ਲੋਕਾਂ ਨੂੰ ਘਰ ਬੈਠੇ ਮਿਲਣਗੇ 406 ਸੇਵਾਵਾਂ ਦੇ ਲਾਭ
ਆਤਿਸ਼ ਗੁਪਤਾ
ਚੰਡੀਗੜ੍ਹ, 6 ਫਰਵਰੀ
ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਜ਼ਰੂਰੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਯੋਜਨਾ ਤਹਿਤ 363 ਹੋਰ ਸੇਵਾਵਾਂ ਸ਼ਾਮਲ ਕੀਤੀਆਂ ਹਨ। ਇਸ ਤਰ੍ਹਾਂ ਹੁਣ ਲੋਕਾਂ ਨੂੰ ਇਕ ਫੋਨ ਕਰਨ ’ਤੇ ਘਰ ਬੈਠੇ ਹੀ 406 ਸੇਵਾਵਾਂ ਦਾ ਲਾਭ ਮਿਲ ਸਕੇਗਾ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਦੇ ਸੈਕਟਰ-26 ’ਚ ਸਥਿਤ ਮਗਸੀਪਾ ਵਿੱਚ ਮੋਟਰਸਾਈਕਲਾਂ ’ਤੇ ਸਵਾਰ ‘ਸੇਵਾ ਸਹਾਇਕਾਂ’ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਦਿੱਤੀ। ਉਨ੍ਹਾਂ ਕਿਹਾ,‘‘ਸੂਬਾ ਵਾਸੀ 1076 ’ਤੇ ਫੋਨ ਕਰਕੇ ਘਰ ਬੈਠੇ ਹੀ ਆਪਣੀ ਸਹੂਲਤ ਅਨੁਸਾਰ ਆਨਲਾਈਨ ਬੁਕਿੰਗ ਕਰ ਸਕਦੇ ਹਨ, ਜਿਸ ਤੋਂ ਬਾਅਦ ‘ਸੇਵਾ ਸਹਾਇਕ’ ਤੁਹਾਡੇ ਘਰ ਪਹੁੰਚ ਜਾਵੇਗਾ।’’
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਰਜ਼ੀਆਂ, ਪੁਲੀਸ ਵੈਰੀਫਿਕੇਸ਼ਨ, ਯੂਟੀਲਿਟੀ ਕੁਨੈਕਸ਼ਨਜ਼, ਜ਼ਿਲ੍ਹਾ ਅਧਿਕਾਰੀਆਂ ਤੋਂ ਐੱਨਓਸੀਜ਼, ਕਿਰਾਏਦਾਰ ਦੀ ਵੈਰੀਫਿਕੇਸ਼ਨ ਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਦਾ ਲਾਭ ਘਰ ਬੈਠੇ ਮਿਲ ਸਕੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ ਲੋਕਾਂ ਨੂੰ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਧੱਕੇ ਖਾਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਸਰਕਾਰੀ ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣ ਅਤੇ ਰਿਕਾਰਡ ਨੂੰ ਡਿਜੀਟਾਈਜ਼ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਦੌਰਾਨ 77 ਲੱਖ ਤੋਂ ਵੱਧ ਸਰਟੀਫ਼ਿਕੇਟ ਪਹਿਲਾਂ ਹੀ ਡਿਜੀਟਲ ਰੂਪ ਵਿੱਚ ਡਿਲੀਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਹਿਲਕਦਮੀ ਸਦਕਾ ਪਟਵਾਰੀਆਂ ਵੱਲੋਂ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰੋਸੈੱਸ ਕੀਤੀਆਂ ਜਾ ਰਹੀਆਂ ਹਨ।