ਜ਼ਿਮਨੀ ਚੋਣਾਂ ’ਚ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਨਕਾਰਿਆ: ਵਿਧਾਇਕ
ਸੰਜੀਵ ਤੇਜਪਾਲ
ਮੋਰਿੰਡਾ, 23 ਨਵੰਬਰ
ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ‘ਆਪ’ ਵਾਲੰਟੀਅਰਾਂ ਵੱਲੋਂ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ 3 ਹਲਕਿਆਂ ਵਿੱਚ ‘ਆਪ’ ਨੂੰ ਮਿਲੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ਤੇ ਇਨ੍ਹਾਂ ਹਲਕਿਆਂ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ’ਚ ਰਵਾਇਤੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਦਿਖਾ ਦਿੱਤੀ ਗਈ ਹੈ। ਇਹ ਜਿੱਤ ਦੱਸਦੀ ਹੈ ਇਨ੍ਹਾਂ ਹਲਕਿਆਂ ਦੇ ਵੋਟਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ‘ਆਪ’ ਮੁਫ਼ਤ ਬਿਜਲੀ ਦੇ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਪੰਜਾਬ ਭਰ ਦੇ ਨੌਜਵਾਨਾਂ ਨੂੰ 48,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ ਪਾਰਦਰਸ਼ਤਾ ਨਾਲ ਦੇ ਕੇ ਇਹਦਾ ਨੌਜਵਾਨਾਂ ਦੇ ਹੁਨਰ ਅਤੇ ਵਿਦਿਅਕ ਯੋਗਤਾ ਦੀ ਕਦਰ ਪਾਈ ਗਈ।
ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਮੋਰਿੰਡਾ ਦੇ ਚੇਅਰਮੈਨ ਐੱਨਪੀ ਰਾਣਾ ਸਣੇ ਵੱਡੀ ਗਿਣਤੀ ਵਿੱਚ ‘ਆਪ’ ਆਗੂ ਅਤੇ ਵਾਲੰਟੀਅਰ ਹਾਜ਼ਰ ਸਨ।