For the best experience, open
https://m.punjabitribuneonline.com
on your mobile browser.
Advertisement

ਵਿਕਾਸ ਦੇ ਕੰਮਾਂ ਨੂੰ ਯਾਦ ਰੱਖਣਗੇ ਲੋਕ: ਭਗਵੰਤ ਮਾਨ

07:42 AM May 18, 2024 IST
ਵਿਕਾਸ ਦੇ ਕੰਮਾਂ ਨੂੰ ਯਾਦ ਰੱਖਣਗੇ ਲੋਕ  ਭਗਵੰਤ ਮਾਨ
ਕਰਤਾਰਪੁਰ ਵਿੱਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ/ਗੁਰਨੇਕ ਸਿੰਘ ਵਿਰਦੀ
ਜਲੰਧਰ/ਕਰਤਾਰਪੁਰ, 17 ਮਈ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਹ ਜਿੱਤ ਕੇ ਆਪਣੇ ਮਹਿਲਾਂ ਅੰਦਰ ਵੜ ਕੇ ਕੁੰਡੀ ਲਗਾ ਲੈਂਦੇ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਵਾ ਦੋ ਸਾਲ ਦੇ ਸਮੇਂ ਵਿੱਚ ਸੂਬੇ ਦੇ ਕੰਮ ਕਰਨ ਦੇ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਰਤਾਰਪੁਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਵਿੱਚ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਤਾਪਮਾਨ ਵਧਣ ਕਾਰਨ ਇਹ ਦੋਵੇਂ ਆਪਣੇ ਮਹਿਲਾਂ ਵਿੱਚੋਂ ਨਹੀਂ ਨਿਕਲਦੇ ਸਨ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਧਿਰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਸਾਬਿਤ ਕਰਦੀ ਹੈ ਤਾਂ ਉਹ ਉਨ੍ਹਾਂ ਲਈ ਜ਼ਹਿਰ ਦੀ ਗੋਲੀ ਵਾਂਗ ਹੋਵੇਗਾ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ। ਜਲੰਧਰ ਤੋਂ ਲੋਕ ਸਭਾ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਜਲੰਧਰ ਦੇ ਲੋਕ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ’ਤੇ ਮੋਹਰ ਲਗਾਉਣਗੇ। ਇਸ ਮੌਕੇ ਡਾਇਰੈਕਟਰ ਰਾਜਿੰਦਰ ਸਿੰਘ ਰੀਹਲ, ਡਾ. ਮਹਿੰਦਰਜੀਤ ਸਿੰਘ ਮਰਵਾਹਾ, ਚੇਅਰਮੈਨ ਚੰਦਨ ਗਰੇਵਾਲ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਰਾਜਵਿੰਦਰ ਕੌਰ ਧਿਆੜਾ ਮੌਜੂਦ ਸਨ।
ਟਾਂਡਾ (ਸੁਰਿੰੰਦਰ ਸਿੰਘ ਗੁਰਾਇਆ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਉਨ੍ਹਾਂ ਨਾਲ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੀ ਹਾਜ਼ਰ ਸਨ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਭਗਵੰਤ ਮਾਨ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸ ਦੌਰਾਨ ਰਾਜ ਕੁਮਾਰ ਚੱਬੇਵਾਲ ਨੇ ਵੀ ਸੰਬੋਧਨ ਕੀਤਾ।

Advertisement

ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਪੁਲੀਸ ਨੇ ਚੁੱਕੇ

ਹੁਸ਼ਿਆਰਪੁਰ/ਤਲਵਾੜਾ (ਹਰਪ੍ਰੀਤ ਕੌਰ/ਦੀਪਕ ਠਾਕੁਰ): ਪੰਜਾਬ ਪੁਲੀਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਟਾਂਡਾ ਫੇਰੀ ਦੇ ਮੱਦੇਨਜ਼ਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਘਰਾਂ ਵਿੱਚੋਂ ਹੀ ਕਾਬੂ ਕਰ ਲਿਆ ਅਤੇ ਅਣਦੱਸੀ ਥਾਂ ਲੈ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਟਾਂਡਾ ਵਿੱਚ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਾ ਸੀ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਟਾਂਡਾ ਫ਼ੇਰੀ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਅੱਜ ਤੜਕੇ ਹੀ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਾਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਰਾਜੀਵ ਕੁਮਾਰ ਸ਼ਰਮਾ, ਜ਼ਿਲ੍ਹਾ ਕੋ-ਕਨਵੀਨਰ ਪ੍ਰਿੰਸ, ਬਲਦੇਵ ਸਿੰਘ ਟਾਂਡਾ, ਰਜਤ ਮਹਾਜਨ ਮੁਕੇਰੀਆਂ ਅਤੇ ਜਸਵੀਰ ਬੋਦਲ ਦਸੂਹਾ ਨੂੰ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਮੰਗ ਕੀਤੀ ਕਿ ਹਿਰਾਸਤ ’ਚ ਲਏ ਮੁਲਾਜ਼ਮਾਂ ਨੂੰ ਤੁਰੰਤ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਲੈਕਚਰਾਰ ਅਮਰ ਸਿੰਘ, ਪ੍ਰਿਤਪਾਲ ਸਿੰਘ ਚੌਟਾਲਾ, ਹਰਵਿੰਦਰ ਸਿੰਘ, ਸੁਨੀਲ ਕੁਮਾਰ ਮੌਜੂਦ ਸਨ।

Advertisement
Author Image

joginder kumar

View all posts

Advertisement
Advertisement
×