22 ਨੂੰ ਮੁਹਾਲੀ ਦੀ ਮਹਾ ਰੈਲੀ ’ਚ ਸ਼ਾਮਲ ਹੋਣਗੇ ਪੈਨਸ਼ਨਰ
ਪੱਤਰ ਪ੍ਰੇਰਕ
ਦੋਰਾਹਾ, 5 ਅਕਤੂਬਰ
ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਪੈਨਸ਼ਨਰਜ਼ ਪ੍ਰਤੀ ਅਪਣਾਈ ਜਾ ਰਹੀ ਲਾਰਾ ਲਾਊ ਤੇ ਡੰਗ ਟਪਾਊ, ਨੀਤੀ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਵੱਲੋਂ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਤੇ ਮੁਲਾਜ਼ਮ ਜਥੇਬੰਦੀਆਂ ਨੂੰ ਵਾਰ ਵਾਰ ਮੀਟਿੰਗ ਦਾ ਸਮਾਂ ਦੇਣ ਮਗਰੋਂ ਮੁਲਤਵੀ ਕਰਨ ਬਜ਼ੁਰਗ ਪੈਨਸ਼ਨਰਾਂ ਨਾਲ ਇੱਕ ਕੋਝਾ ਮਜ਼ਾਕ ਕਰਾਰ ਦਿੱਤਾ। ਇਸ ਮੌਕੇ ਗੁਰਦਿਆਲ ਦਲਾਲ ਨੇ ਇਕੱਲੇ ਰਹਿ ਰਹੇ ਬਜ਼ੁਰਗਾਂ ਨੂੰ ਦਰਪੇਸ਼ ਸਮੱਸਿਆਵਾਂ ਸਾਂਝੀਆਂ ਕੀਤੀਆਂ। ਕਰਮ ਸਿੰਘ ਨੇ ਕਿਹਾ ਕਿ ਵਿਧਾਇਕ ਤੇ ਮੰਤਰੀਆਂ ਸਮੇਤ ਮੁੱਖ ਮੰਤਰੀ ਵੱਲੋਂ ਆਪਣੀਆਂ ਸਹੂਲਤਾਂ ਲਈ ਖਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਿਆਰਾ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਕਰਸ਼ਾਹੀ, ਵਿਧਾਇਕ ਤੇ ਮੰਤਰੀ ਸਾਰੇ ਬਕਾਏ ਸਮੇਂ ਸਿਰ ਹਾਸਲ ਕਰਦੇ ਹਨ, ਪਰ ਪੈਨਸ਼ਰਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ 22 ਨੂੰ ਮੁਹਾਲੀ ਵਿੱਚ ਕੀਤੀ ਜਾ ਰਹੀ ਮਹਾ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ।