ਹਰਿਆਣਾ ਦੇ ਲੋਕਾਂ ਨੇ ਭਾਜਪਾ ਨੂੰ ਜਿਤਾ ਕੇ ਇਤਿਹਾਸ ਰਚਿਆ: ਪ੍ਰਧਾਨ ਮੰਤਰੀ
ਨਵੀਂ ਦਿੱਲੀ, 8 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਬੇਮਿਸਾਲ ਜਿੱਤ ਹਾਸਲ ਕੀਤੀ ਹੈ ਕਿਉਂਕਿ ਪਾਰਟੀ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਤਿਆਰ ਹੈ ਅਤੇ ਇਸ ਜਿੱਤ ਨਾਲ ਸੂਬਾ ਵਾਸੀਆਂ ਨੇ ਇਤਿਹਾਸ ਰਚ ਦਿੱਤਾ ਹੈ। ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇੱਥੇ ਭਾਜਪਾ ਹੈੱਡਕੁਆਰਟਰ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਪਾਰਟੀ ਦੀ ਜਿੱਤ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਦਹਾਕਿਆਂ ਬਾਅਦ ਸ਼ਾਂਤੀਪੂਰਵਕ ਚੋਣਾਂ ਹੋਈਆਂ ਅਤੇ ਇਹ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ। ਇਸ ਨਾਲ ਹਰਿਆਣਾ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ ਤੇ ਹਰਿਆਣਾ ਵਿੱਚ ਤੀਜੀ ਵਾਰ ਕਮਲ ਖਿੜਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੰਮੂ-ਕਸ਼ਮੀਰ ਚੋਣਾਂ ਵਿੱਚ ਸਭ ਤੋਂ ਵੱਧ ਵੋਟ ਫੀਸਦ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲੀ ਵਾਰ ਜੰਮੂ ਤੇ ਕਸ਼ਮੀਰ ਵਿਚ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਦਾ ਅਮਲ ਮੁਕੰਮਲ ਹੋਇਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਵਿਚ ਨੈਸ਼ਨਲ ਕਾਨਫਰੰਸ ਨੂੰ ਵਧਾਈ ਦਿੱਤੀ। ਏਜੰਸੀ