ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰੇ
ਪੱਤਰ ਪ੍ਰੇਰਕ
ਅਬੋਹਰ, 13 ਜੂਨ
ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਆਲਮਗੜ੍ਹ ਚੌਕ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਬਾਜ਼ਾਰਾਂ ਵਿੱਚੋਂ ਹੁੰਦੇ ਹੋਏ ਤਹਿਸੀਲ ਕੰਪਲੈਕਸ ਵਿੱਚ ਪੁੱਜੇ ਅਤੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਨਾ ਰੋਕਿਆ ਗਿਆ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਸੁਖਮਿੰਦਰ ਸਿੰਘ, ਦਰਸ਼ਨ ਸਿੰਘ, ਸੁਖਜਿੰਦਰ ਸਿੰਘ ਰਾਜਨ, ਰਣਜੀਤ ਸਿੰਘ ਯੂਥ ਜ਼ਿਲ੍ਹਾ ਪ੍ਰਧਾਨ, ਦਲਜੀਤ ਸਿੰਘ ਬਲਾਕ ਪ੍ਰਧਾਨ, ਮਹਿੰਦਰ ਕੁਮਾਰ ਬਲਾਕ ਪ੍ਰਧਾਨ, ਦੇਸ਼ਰਾਜ, ਵਿਪਨ ਕੁਮਾਰ ਸੀਨੀਅਰ ਮੀਤ ਪ੍ਰਧਾਨ, ਅਜੀਤ ਰਿਣਵਾ ਦੌਲਤਪੁਰਾ, ਕੁਲਵੰਤ ਸਿੰਘ ਅਰਨੀਵਾਲਾ, ਵਰਿੰਦਰ ਕੁਮਾਰ, ਕਾਰਜ ਸਿੰਘ, ਅਸ਼ੋਕ ਸ਼ਰਮਾ, ਬਲਰਾਜ ਸਿੰਘ, ਬੱਬੂ ਕੰਬੋਜ, ਲਵਪ੍ਰੀਤ, ਵਿਸ਼ਨੂੰ ਗੁਮਜਾਲ, ਸੁਭਾਸ਼ ਮੌਜਗੜ੍ਹ, ਹੰਸਰਾਜ, ਗੁਰਬਖਸ਼ ਸਿੰਘ ਆਦਿ ਹਾਜ਼ਰ ਸਨ।
ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਹ ਰਿਪੋਰਟ ਬਣਾ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਸੌਂਪਣਗੇ।
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਮਾਨਸਾ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਤੇਲ ਕੀਮਤਾਂ ਵਿੱਚ ਵਾਧਾ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਬਜਟ ਸਮੇਂ ਸਰਕਾਰ ਨੇ ਕੋਈ ਟੈਕਸ ਨਾ ਲਗਾ ਕੇ ਟੈਕਸ ਰਹਿਤ ਬਜਟ ਦੇ ਨਾਂਅ ‘ਤੇ ਪ੍ਰਚਾਰ ਕੀਤਾ ਸੀ, ਜੋ ਗੁੰਮਰਾਹਕੁਨ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ‘ਤੇ ਟੈਕਸ ਲਗਾ ਕੇ ਕੀਮਤਾਂ ਵਿੱਚ ਜੋ ਵਾਧਾ ਕੀਤਾ ਗਿਆ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨੀ ਫਸਲਾਂ ਦਾ ਖਰਚ ਵਧੇਗਾ ਅਤੇ ਨਾਲ ਹੀ ਟਰਾਂਸਪੋਰਟ ਕਿਰਾਇਆ ਵਿੱਚ ਵਾਧੇ ਕਾਰਨ ਮਹਿੰਗਾਈ ਹੋਰ ਵਧੇਗੀ। ਇਜਿਸ ਨਾਲ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ‘ਤੇ ਆਰਥਿਕ ਬੋਝ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਤੇਲ ‘ਤੇ ਲਾਇਆ ਸੈੱਸ ਟੈਕਸ ਵਾਲਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਕਿਸਾਨਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ।