ਪੈਨਸ਼ਨਰਾਂ ਵੱਲੋਂ ਘੜੇ ਭੰਨ ਕੇ ਰੋਸ ਮੁਜ਼ਾਹਰਾ
ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 24 ਜੁਲਾਈ
ਪੈਨਸ਼ਨਰਜ਼ ਕਨਫੈਡਰੇਸ਼ਨ ਅਤੇ ਸਾਂਝਾ ਫਰੰਟ, ਮੁਲਾਜ਼ਮ ਤੇ ਪੈਨਸ਼ਨਰਜ਼ ਪੰਜਾਬ ਦੇ ਪੈਨਸ਼ਨਰਾਂ ਨੇ ਸ਼ੁੱਕਰਵਾਰ ਨੂੰ ਜਥੇਬੰਦੀ ਦੇ ਕਨਵੀਨਰ ਕਰਮ ਸਿੰਘ ਧਨੋਆ ਦੀ ਅਗਵਾਈ ਹੇਠ ਸਿੱਖਿਆ ਬੋਰਡ ਅਤੇ ਪੁੱਡਾ ਟਰੈਫ਼ਿਕ ਲਾਈਟ ਪੁਆਇੰਟ ’ਤੇ ਘੜੇ ਭੰਨ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁੱਝ ਦੇਰ ਤੱਕ ਆਵਾਜਾਈ ਵੀ ਪ੍ਰਭਾਵਿਤ ਰਹੀ। ਇਸ ਮੌਕੇ ਬੋਲਦਿਆਂ ਕਰਮ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਤੋਂ ਭਗੌੜੀ ਹੋਈ ਕੈਪਟਨ ਸਰਕਾਰ ਨੇ ਹੁਣ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕਰ ਕੇ ਸੂਬੇ ਦੇ ਅੱਠ ਲੱਖ ਤੋਂ ਵੱਧ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀ ਸੰਘੀ ਘੁੱਟ ਕੇ ਧਰੋਹ ਕਮਾਇਆ ਹੈ, ਜਿਸ ਦੇ ਰੋਸ ਵਜੋਂ ਅੱਜ ਸਰਕਾਰ ਦੇ ਝੂਠੇ ਵਾਅਦਿਆਂ ਦਾ ‘ਝੂਠ ਦਾ ਘੜਾ’ ਭੰਨ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਬੀਤੀ 17 ਜੁਲਾਈ ਨੂੰ ਮੁਲਾਜ਼ਮ, ਪੈਨਸ਼ਨਰਜ਼ ਵਿਰੋਧੀ ਪੱਤਰ ਰਾਹੀਂ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰ ਕੇ ਮਿਲਦੀਆਂ ਸਹੂਲਤਾਂ/ਸਕੇਲਾਂ ਤੇ ਪੈਨਸ਼ਨਾਂ ਨੂੰ ਖੋਰਾ ਲਗਾਉਣ ਦੀ ਸਾਜ਼ਿਸ਼ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਅਤੇ ਇਨ੍ਹਾਂ ’ਤੇ ਨਿਰਭਰ ਪਰਿਵਾਰਾਂ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਅਤੇ ਗੁੱਸਾ ਹੈ। ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਜ਼ਿਲ੍ਹਾ ਮੁਹਾਲੀ ਦੇ ਕਨਵੀਨਰ ਜਗਜੀਤ ਸਿੰਘ ਖਾਲਸਾ, ਪੀਐੱਸਐੱਮਐੱਸਯੂ ਦੇ ਪ੍ਰਧਾਨ ਅਮਿਤ ਕਟੋਚ, ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ, ਜਗਦੀਸ਼ ਸਿੰਘ ਸਰਾਓ, ਗੁਰਮੇਲ ਸਿੰਘ ਮੌਜੋਵਾਲ, ਪਿਸੌਰਾ ਸਿੰਘ ਅਤੇ ਰਾਜ ਕੁਮਾਰ ਸ਼ਰਮਾ ਅਤੇ ਹਰਪਾਲ ਸਿੰਘ ਨੇ ਮੁਲਾਜ਼ਮ ਵਿਰੋਧੀ ਪੱਤਰ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਨੂੰ ਤੁਰੰਤ ਨੋਟੀਫ਼ਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮਾਰੂ ਫੈ਼ਸਲੇ ਰੱਦ ਕਰ ਕੇ ਸਾਂਝੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਡੱਟ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਲਕੇ 25 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਕੇ ਅਗਲੇ ਸਖ਼ਤ ਐਕਸ਼ਨ ਦਾ ਪ੍ਰੋਗਰਾਮ ਉਲੀਕਿਆਂ ਜਾਵੇਗਾ।