ਪਲਾਟਾਂ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਅਦਾਲਤ ਜਾਣਗੇ ਲੋਕ
ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 24 ਸਤੰਬਰ
ਇੱਥੋਂ ਦੇ ਸੈਕਟਰ-76 ਤੋਂ 80 ਦੇ ਬਾਸ਼ਿੰਦਿਆਂ ’ਤੇ ਜ਼ਬਰਦਸਤੀ ਥੋਪੀ ਗਈ ਇਨਹਾਸਮੈਂਟ (ਪਲਾਟਾਂ ਦੀ ਕੀਮਤ ਵਿੱਚ ਵਾਧੇ) ਖ਼ਿਲਾਫ਼ ਪੀੜਤਾਂ ਨੇ ਅੱਜ ਸੈਕਟਰ-79 ਦੇ ਸਪੈਸ਼ਲ ਪਾਰਕ ਵਿੱਚ ਇਕੱਠਾ ਕਰ ਕੇ ਪੰਜਾਬ ਸਰਕਾਰ ਤੇ ਗਮਾਡਾ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਇਨਸਾਫ਼ ਪ੍ਰਾਪਤੀ ਲਈ ਅਦਾਲਤ ਦਾ ਬੂਹਾ ਖੜਕਾਉਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਸੋਸ਼ਲ ਵੈੱਲਫੇਅਰ ਐਂਡ ਡਿਵੈਲਪਮੈਂਟ ਸੈਕਟਰ-79 ਦੇ ਪ੍ਰਧਾਨ ਹਰਦਿਆਲ ਚੰਦ ਬਡਬਰ, ਰੈਜ਼ੀਡੈਂਟ ਵੈੱਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਸੈਕਟਰ-77 ਦੇ ਜਨਰਲ ਸਕੱਤਰ ਜਰਨੈਲ ਸਿੰਘ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-80 ਤੋਂ ਲਾਭ ਸਿੰਘ, ਕੌਂਸਲਰ ਹਰਜੀਤ ਸਿੰਘ ਭੋਲੂ, ਨਵਜੋਤ ਸਿੰਘ ਬਾਛਲ, ਕਾਮਰੇਡ ਮੇਜਰ ਸਿੰਘ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-79 ਦੇ ਪ੍ਰਧਾਨ ਐੱਮਪੀ ਸਿੰਘ, ਗੁਰਦੇਵ ਸਿੰਘ ਦਿਉਲ, ਸੁਰਿੰਦਰ ਕੰਗ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਨਰਿੰਦਰ ਸਿੰਘ, ਦਿਆਲ ਚੰਦ, ਸੁਸ਼ੀਲ ਚੰਦ, ਕੁਲਵੰਤ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ ਕਾਹਲੋਂ ਅਤੇ ਕਮਲਵੀਰ ਸਿੰਘ ਸੋਢੀ ਨੇ ਵੀ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਸੈਕਟਰ-76 ਤੋਂ 80 ਦੇ ਵਸਨੀਕ ਕਈ ਵਾਰ ਸਥਾਨਕ ਵਿਧਾਇਕ ਅਤੇ ਗਮਾਡਾ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਹੁਣ ਤੱਕ ਕੋਈ ਰਾਹਤ ਨਹੀਂ ਮਿਲੀ। ਇਹੀ ਨਹੀਂ ਸੈਕਟਰ ਵਾਸੀਆਂ ਵੱਲੋਂ ਗਮਾਡਾ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤੇ ਗਏ ਅਤੇ ਗਮਾਡਾ ਅਧਿਕਾਰੀਆਂ ਨੇ ਮੰਗ ਪੱਤਰ ਹਾਸਲ ਕਰਦਿਆਂ ਮਾਮਲੇ ਦੇ ਹੱਲ ਲਈ ਭਰੋਸੇ ਵੀ ਦਿੱਤੇ ਪਰ ਮਸਲੇ ਦਾ ਹੱਲ ਨਹੀਂ ਹੋਇਆ। ਇਸ ਕਾਰਨ ਹੁਣ ਉਨ੍ਹਾਂ ਨੂੰ ਮਜਬੂਰ ਹੋ ਕੇ ਅਦਾਲਤ ਦੀ ਸ਼ਰਨ ਵਿੱਚ ਜਾਣਾ ਪੈ ਰਿਹਾ ਹੈ।
ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹੁਣ ਇਨਸਾਫ਼ ਲਈ ਕਾਨੂੰਨੀ ਲੜਾਈ ਲੜੀ ਜਾਵੇਗੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਘਰਸ਼ ਵੀ ਜਾਰੀ ਰਹੇਗਾ। ਬੁਲਾਰਿਆਂ ਨੇ ਸੈਕਟਰ ਵਾਸੀਆਂ ਨੂੰ ਚੌਕਸ ਕੀਤਾ ਕਿ ਕੁੱਝ ਰਾਜਸੀ ਆਗੂ ਸਿਆਸੀ ਲਾਹਾ ਲੈਣ ਲਈ ਚਾਲਾਂ ਚੱਲ ਰਹੇ ਹਨ, ਉਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।