ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਖ਼ਤਮ
ਗੁਰਿੰਦਰ ਸਿੰਘ
ਲੁਧਿਆਣਾ, 27 ਜੁਲਾਈ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕਲਮ ਛੋੜ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਅੱਜ ਤੋਂ ਕੰਮ ਆਮ ਵਾਂਗ ਸ਼ੁਰੂ ਹੋ ਗਿਆ ਹੈ ਜਦਕਿ ਮਾਲ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਰਜਿਸਟਰੀਆਂ ਦਾ ਕੰਮ ਪਹਿਲਾਂ ਵਾਂਗ ਹੀ ਠੱਪ ਹੈ।
ਯੂਨੀਅਨ ਮੈਂਬਰਾਂ ਵੱਲੋਂ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਉਪਰ ਸਰਕਾਰੀ ਕੰਮ ’ਚ ਦਖਲਅੰਦਾਜ਼ੀ ਕਰਨ ਅਤੇ ਮੁਲਾਜ਼ਮਾਂ ’ਤੇ ਝੂਠੇ ਦੋਸ਼ ਲਗਾਉਂਦੇ ਹੋਏ ਹੜਤਾਲ ਦਾ ਐਲਾਨ ਕੀਤਾ ਸੀ।
ਜ਼ਿਕਰਯੋਗ ਹੈ ਕਿ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਫੇਸਬੁੱਕ ਪੇਜ ’ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਕਦੇ ਵੀ ਕਿਸੇ ਸਟਾਫ਼ ਮੈਂਬਰ ਦੀ ਇੱਜ਼ਤ ਨੂੰ ਨੁਕਸਾਨ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।
ਵਿਧਾਇਕ ਚੱਢਾ ਦੀ ਅਪੀਲ ਤੋਂ ਬਾਅਦ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅੱਜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਜਿਸ ਉਪਰੰਤ ਦਫ਼ਤਰਾਂ ਵਿੱਚ ਕੰਮ ਸ਼ੁਰੂ ਹੋ ਗਿਆ।
ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੁਧਿਆਣਾ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਅੱਜ ਤੋਂ ਆਪਣਾ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ।
ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ
ਮਾਲ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰਾਂ ਵਿੱਚ ਕੰਮ ਅੱਜ ਵੀ ਠੱਪ ਰਿਹਾ। ਦਫ਼ਤਰਾਂ ’ਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਮਾਲ ਅਧਿਕਾਰੀਆਂ ਨੇ ਆਪਣੀ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਜੇ ਬਹਿਲ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਿੰਨ ਮੁੱਢਲੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੇ ਹੜਤਾਲ ਖ਼ਤਮ ਕਰਨ ਤੋਂ ਨਾਂਹ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਦੱਸਿਆ ਹੈ ਕਿ ਸਰਕਾਰ ਨੇ ਪੈਂਡਿੰਗ ਤਰੱਕੀਆਂ, ਸੁਰੱਖਿਆ ਆਦਿ ਨਾਲ ਸਬੰਧਤ ਉਨ੍ਹਾਂ ਦੀਆਂ ਮੰਗਾਂ ’ਤੇ ਅਜੇ ਕੋਈ ਫ਼ੈਸਲਾ ਨਹੀਂ ਲਿਆ, ਜਿਸ ਦੇ ਸਿੱਟੇ ਵਜੋਂ ਮਾਲ ਅਧਿਕਾਰੀ, ਤਹਿਸੀਲਦਾਰ ਅਤੇ ਨਾਇਬ-ਤਹਿਸੀਲਦਾਰ ਅੱਜ ਵੀ ਸਰਕਾਰੀ ਕੰਮਾਂ ਦਾ ਬਾਈਕਾਟ ਕਰਕੇ ਹੜਤਾਲ ’ਤੇ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲ ਵਿਭਾਗ ਦੇ ਅਧਿਕਾਰੀ ਹੜ੍ਹ ਰੋਕੂ ਕਾਰਜਾਂ ਨੂੰ ਜਾਰੀ ਰੱਖਣਗੇ।