ਸਰਕਾਰ ਦੀ ਲਾਪ੍ਰਵਾਹੀ ਕਾਰਨ ਲੋਕਾਂ ਦਾ ਨੁਕਸਾਨ ਹੋਇਆ: ਚੌਟਾਲਾ
ਪੱਤਰ ਪ੍ਰੇਰਕ
ਗੂਹਲਾ ਚੀਕਾ, 18 ਜੁਲਾਈ
ਇਨੈਲੋ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਅੱਜ ਗੂਹਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰ ਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਨੈਲੋ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਚੌਟਾਲਾ ਨੇ ਇਨੈਲੋ ਵਰਕਰਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਹੜ੍ਹ ਪੀੜਤਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕਰਨ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰਨ। ਚੌਟਾਲਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅੱਗੇ ਰੱਖਿਆ ਜਾਵੇਗਾ।
ਉਥੇ ਹੀ ਲੋਕਾਂ ਨੇ ਦੱਸਿਆ ਕਿ ਇੱਥੇ ਘੱਗਰ ਨਦੀ ਦੇ ਮੁੱਖ ਪੁਲ ਤੋਂ ਇਲਾਵਾ ਨਦੀ ਦੇ ਹੋਰ ਪੁਲਾਂ ਦੀ ਸਫ਼ਾਈ ਨਹੀਂ ਕੀਤੀ ਗਈ, ਜਿਸ ਕਾਰਨ ਘੱਗਰ ਦਰਿਆ ਦੇ ਸਾਈਫਨ ਚਿੱਕੜ ਅਤੇ ਰੇਤ ਨਾਲ ਭਰ ਗਏ। ਉਨ੍ਹਾਂ ਦੱਸਿਆ ਕਿ ਜਦੋਂ ਮੀਂਹ ਪਿਆ ਤਾਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ। ਟਟਿਆਣਾ ਪਿੰਡ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਚੌਟਾਲਾ ਨੇ ਭਾਜਪਾ-ਜਜਪਾ ਗੱਠਜੋੜ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰੱਬ ਭਰੋਸੇ ਛੱਡ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਗੂਹਲਾ ਦੇ ਲੋਕ ਹੜ੍ਹ ਨਾਲ ਜੂਝਦੇ ਰਹੇ ਪਰ ਮੁੱਖ ਮੰਤਰੀ ਨੇ ਇਸ ਖੇਤਰ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ। ਚੌਟਾਲਾ ਨੇ ਕਿਹਾ ਕਿ ਸਰਕਾਰ ਹੜ੍ਹ ਤੋਂ ਪਹਿਲਾਂ ਅਤੇ ਬਾਅਦ ਦੀਆਂ ਗਤੀਵਿਧੀਆਂ ਵਿੱਚ ਲਾਪ੍ਰਵਾਹ ਸਾਬਤ ਹੋਈ ਹੈ, ਜਿਸ ਕਾਰਨ ਲੋਕਾਂ ਦੇ ਹੋਏ ਨੁਕਸਾਨ ਲਈ ਸੂਬਾ ਸਰਕਾਰ ਹੀ ਪੂਰੀ ਤਰ੍ਹਾਂ ਦੋਸ਼ੀ ਹੈ।