ਕੌਮੀ ਮਾਰਗਾਂ ’ਤੇ ਆਵਾਜਾਈ ਬਹਾਲ ਹੋਣ ਮਗਰੋਂ ਲੋਕਾਂ ਨੇ ਲਿਆ ਸੁੱਖ ਦਾ ਸਾਹ
ਆਤਿਸ਼ ਗੁਪਤਾ
ਚੰਡੀਗੜ੍ਹ, 28 ਅਕਤੂਬਰ
ਝੋਨੇ ਦੀ ਖ਼ਰੀਦ ਤੇ ਚੁਕਾਈ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਬੰਦ ਕੌਮੀ ਰਾਜ ਮਾਰਗਾਂ ਨੂੰ ਸੂਬਾ ਸਰਕਾਰ ਨਾਲ ਮੀਟਿੰਗ ਮਗਰੋਂ ਖੋਲ੍ਹ ਦਿੱਤਾ ਗਿਆ ਹੈ। ਇਨ੍ਹਾਂ ਜਥੇਬੰਦੀਆਂ ਨੇ ਹੁਣ ਸੂਬੇ ਵਿੱਚ ਚਾਰ ਥਾਵਾਂ ’ਤੇ ਕੌਮੀ ਰਾਜ ਮਾਰਗਾਂ ਤੋਂ ਜਾਮ ਖੋਲ੍ਹ ਕੇ ਆਪਣੇ ਧਰਨੇ ਸੜਕਾਂ ਕੰਢੇ ਸ਼ੁਰੂ ਕਰ ਦਿੱਤੇ ਹਨ। ਸੜਕਾਂ ਖੋਲ੍ਹੇ ਜਾਣ ਮਗਰੋਂ ਅੱਜ ਪੰਜਾਬ ਦੇ ਸਾਰੇ ਕੌਮੀ ਰਾਜ ਮਾਰਗਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ ਹੋ ਗਈ ਹੈ, ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ਼ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਨੇ 26 ਅਕਤੂਬਰ ਤੋਂ ਪੰਜਾਬ ਦੇ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡੱਗਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ ਵਿੱਚ ਮੁੱਖ ਸੜਕਾਂ ’ਤੇ ਪ੍ਰਦਰਸ਼ਨ ਕਰਦਿਆਂ ਕੌਮੀ ਰਾਜ ਮਾਰਗ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਸੀ। ਇਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੌਮੀ ਰਾਜ ਮਾਰਗਾਂ ’ਤੇ ਆਵਾਜਾਈ ਠੱਪ ਹੋ ਗਈ ਸੀ ਤੇ ਸੜਕਾਂ ’ਤੇ ਕਈ-ਕਈ ਕਿਲੋਮੀਟਰ ਲੰਬੇ ਜਾਮ ਲੱਗ ਗਏ ਸਨ। ਇਸ ਦੌਰਾਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਤੇ ਆਮ ਲੋਕਾਂ ਦਰਮਿਆਨ ਟਕਰਾਅ ਵੀ ਦੇਖਣ ਨੂੰ ਮਿਲਿਆ। ਹਾਲਾਂਕਿ ਬੀਤੀ ਸ਼ਾਮ ਸੂਬਾ ਸਰਕਾਰ ਦੇ ਭਰੋਸੇ ਮਗਰੋਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਕੌਮੀ ਰਾਜ ਮਾਰਗ ਤੋਂ ਧਰਨੇ ਖਿਸਕਾ ਕੇ ਸੜਕਾਂ ਕੰਢੇ ਸ਼ੁਰੂ ਕਰ ਦਿੱਤੇ। ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਵਧੇਰੇ ਮੰਗਾਂ ਮੰਨ ਲਈਆਂ ਸਨ। ਸੂਬਾ ਸਰਕਾਰ ਨੇ ਸੀਜ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ਦੇ ਬਾਵਜੂਦ ਘੱਟ ਭਾਅ ’ਤੇ ਵਿੱਕੀ ਫ਼ਸਲ ਦੇ ਭਾਅ ਅਤੇ ਮੰਡੀ ਵਿੱਚ ਲਗਾਏ ਗਏ ਨਾਜਾਇਜ਼ ਕੱਟ ਦੀ ਭਰਪਾਈ ਆੜ੍ਹਤੀਆਂ ਵੱਲੋਂ ਕਰਵਾਏ ਜਾਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚੋਂ ਲਿਫਟਿੰਗ ਦਾ ਕੰਮ ਤੇਜ਼ ਕੀਤਾ ਜਾਵੇਗਾ, ਜੋ ਹੁਣ ਤੱਕ ਰੋਜ਼ਾਨਾ 4 ਲੱਖ ਮੀਟਰਿਕ ਟਨ ਹੈ, ਨੂੰ ਵਧਾ ਕੇ 6.5 ਲੱਖ ਮੀਟਰਿਕ ਟਨ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਮੰਨਣ ’ਤੇ ਵੀ ਸਹਿਮਤੀ ਜਤਾਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉੱਦੋਂ ਤੱਕ ਕੌਮੀ ਰਾਜ ਮਾਰਗਾਂ ਦੇ ਕਿਨਾਰੇ ਲੱਗੇ ਧਰਨੇ ਜਾਰੀ ਰਹਿਣਗੇ।
