀ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦੇ ਮੈਦਾਨ ਵਿੱਚ ਡਟ ਜਾਣ। ਇਸ ਮੌਕੇ ਬਲਾਕ ਆਗੂ ਸਿਮਰਜੀਤ ਸਿੰਘ ਅਤੇ ਅਵਤਾਰ ਸਿੰਘ ਨੇ ਲੋਕਾਂ ਨੂੰ 25 ਤੋਂ 29 ਅਗਸਤ ਦੇ ਸੰਘਰਸ਼ ਵਿੱਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ) ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਕੁਮਾਰ ਬੱਬੂ ਬਾਂਸਲ ਦੀ ਅਗਵਾਈ ’ਚ ਸਮੂਹ ਆੜ੍ਹਤੀ ਭਾਈਚਾਰੇ ਨੇ ਦੁਕਾਨਾਂ ਬੰਦ ਕਰਕੇ ਕਾਲੇ ਬਿੱਲੇ ਲਾ ਕੇ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਧਾਨ ਬੱਬੂ ਬਾਂਸਲ ਨੇ ਕਿਹਾ ਕਿ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਸਮੇਤ ਜ਼ਮੀਨਾਂ ਅਕਵਾਇਰ ਕਾਨੂੰਨ ਕਿਸਾਨ ਵਿਰੋਧੀ ਸੋਧਾਂ ਦੀ ਤਜਵੀਜ਼ ਦਾ ਖਰੜਾ ਜਲਦੀ ਵਾਪਸ ਲਿਆ ਜਾਵੇ, ਡੀਜ਼ਲ ਪੈਟਰੋਲ ਕਾਰੋਬਾਰ ਦਾ ਸਰਕਾਰੀ ਕਰਨ ਕਰਕੇ ਭਾਰੀ ਟੈਕਸ ਵਾਪਸ ਲਏ ਜਾਣ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖਤਮ ਕੀਤੇ ਜਾਣ, ਸਾਰੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ, ਸਰਕਾਰੀ ਖਰੀਦ ਜਾਰੀ ਰੱਖੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਸਮੇਂ ’ਚ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਲੰਮੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜ਼ਬੂਰ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਸਰਕਾਰ ਦੇ ਨਾਂ ਇੱਕ ਮੈਮੋਰੰਡਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਸੌਂਪਣਗੇ।
ਬੋਹਾ (ਪੱਤਰ ਪ੍ਰੇਰਕ) ਪੰਜਾਬ ਕਿਸਾਨ ਯੂਨੀਅਨ ਵੱਲੋ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਦੇ ਮੌਜੂਦਾ ਮੰਡੀਕਰਨ ਪ੍ਰਬੰਧ ਦੀ ਥਾਂ ਕਾਰਪੋਰੇਟ ਸੈਕਟਰ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਆਰਡੀਨੈਂਸ, ਕਾਲੇ ਕਾਨੂੰਨਾਂ ਤੇ ਮਾਈਕਰੋ ਫਾਈਨਾਂਸ ਕੰਪਨੀਆ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਵਿਰੋਧ ਕਰਨ ਲਈ ਬੋਹਾ ਖੇਤਰ ਦੇ ਪਿੰਡ ਹਾਕਮਵਾਲਾ ਬਰ੍ਹੇ ਤੇ ਰਾਮ ਨਗਰ ਭੱਠਲ ’ਚ ਕਿਸਾਨ ਰੈਲੀਆ ਕੀਤੀਆਂ ਗਈਆਂ। ਇਨ੍ਹਾਂ ਰੈਲੀਆ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਲੋਕ ਗਾਇਕ ਸੁਖਬੀਰ ਸਿੰਘ ਖਾਰਾ ਤੇ ਦਰਸ਼ਨ ਸਿੰਘ ਮਘਾਣੀਆਂ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਜਿਨਸਾਂ ਦੀ ਖਰੀਦ ਕਰਨ ਵਾਲੇ ਮੰਡੀਕਰਨ ਨੂੰ ਖਤਮ ਕਰਨਾ ਚਾਹੁੰਦੀ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਖੁਦਕੁਸ਼ੀਆ ਖਰਨ ਲਈ ਮਜ਼ਬੂਰ ਹੋ ਰਹੀ ਕਿਸਾਨੀ ਦਾ ਆਰਥਿਕ ਸੰਕਟ ਹੋਰ ਡੂੰਘਾ ਹੋ ਜਾਵੇਗਾ।
ਡੱਬਵਾਲੀ (ਇਕਬਾਲ ਸਿੰਘ ਸ਼ਾਂਤ) ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅੱਜ ਆੜ੍ਹਤ ਜਥੇਬਦੀਆਂ ਦੇ ਸੱਦੇ ’ਤੇ ਇੱਥੇ ਆੜ੍ਹਤੀ, ਮੁਨੀਮਾਂ, ਮਜ਼ਦੂਰਾਂ ਤੇ ਕਿਸਾਨਾਂ ਨੇ ਹੜਤਾਲ ਰੱਖ ਕੇ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ। ਚਾਰਾਂ ਸੰਗਠਨਾਂ ਦੇ ਆਗੂਆਂ ਨੇ ਸਰਕਾਰ ਵੱਲੋਂ ਚੋਰ ਮੋਰੀ ਨਾਲ ਲਾਗੂ ਕੀਤੇ ਤਿੰਨੇ ਆਰਡੀਨੈਂਸਾਂ ਵਿਰੁੱਧ ਰੋਸ ਜਤਾਇਆ। ਬਾਅਦ ਵਿੱਚ ਐੱਸਡੀਐੱਮ ਜਰੀਏ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਸੀਪੀਆਈ (ਐੱਮ) ਨੇ ਫੂਕਿਆਂ ਕੇਂਦਰ ਸਰਕਾਰ ਦਾ ਪੁਤਲਾ
ਮਾਨਸਾ (ਜੋਗਿੰਦਰ ਸਿੰਘ ਮਾਨ) ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੀਪੀਆਈ (ਐੱਮ) 20 ਤੋਂ 26 ਅਗਸਤ ਤੱਕ ਰੋਸ ਹਫ਼ਤਾ ਮਨਾਉਣ ਤਹਿਤ ਅੱਜ ਪਿੰਡ ਦੂਲੋਵਾਲ ਵਿੱਚ ਪੈਂਦੇ ਮੀਂਹ ਵਿੱਚ ਵਰਕਰਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਕਰੋਨਾ ਸੰਕਟ ਵਿੱਚ ਫਸੇ ਲੋਕਾਂ ਦੇ ਨਾਲ ਖੜ੍ਹਨ ਦੀ ਥਾਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਕਰਨ ਵਿੱਚ ਮਸਤ ਹਨ ਤੇ ਧੜਾਧੜ ਲੋਕ ਵਿਰੋਧੀ ਫੈਸਲੇ ਲੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਕਾਰਨ ਹਰ ਭਾਰਤੀ ਜਿਹੜਾ ਇਨਕਮ ਟੈਕਸ ਦੇ ਦਾਇਰੇ ਤੋਂ ਬਾਹਰ ਹੈ, ਨੂੰ 6 ਮਹੀਨਿਆਂ ਲਈ 7500 ਪ੍ਰਤੀ ਮਹੀਨਾ ਦਿੱਤੇ ਜਾਣ, ਹਰ ਵਿਅਕਤੀ ਨੂੰ 10 ਕਿਲੋ ਅਨਾਜ ਪ੍ਰਤੀ ਮਹੀਨਾ ਦੇਣ, ਮਨਰੇਗਾ ਸਕੀਮ ਤਹਿਤ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ ਤੇ 700 ਰੁਪਏ ਦਿਹਾੜੀ ਕਰਨ,ਖੇਤੀ ਵਿਰੋਧੀ ਆਰਡੀਨੈਂਸ ਵਾਪਸ ਲਏ ਜਾਣ, ਬਿਜਲੀ ਐਕਟ-2020 ਰੱਦ ਕੀਤਾ ਜਾਵੇ, ਮਜ਼ਦੂਰਾਂ ਤੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕੀਤੇ ਤੇ ਮੈਕਰੋ ਫਾਈਨਾਂਸ ਕੰਪਨੀਆਂ ਦੀ ਲੁੱਟ ਬੰਦ ਕਰਕੇ ਦਲਿਤ ਔਰਤਾਂ ਨੂੰ ਇਨਸਾਫ਼ ਦਿੱਤਾ ਜਾਵੇ।