For the best experience, open
https://m.punjabitribuneonline.com
on your mobile browser.
Advertisement

ਬਾਇਓ ਗੈਸ ਪਲਾਂਟ ਬੰਦ ਕਰਵਾਉਣ ਲਈ ਡੀਸੀ ਦਫ਼ਤਰ ਅੱਗੇ ਗਰਜੇ ਲੋਕ

08:11 AM Jun 12, 2024 IST
ਬਾਇਓ ਗੈਸ ਪਲਾਂਟ ਬੰਦ ਕਰਵਾਉਣ ਲਈ ਡੀਸੀ ਦਫ਼ਤਰ ਅੱਗੇ ਗਰਜੇ ਲੋਕ
ਬਾਇਓ ਗੈਸ ਫੈਕਟਰੀਆਂ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਲੋਕ। -ਹਿਮਾਂਸ਼ੂ ਮਹਾਜਨ
Advertisement

ਗੁਰਿੰਦਰ ਸਿੰਘ
ਲੁਧਿਆਣਾ, 11 ਜੂਨ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਰਾਜਪੂਤਾਂ ’ਚ ਚੱਲ ਰਹੀ ਬਾਇਓ ਗੈਸ ਫੈਕਟਰੀ ਅਤੇ ਭੂੰਦੜੀ, ਅਖਾੜਾ, ਮੁਸ਼ਕਾਬਾਦ, ਪਾਇਲ, ਸੇਹ ਅਤੇ ਗੋਹ ’ਚ ਉਸਾਰੀ ਅਧੀਨ ਗੈਸ ਫੈਕਟਰੀਆਂ ਬੰਦ ਕਰਾਉਣ ਲਈ ਅੱਜ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਜਾਣਕਾਰੀ ਅਨੁਸਾਰ ਗੈਸ ਫੈਕਟਰੀਆਂ ਖ਼ਿਲਾਫ਼ ਵੱਖ-ਵੱਖ ਥਾਵਾਂ ’ਤੇ ਲੰਮੇ ਸਮੇਂ ਤੋਂ ਚੱਲ ਰਹੇ ਦਿਨ ਰਾਤ ਦੇ ਮੋਰਚਿਆਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ’ਚ ਅੱਜ ਤਪਦੀ ਦੁਪਹਿਰ ਵਿੱਚ ਦਿੱਤੇ ਇਸ ਰੋਸ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਾਰਖਾਨਾ ਮਜ਼ਦੂਰ ਯੂਨੀਅਨ, ਜਮਹੂਰੀ ਕਿਸਾਨ ਸਭਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਯੂਨੀਅਨ ਰਾਜੇਵਾਲ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਾਰਕੁਨਾਂ ਨੇ ਹਿੱਸਾ ਲਿਆ। ਧਰਨੇ ਵਿੱਚ ਘੁੰਗਰਾਲੀ ਰਾਜਪੂਤਾਂ, ਭੂੰਦੜੀ, ਅਖਾੜਾ, ਮੁਸ਼ਕਾਬਾਦ, ਪਾਇਲ, ਸੇਹ ਅਤੇ ਗੋਹ ਪਿੰਡ ਦੇ ਬੱਚੇ ਵੀ ਨਾਅਰੇ ਲਿਖੀਆਂ ਤਖ਼ਤੀਆਂ ਲੈ ਕੇ ਪੁੱਜੇ ਹੋਏ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਜਗਤਾਰ ਸਿੰਘ ਦੇਹੜਕਾ, ਸੁਦਾਗਰ ਸਿੰਘ ਘੁਡਾਣੀ, ਰਘਬੀਰ ਸਿੰਘ ਬੈਨੀਪਾਲ, ਕੰਵਲਜੀਤ ਖੰਨਾ, ਗੁਰਦਿਅਲ ਸਿੰਘ ਤਲਵੰਡੀ, ਗੁਰਪ੍ਰੀਤ ਸਿੰਘ ਗੁਰੀ, ਰੂਪ ਸਿੰਘ ਮੁਸ਼ਕਾਬਾਦ, ਇੰਦਰਜੀਤ ਸਿੰਘ ਜਗਰਾਉਂ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਬੰਧਤ ਪਿੰਡਾਂ ਦੇ ਲੋਕਾਂ ਨੇ ਚੋਣਾਂ ਦਾ ਪੂਰਨ ਬਾਈਕਾਟ ਕਰਕੇ ਰੋਸ ਜ਼ਾਹਰ ਕੀਤਾ ਸੀ ਪਰ ਇਸ ਦੇ ਬਾਵਜੂਦ ਅਜੇ ਤੱਕ ਪੰਜਾਬ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਘੁੰਗਰਾਲੀ ਰਾਜਪੂਤਾਂ ਦੇ ਲੋਕ ਗੈਸ ਫੈਕਟਰੀ ਦੀ ਬਦਬੂ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਰਹੀ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਉਸਾਰੀ ਅਧੀਨ ਫੈਕਟਰੀਆਂ ਦੇ ਖ਼ਿਲਾਫ਼ ਲੜ ਰਹੇ ਲੋਕ ਫੈਕਟਰੀਆਂ ਪੱਕੇ ਤੌਰ ’ਤੇ ਬੰਦ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਜਸਵੰਤ ਜੀਰਖ, ਸੁਰਿੰਦਰ ਸਰਮਾ, ਮਜ਼ਦੂਰ ਆਗੂ ਹਰਜਿੰਦਰ ਸਿੰਘ, ਬਲਵੰਤ ਸਿੰਘ ਅਖਾੜਾ, ਡਾ ਬਲਵਿੰਦਰ ਔਲਖ, ਤਰਸੇਮ ਸਿੰਘ ਬੱਸੂਵਾਲ, ਭਿੰਦਰ ਸਿੰਘ ਭਿੰਦੀ ਭੂੰਦੜੀ, ਗੁਰਤੇਜ ਸਿੰਘ ਅਖਾੜਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਐੱਸਡੀਐੱਮ ਪੱਛਮੀ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਹਾਸਲ ਕੀਤਾ।

