ਪੁਲ ਦੀ ਉਸਾਰੀ ਅੱੱਧਵਾਟੇ ਲਟਕਣ ਤੋਂ ਲੋਕ ਨਾਰਾਜ਼
ਰਮੇਸ਼ ਭਾਰਦਵਾਜ
ਲਹਿਰਾਗਾਗਾ, 7 ਜੁਲਾਈ
ਨੇੜਲੇ ਪਿੰਡ ਲਹਿਲ ਕਲਾ ਤੋਂ ਬਖੌਰਾ ਰੋਡ ’ਤੇ ਸਥਿਤ ਡਰੇਨ ਦੇ ਪੁਲ ਦੀ ਉਸਾਰੀ ਪਿਛਲੇ ਕਈ ਸਾਲਾਂ ਤੋਂ ਅੱਧਵਾਟੇ ਲਟਕ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਲਹਿਲ ਕਲਾ ਇਕਾਈ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਇਕਾਈ ਮੈਂਬਰਾਂ ਅਤੇ ਪਿੰਡ ਵਾਸੀਆਂ ਸਮੇਤ ਰੋਸ ਵਜੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੇ ਡਰੇਨ ਵਿਭਾਗ ਤੋਂ ਅੱਧ-ਵਿਚਾਲੇ ਲਟਕ ਰਹੇ ਪੁਲ ਦੀ ਉਸਾਰੀ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਦੋਵਾਂ ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਅਤੇ ਫੋਨ ’ਤੇ ਗੱਲਬਾਤ ਹੁੰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਲਹਿਰਾਗਾਗਾ ਹਲਕੇ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੂੰ ਇਸ ਸਬੰਧੀ ਮੰਗ ਪੱਤਰ ਦੇ ਕੇ ਜਾਣੂ ਕਰਵਾ ਚੁੱਕੇ ਹਨ ਪਰ ਭਰੋਸੇ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ। ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕਿਸੇ ਅਧਿਕਾਰੀ ਨੇ ਟਾਲ-ਮਟੋਲ ਤੋਂ ਬਿਨਾਂ ਪੁਲ ਦਾ ਕੰਮ ਮੁਕੰਮਲ ਨਹੀਂ ਕਰਵਾਇਆ।
ਕਿਸਾਨਾਂ-ਮਜ਼ਦੂਰਾਂ ਨੇ ਕਿਹਾ ਕਿ ਸਰਕਾਰ ਬਿਲਕੁਲ ਵੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਝੋਨਾ ਲਗਾਉਣ ਦਾ ਸੀਜ਼ਨ ਜ਼ੋਰਾਂ ’ਤੇ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਕਿਹਾ ਕਿ ਜੇਕਰ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਵੱਡੀ ਗਿਣਤੀ ਕਿਸਾਨਾਂ-ਮਜ਼ਦੂਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਅਤੇ ਸਬੰਧਤ ਮਹਿਕਮੇ ਖਿਲਾਫ ਧਰਨਾ ਦਿੱਤਾ ਜਾਵੇਗਾ।