ਧਰਮ ਦੇ ਨਾਂ ’ਤੇ ਰਾਜਨੀਤੀ ਕਰਨ ਵਾਲਿਆਂ ਨੂੰ ਲੋਕ ਸਬਕ ਸਿਖਾਉਣਗੇ: ਔਜਲਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਆਗੂ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਔਜਲਾ ਨੇ ਦੱਸਿਆ ਕਿ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਜਨਰਲ ਸਕੱਤਰ ਹਰਜਿੰਦਰ ਸਿੰਘ ਜਿੰਦਾ, ਪ੍ਰਧਾਨ ਮਾਝਾ ਜ਼ੋਨ ਅਮਨਪ੍ਰੀਤ ਸਿੰਘ ਹੈਰੀ, ਬੀ.ਸੀ. ਵਿੰਗ ਦੇ ਪ੍ਰਧਾਨ ਬਲਵੰਤ ਸਿੰਘ ਅਤੇ ਬੀ.ਜੇ.ਪੀ. ਸ਼ਹਿਰੀ ਸਕੱਤਰ ਤਰਲੋਕ ਚੰਦ ਤੇ ਉਨ੍ਹਾਂ ਦੇ ਸਾਥੀ ਸ਼ਾਮਲ ਹਨ। ਇਹ ਸਾਰੇ ਆਪਣੇ ਸਾਥੀਆਂ ਸਮੇਤ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸ੍ਰੀ ਔਜਲਾ ਅਤੇ ਉੱਤਰਾਖੰਡ ਤੇ ਕਾਂਗਰਸੀ ਯਸ਼ਪਾਲ ਆਰੀਆ ਨੇ ਸਿਰੋਪੇ ਦੇ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਸ੍ਰੀ ਔਜਲਾ ਨੇ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਿੱਚ ਕਥਿਤ ਸ਼ਮੂਲੀਅਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖਤਮ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਇਸ ਵੇਲੇ ਹਾਸ਼ੀਏ ’ਤੇ ਹੈ।
ਇਸ ਮੌਕੇ ਸ੍ਰੀ ਔਜਲਾ ਨੇ ਕਿਹਾ ਕਿ ਭਾਜਪਾ ਵਾਲੇ ਵੋਟਾਂ ਦੇ ਨਾਮ ’ਤੇ ਕਹਿਣ ਲੱਗ ਪਏ ਹਨ ਕਿ ‘ਉਹ ਰਾਮ ਜੀ ਨੂੰ ਲਿਆਏ ਹਨ’। ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ’ਤੇ ਰਾਜਨੀਤੀ ਕਰਨ ਵਾਲਿਆਂ ਬਾਰੇ ਲੋਕ ਸਿਆਣੇ ਹੋ ਗਏ ਹਨ ਅਤੇ 4 ਜੂਨ ਨੂੰ ਉਨ੍ਹਾਂ ਨੂੰ ਸਬਕ ਸਿਖਾਉਣਗੇ। ਡੇਰਾ ਸਿਰਸਾ ਮੁਖੀ ਦੀ ਕਤਲ ਕੇਸ ਵਿੱਚ ਰਿਹਾਈ ’ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰਾ ਕੁਝ ਵੋਟਾਂ ਲਈ ਕੀਤਾ ਜਾ ਰਿਹਾ ਹੈ।