Advertisement

ਡਿਪਟੀ ਕਮਿਸ਼ਨਰ ਵੱਲੋਂ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਮੀਟਿੰਗ

ਤਾਲਮੇਲ ਕਮੇਟੀ ਦੇ ਆਗੂਆਂ ਦੀ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਚੱਲੀ ਲੰਮੀ ਮੀਟਿੰਗ ’ਚ ਇਸ ਗੰਭੀਰ ਮੁੱਦੇ ਦੇ ਸਾਰੇ ਪੱਖਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਹੋਇਆ। ਡਿਪਟੀ ਕਮਿਸ਼ਨਰ ਨੇ ਪੂਰੀ ਗੱਲਬਾਤ ਤੋਂ ਬਾਅਦ ਇੱਕ ਹਫ਼ਤੇ ਵਿੱਚ ਇਸ ਮਸਲੇ ’ਤੇ ਪੂਰੀ ਰਿਪੋਰਟ ਤਿਆਰ ਕਰਕੇ ਤਾਲਮੇਲ ਕਮੇਟੀ ਨਾਲ ਵਿਚਾਰਨ ਉਪਰੰਤ ਪੰਜਾਬ ਸਰਕਾਰ ਨੂੰ ਭੇਜਣ, ਸਾਰੀਆਂ ਫੈਕਟਰੀਆਂ ਦੀ ਪੈਦਾਵਾਰ ਅਤੇ ਉਸਾਰੀ ਦਾ ਕੰਮ ਬੰਦ ਕਰਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਫ਼ੈਸਲਾ ਕੀਤਾ। ਮੀਟਿੰਗ ਦੌਰਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗੱਲਬਾਤ ’ਤੇ ਤਸੱਲੀ ਪ੍ਰਗਟ ਕੀਤੀ। ਇਸ ਧਰਨੇ ਦੌਰਾਨ ਕਮੇਟੀ ਦੇ ਆਗੂ ਸੁਖਦੇਵ ਸਿੰਘ ਭੂੰਦੜੀ ਨੇ ਗੈਸ ਫ਼ੈਕਟਰੀਆਂ ਸਬੰਧੀ ਸਮੁੱਚੀ ਜਾਣਕਾਰੀ ਪ੍ਰਦਾਨ ਕੀਤੀ।

Advertisement

Advertisement
Author Image

sukhwinder singh

View all posts

Advertisement