ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਵੱਲੋਂ ‘ਆਪ’ ਦਾ ਬਾਈਕਾਟ
ਹੁਸ਼ਿਆਰ ਸਿੰਘ ਘਟੌੜਾ
ਰਾਮਾਂ ਮੰਡੀ, 14 ਅਕਤੂਬਰ
ਇੱਥੋਂ ਦੇ ਵਾਰਡ ਨੰਬਰ-2 ਦੀ 18 ਨੰਬਰ ਗਲੀ ਵਿੱਚ ਕਾਫ਼ੀ ਸਮੇਂ ਤੋਂ ਖੜ੍ਹੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਵਾਰਡ ’ਚ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਬੈਨਰ ਲਗਾ ਕੇ ਧਰਨਾ ਦਿੱਤਾ। ਇਸ ਦੌਰਾਨ ਲੋਕਾਂ ਨੇ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਵਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਨਗਰ ਕੌਂਸਲ ਦਫ਼ਤਰ ਵਿੱਚ ਕੋਈ ਸੁਣਵਾਈ ਨਾ ਹੋਣ ਦਾ ਦੋਸ਼ ਵੀ ਲਾਇਆ। ਇਸ ਦੌਰਾਨ ਵਾਰਡ ਵਾਸੀਆਂ ਨੇ ਕਿਹਾ ਕਿ ਸੀਵਰੇਜ ਦੇ ਪਾਣੀ ਕਾਰਨ ਉਨ੍ਹਾਂ ਨੂੰ ਘਰਾਂ ਵਿੱਚ ਰਹਿਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਨਗਰ ਕੌਂਸਲ ਦਫ਼ਤਰ ਜਾਂਦੇ ਹਨ ਤਾਂ ਉਥੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਉਨ੍ਹਾਂ ਸਖਤ ਸ਼ਬਦਾਂ ਵਿਚ ਐਲਾਲ ਕੀਤਾ ਕਿ ਵਾਰਡ ਵਿਚ ‘ਆਪ’ ਦਾ ਕੋਈ ਵੀ ਲੀਡਰ ਅੱਜ ਤੋਂ ਬਾਅਦ ਵੋਟਾਂ ਮੰਗਣ ਨਾ ਆਵੇ। ਕੌਂਸਲਰ ਬਾਂਸਲ ਨੇ ਕਿਹਾ ਕਿ ਕੌਂਸਲਰਾਂ ਦੀਆਂ ਗਲੀਆਂ ਵਿਚ ਸੀਵਰੇਜ ਦੀ ਸਮੱਸਿਆ ਬਣੀ ਹੋਈ ਹੈ। ਕੌਸਲਰ ਸੁਨੀਤਾ ਬਾਂਸਲ ਨੇ ਕਿਹਾ ਕਿ ਜਦੋਂ ਕੌਂਸਲਰਾਂ ਦੀ ਦੀ ਹੀ ਕੋਈ ਸੁਣਵਾਈ ਨਹੀਂ ਤਾਂ ਆਮ ਲੋਕ ਸਰਕਾਰ ਤੋਂ ਕਿਵੇਂ ਉਮੀਦ ਕਰ ਸਕਦੇ ਹਨ। ਲੋਕਾਂ ਨੇ ਕਿਹਾ ਕਿ ਜੇ ਸਮੱਸਿਆ ਹੱਲ ਨਾ ਹੋਈ ਤਾਂ ਉਹ ਸੰਘਰਸ਼ ਸ਼ੁਰੂ ਕਰਨਗੇ।