ਬੱਸ ਕਾਮਿਆਂ ਦੀ ਹੜਤਾਲ ਕਾਰਨ ਖੁਆਰ ਹੋਏ ਲੋਕ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 27 ਜੂਨ
ਪੰਜਾਬ ਰੋਡਵੇਜ਼/ ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਦੋ ਰੋਜ਼ਾ ਹੜਤਾਲ ਅੱਜ ਪਹਿਲੇ ਦਿਨ ਹੀ ਸਮਾਪਤ ਹੋ ਗਈ। ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੁਝ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਬੱਸਾਂ ਦੇ ਚੱਕਾ ਜਾਮ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰ ਪਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਰੋਸ ਮੁਜ਼ਾਹਰੇ ਕਰਦੇ ਹੋਏ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਸਰਕਾਰ ਅਤੇ ਮੈਨੇਜਮੈਂਟ ‘ਤੇ ਬੱਸ ਕਾਮਿਆਂ ਦੀਆਂ ਮੰਗਾਂ ਪ੍ਰਤੀ ਬੇਰੁਖ਼ੀ ਅਪਣਾਉਣ ਦਾ ਦੋਸ਼ ਲਾਇਆ। ਫ਼ਿਰੋਜ਼ਪੁਰ ਸਥਿਤ ਰੋਡਵੇਜ਼ ਡਿੱਪੂ ਦੇ ਬਾਹਰ ਕੱਚੇ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪਨਬੱਸ ਕਰਮਚਾਰੀ ਯੂਨੀਅਨ ਦੇ ਸਟੇਟ ਆਗੂ ਰੇਸ਼ਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਟਾਲਮਟੋਲ ਵਾਲੀ ਨੀਤੀ ਅਪਣਾ ਰਹੀ ਹੈ, ਜਿਸ ਕਰਕੇ ਉਨ੍ਹਾਂ ਨੂੰ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਾ ਪਿਆ ਹੈ। ਅੱਜ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਵੱਡੇ ਪੱਧਰ ਤੇ ਖੱਜਲ ਖੁਆਰ ਹੋਣਾ ਪਿਆ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪੂਰੇ ਪੰਜਾਬ ‘ਚ ਚੱਕਾ ਜਾਮ ਕੀਤਾ ਗਿਆ। ਇਸੇ ਲੜੀ ਤਹਿਤ ਬੱਸ ਸਟੈਂਡ ਜ਼ੀਰਾ ਵਿੱਚ ਮੁਲਾਜ਼ਮਾਂ ਨੇ ਬੱਸਾਂ ਬੰਦ ਰੱਖ ਕੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਨਲਰ ਸਕੱਤਰ ਬੂਟਾ ਵੜੈਚ ਨੇ ਦੱਸਿਆ ਕਿ ਇਹ ਹੜਤਾਲ ਜਗਦੀਪ ਸਿੰਘ ਵਲਟੋਹਾ, ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆ ਮੰਗਾਂ ਨਾ ਮੰਨ ਕੇ ਉਨ੍ਹਾਂ ਦੇ ਨਾਲ ਧੋਖਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਨੌਕਰੀਆਂ ਤੋਂ ਕੱਢੇ ਗਏ ਕਾਮਿਆਂ ਨੂੰ ਸਰਵਿਸ ਰੂਲਾਂ ਵਿੱਚ ਸੋਧ ਕਰਕੇ ਤੁਰੰਤ ਬਹਾਲ ਕੀਤਾ ਜਾਵੇ, ਪੀਆਰਟੀਸੀ ਵਿੱਚ ਕਿਲੋਮੀਟਰ ਬੱਸਾਂ ਨਾ ਪਾਈਆਂ ਜਾਣ, ਤਨਖਾਹ ਵਿਚ ਵਾਧਾ ਤੁਰੰਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸੈਕਟਰੀ ਸਟੇਟ ਟਰਾਂਸਪੋਰਟ, ਡਰਾਇਕਟਰ ਸਟੇਟ ਟਰਾਂਸਪੋਰਟ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਉਨ੍ਹਾਂ ਦੀ ਮੰਗਾਂ ਸਬੰਧੀ ਮੀਟਿੰਗ ਹੋਈ ਸੀ, ਉੱਚ ਅਧਿਕਾਰੀਆਂ ਵੱਲੋਂ ਸਹਿਮਤੀ ਦਿੱਤੀ ਗਈ ਕਿ ਮੰਗਾਂ ਬਿਲਕੁਲ ਜਾਇਜ਼ ਹਨ ਅਤੇ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ। ਇਸ ਲਈ ਉਨ੍ਹਾਂ ਨੇ ਮੁਲਾਜ਼ਮਾਂ ਤੋਂ ਪੰਦਰਾਂ ਦਿਨ ਦਾ ਸਮਾਂ ਮੰਗਿਆ ਸੀ, ਪਰ ਪੰਦਰਾਂ ਦਿਨਾਂ ਦੀ ਬਜਾਏ 25 ਦਿਨ ਬੀਤ ਜਾਣ ‘ਤੇ ਬਾਵਜੂਦ ਕੋਈ ਹੱਲ ਨਹੀਂ ਹੋਇਆ, ਜਿਸ ਦੇ ਚੱਲਦਿਆਂ ਜੱਥੇਬੰਦੀ ਵੱਲੋਂ ਹੜਤਾਲ ਕੀਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ, ਮੀਤ ਪ੍ਰਧਾਨ ਜੁਰਜੰਟ ਸਿੰਘ, ਮੁੱਖ ਸਲਾਹਕਾਰ ਗੁਰਪ੍ਰੀਤ ਸਿੰਘ ਵਲਟੋਹਾ, ਵਰਕਰ ਪ੍ਰਗਟ ਸਿੰਘ , ਦੀਪਕ ਕੁਮਾਰ ਤੇ ਮਿਲਖਾ ਸਿੰਘ ਆਦਿ ਵਰਕਰ ਹਾਜ਼ਰ ਸਨ।