ਬੀਕੇਯੂ (ਉਗਰਾਹਾਂ) ਵੱਲੋਂ ਮੋਦੀ ਤੇ ਕਾਰਪੋਰੇਟਾਂ ਦੇ ਅੱਜ ਫੂਕੇ ਜਾਣਗੇ ਪੁਤਲੇ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਚੁਕਾਈ ਲਈ ਭਲਕੇ 29 ਅਕਤੂਬਰ ਨੂੰ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਰਪੋਰੇਟਾਂ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਬੀਕੇਯੂ (ਉਗਰਾਹਾਂ) ਵੱਲੋਂ ਕਿਸਾਨਾਂ ਦੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ‘ਆਪ’ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਦੇ ਮੁੱਖ ਆਗੂਆਂ ਦੇ ਘਰਾਂ ਸਣੇ 52 ਥਾਵਾਂ ’ਤੇ ਅੱਜ ਧਰਨੇ ਜਾਰੀ ਰੱਖੇ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੇਂਦਰੀ ਤੇ ਪੰਜਾਬ ਦੇ ਮੰਤਰੀਆਂ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਬਾਰੇ ਦਿੱਤੇ ਜਾ ਰਹੇ ਬਿਆਨਾਂ ਨੂੰ ਥੋਥਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਹਾਲੇ ਵੀ ਕਿਸਾਨਾਂ ਨੂੰ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ। ਮੰਡੀਆਂ ਵਿੱਚ ਸ਼ੈੱਲਰ ਮਾਲਕਾਂ ਦੀਆਂ ਨਮੀ ਪਰਖਣ ਵਾਲੀਆਂ ਨਿੱਜੀ ਮਸ਼ੀਨਾਂ ਦੀ ਵਰਤੋਂ ਰਾਹੀਂ ਝੋਨੇ ਦੀ ਖ਼ਰੀਦ ਵਿੱਚ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ। ਚੁਕਾਈ ਦਾ ਕੰਮ ਵੀ ਨਾਮਾਤਰ ਹੀ ਹੋ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫ਼ਤਰਾਂ ਦਾ ਘਿਰਾਓ ਅੱਜ
ਲੁਧਿਆਣਾ (ਗੁਰਿੰਦਰ ਸਿੰਘ): ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ, ਚੁਕਾਈ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਇਹ ਫ਼ੈਸਲਾ ਪੰਜਾਬ ਵਿੱਚ ਮੌਜੂਦਾ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਅੱਜ ਸੱਦੀ ਵਰਚੁਅਲੀ ਮੀਟਿੰਗ ਵਿੱਚ ਲਿਆ। ਮੋਰਚੇ ਦੇ ਆਗੂਆਂ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦੀ ਸੁਸਤ ਰਫਤਾਰ ਦਾ ਜਾਇਜ਼ਾ ਲੈਂਦਿਆਂ ਪੰਜਾਬ ਸਰਕਾਰ ਤੋਂ ਇਸ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਇਸ ਮੀਟਿੰਗ ਵਿੱਚ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਮੁਕੇਸ਼ ਚੰਦਰ, ਬੂਟਾ ਸਿੰਘ ਬੁਰਜ ਗਿੱਲ, ਰਮਿੰਦਰ ਸਿੰਘ ਪਟਿਆਲਾ ਤੇ ਪ੍ਰੇਮ ਸਿੰਘ ਭੰਗੂ ਆਦਿ ਹਾਜ਼ਰ ਸਨ।