ਮਨੀਪੁਰ ਹਿੰਸਾ ਖ਼ਿਲਾਫ਼ ਸੜਕਾਂ ’ਤੇ ਉਤਰੇ ਲੋਕ
ਪੱਤਰ ਪ੍ਰੇਰਕ
ਬਠਿੰਡਾ, 27 ਜੁਲਾਈ
ਔਰਤ ਮੁਕਤੀ ਮੋਰਚਾ ਪੰਜਾਬ, ਦਿਹਾਤੀ ਮਜ਼ਦੂਰ ਸਭਾ ਪੰਜਾਬ, ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਮਨੀਪੁਰ ਘਟਨਾ ਖ਼ਿਲਾਫ਼ ਇਥੇ ਸ਼ਹਿਰ ਦੇ ਟੀਚਰਜ਼ ਹੋਮ ਤੋਂ ਲੈ ਕੇ ਬੱਸ ਸਟੈਂਡ ਤੱਕ ਮਾਰਚ ਕੀਤਾ ਗਿਆ। ਰੋਸ ਐਕਸ਼ਨਾਂ ਦਾ ਸੱਦਾ ਚਾਰ ਖੱਬੀਆਂ ਪਾਰਟੀਆਂ ਸੀਪੀਆਈ, ਆਰਐਮਪੀਆਈ, ਸੀਪੀਆਈ (ਐਮਐਲ) ਲਬਿਰੇਸ਼ਨ ਅਤੇ ਐੱਮਸੀਪੀਆਈਯੂ ਵੱਲੋਂ ਦਿੱਤਾ ਗਿਆ ਸੀ। ਇਸ ਮੌਕੇ ਹੋਈ ਇਕੱਤਰਤਾ ਨੂੰ ਸੰਬੋਧਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਦੇ ਕਾਮਰੇਡ ਮਹੀਪਾਲ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮਨੀਪੁਰ ਸੂਬੇ ਦੇ ਮੁੱਖ ਮੰਤਰੀ ਨੂੰ ਫੌਰੀ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਇਸ ਮੌਕੇ ਔਰਤ ਮੁਕਤੀ ਮੋਰਚੇ ਦੀ ਸੂਬਾਈ ਆਗੂ ਬੀਬੀ ਦਰਸ਼ਨਾ ਜੋਸ਼ੀ, ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ, ਸੰਪੂਰਨ ਸਿੰਘ ਦਰਸ਼ਨ ਬਾਜਕ ਨੇ ਸੰਬੋਧਨ ਕੀਤਾ।
ਇਸੇ ਦੌਰਾਨ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਸੂਬਾ ਪੱਧਰੀ ਫੈਸਲੇ ਅਨੁਸਾਰ ਮਨੀਪੁਰ ਖ਼ਿਲਾਫ਼ 24 ਤੋਂ 30 ਜੁਲਾਈ ਤੱਕ ਰੋਸ ਹਫ਼ਤਾ ਮਨਾਇਆ ਗਿਆ। ਇਸੇ ਕੜੀ ਤਹਿਤ ਅੱਜ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਦੇ ਸਾਹਮਣੇ ਧਰਨਾ ਮਾਰਨ ਤੋਂ ਬਾਅਦ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ ਮੌੜ ਪੈਨਸ਼ਨਰ ਆਗੂ, ਗਗਨਦੀਪ ਸਿੰਘ ਭੁੱਲਰ,ਲਛਮਣ ਸਿੰਘ ਮਲੂਕਾ ਸ਼ਾਮਲ ਹੋਏ।
ਚਾਉਕੇ (ਪੱਤਰ ਪ੍ਰੇਰਕ): ਪਿੰਡ ਕਰਾੜਵਾਲਾ ਵਿੱਚ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨੀਪੁਰ ਦੀਆਂ ਘਟਨਾਵਾਂ ਨੂੰ ਲੈ ਕੇ ਕੇਂਦਰ ਅਤੇ ਮਨੀਪੁਰ ਸਰਕਾਰ ਦੇ ਖ਼ਿਲਾਫ਼ ਮਜ਼ਦੂਰਾਂ ਦਾ ਇਕੱਠ ਹੋਇਆ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ, ਬਲਾਕ ਪ੍ਰਧਾਨ ਗੁਰਦੇਵ ਸਿੰਘ ਕਰਾੜਵਾਲਾ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਇੱਥੋਂ ਦੇ ਵਕੀਲਾਂ ਵੱਲੋਂ ਅੱਜ ਮਨੀਪੁਰ ਘਟਨਾ ਦੇ ਵਿਰੋਧ ਵਿੱਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੈ ਕੁਮਾਰ ਸਿੰਗਲਾ ਨੇ ਸੰਬੋਧਨ ਕੀਤਾ।
ਬੀਕੇਯੂ ਕ੍ਰਾਂਤੀਕਾਰੀ ਵੱਲੋਂ ਮੁਜ਼ਾਹਰਾ ਪਹਿਲੀ ਨੂੰ
ਜ਼ੀਰਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ (ਔਰਤ ਵਿੰਗ) ਦੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਖੂ ਨੇ ਦੱਸਿਆ ਕਿ ਮਨੀਪੁਰ ਘਟਨਾਵਾਂ ਖ਼ਿਲਾਫ਼ ਇੱਕ ਅਗਸਤ ਨੂੰ ਸਵੇਰੇ 11 ਵਜੇ ਘੰਟਾ ਘਰ ਮੁੱਖ ਚੌਕ ਜ਼ੀਰਾ ਵਿੱਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਲ੍ਹਾ ਪੱਧਰੀ ਮੀਟਿੰਗ ਵਿੱਚ ਔਰਤਾਂ ਨੂੰ ਲਾਮਬੰਦ ਕੀਤਾ
ਰੂੜੇਕੇ ਕਲਾਂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਅੱਜ ਪਿੰਡ ਧੌਲਾ ਵਿੱਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਨੀਪੁਰ ਘਟਨਾਵਾਂ ਖ਼ਿਲਾਫ਼ 6 ਅਗਸਤ ਨੂੰ ਚੰਡੀਗੜ੍ਹ ਵਿੱਚ ਔਰਤਾਂ ਦਾ ਇਕੱਠ ਕਰਕੇ ਰੋਸ ਪ੍ਰਗਟਾਇਆ ਜਾਏਗਾ। ਔਰਤ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਭਾਜਪਾ ਸਰਕਾਰਾਂ ਦੀ ਨਿੰਦਾ ਕੀਤੀ। ਇਸ ਮੌਕੇੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ,ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ , ਅਮਰਜੀਤ ਕੌਰ ਬਡਬਰ ਅਤੇ ਹਰਪਾਲ ਕੌਰ ਖੇੜੀਂ ਨੇ ਵੀ ਸੰਬੋਧਨ ਕੀਤਾ ।