ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਲ ਲਕੀਰ ਦੇ ਘੇਰੇ ’ਚ ਰਹਿੰਦੇ ਲੋਕ ਮਾਲਕਾਨਾ ਹੱਕ ਤੋਂ ਵਾਂਝੇ

07:14 AM May 06, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਮਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਵਿੱਚ ‘ਮੇਰਾ ਘਰ-ਮੇਰੇ ਨਾਮ/ਸਵਾਮਿਤਵਾ ਸਕੀਮ ਅਧੀਨ ਲਾਲ ਲਕੀਰ ਦੇ ਘੇਰੇ ਵਿੱਚ ਰਹਿੰਦੇ ਲੋਕਾਂ ’ਚੋਂ ਇੱਕ ਘਰ ਨੂੰ ਵੀ ਮੌਜੂਦਾ ਸਰਕਾਰ ਦੌਰਾਨ ਮਾਲਕੀ ਦਾ ਹੱਕ ਨਹੀਂ ਮਿਲਿਆ ਜਿਸ ਕਾਰਨ ਲਾਲ ਲਕੀਰ ਦੇ ਘੇਰੇ ’ਚ ਰਹਿੰਦੇ ਗਰੀਬ ਲੋਕਾਂ ’ਚ ਸਰਕਾਰ ਖ਼ਿਲਾਫ਼ ਰੋਸ ਹੈ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਜ਼ੋਨਲ ਆਗੂ ਗੁਰਵਿੰਦਰ ਸਿੰਘ ਸ਼ਾਦੀਹਰੀ, ਹਰੀ ਸਿੰਘ ਅਤੇ ਗੁਰਦਾਸ ਜਲੂਰ ਨੇ ਜਾਰੀ ਬਿਆਨ ’ਚ ਦੱਸਿਆ ਕਿ ਆਰ.ਟੀ.ਆਈ. ਤਹਿਤ ਇਸ ਸਬੰਧੀ ਸੂਚਨਾ ਮੰਗੀ ਗਈ ਸੀ ਜਿਸ ਦੀ ਰਿਪੋਰਟ ਮਿਲਣ ਤੋਂ ਬਾਅਦ ਇਹ ਜਾਣਕਾਰੀ ਮਿਲੀ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਲਾਲ ਲਕੀਰ ਦੇ ਘੇਰੇ ਵਾਲੇ ਇੱਕ ਘਰ ਨੂੰ ਵੀ ਮਾਲਕਾਨਾ ਹੱਕ ਨਹੀਂ ਮਿਲੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੱਲੋਂ ਦਲਿਤਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਹਿੱਤਾਂ ਦੇ ਹੱਕ ਵਿੱਚ ਫੈਸਲੇ ਲੈਣ ਅਤੇ ਵਿਕਾਸ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਅਜੇ ਤੱਕ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਨਹੀਂ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਬਾਕੀ ਰਾਜਾਂ ਵਿੱਚ ਧੜਾ-ਧੜ ਲੋਕਾਂ ਨੂੰ ਇਸ ਸਕੀਮ ਤਹਿਤ ਲਾਲ ਲਕੀਰ ਦੇ ਘੇਰੇ ਵਾਲੇ ਘਰਾਂ ਨੂੰ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ ਪਰ ਪੰਜਾਬ ਵਿਚ ਗਰੀਬ ਲੋਕ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਪ੍ਰਚਾਰ ਤੱਕ ਹੀ ਸੀਮਤ ਹੈ ਜਦੋਂ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਜ਼ਮੀਨੀ ਮੁੱਦਿਆਂ ਵਿੱਚੋਂ ਕੋਈ ਵੀ ਮੁੱਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਲਿਖਤੀ ਮੀਟਿੰਗ ਦਾ ਸਮਾਂ ਦੇ ਕੇ ਵੀ ਮਜ਼ਦੂਰ ਆਗੂਆਂ ਨਾਲ ਮੀਟਿੰਗ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਫੈਸਲਾ ਲਿਆ ਹੈ ਕਿ ਲੋਕ ਸਭਾ ਦੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਸਵਾਲ ਪੁੱਛੇ ਜਾਣਗੇ ਕਿ ਲਾਲ ਲਕੀਰ ਦੇ ਘੇਰੇ ’ਚ ਰਹਿੰਦੇ ਗਰੀਬ ਮਜ਼ਦੂਰ ਲੋਕਾਂ ਨੂੰ ਘਰਾਂ ਦੀ ਮਾਲਕੀ ਦੇ ਹੱਕ ਕਿਉਂ ਨਹੀਂ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਲੋਕ ਸੂਚਨਾ ਅਧਿਕਾਰੀ-ਕਮ-ਜ਼ਿਲ੍ਹਾ ਮਾਲ ਅਫ਼ਸਰ ਸੰਗਰੂਰ ਵੱਲੋਂ ਮੰਗੀ ਗਈ ਸੂਚਨਾ ਦੇ ਆਧਾਰ ’ਤੇ ਜਾਣਕਾਰੀ ਦਿੱਤੀ ਹੈ ਕਿ ਲਾਲ ਲਕੀਰ ਅਧੀਨ ਰਹਿੰਦੇ ਲੋਕਾਂ ਨੂੰ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ/ਸਵਾਮਿਤਵਾ ਸਕੀਮ ਦਾ ਕੰਮ ਚੱਲ ਰਿਹਾ ਹੈ। ਇਹ ਕੰਮ ਮੁਕੰਮਲ ਹੋਣ ਉਪਰੰਤ ਹੀ ਮਾਲਕੀ ਦਾ ਹੱਕ ਦਿੱਤੇ ਜਾਣ ਵਾਲੇ ਪਰਿਵਾਰਾਂ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਮਾਲਕੀ ਦਾ ਹੱਕ ਦੇਣ ਦੀ ਪ੍ਰਕਿਰਿਆ ਵੱਖ-ਵੱਖ ਪਿੰਡਾਂ ਵਿੱਚ ਵੱਖੋ-ਵੱਖਰੀ ਸਟੇਜ ’ਤੇ ਹੈ।

Advertisement

Advertisement
Advertisement