ਲੋਕਾਂ ਦਾ ਕਾਂਗਰਸ ’ਚ ਭਰੋਸਾ ਵਧਿਆ: ਰਾਜਾ ਵੜਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਦਸੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਲੋਕ ਸਭਾ ਚੋਣਾਂ ਤੋਂ ਬਾਅਦ ਪੰਚਾਇਤੀ ਅਤੇ ਹੁਣ ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੱਡੀ ਗਿਣਤੀ ਵਾਰਡਾਂ ’ਚ ਜਿੱਤ ਹਾਸਲ ਕੀਤੀ ਹੈ। ਇੱਥੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਮ੍ਰਿਤਸਰ ਤੇ ਫਗਵਾੜਾ ਵਿੱਚ ਆਪਣਾ ਮੇਅਰ ਬਣਾਵੇਗੀ। ਵੜਿੰਗ ਨੇ ਕਿਹਾ ਕਿ ਨਗਰ ਨਿਗਮ ਤੇ ਕੌਂਸਲ ਚੋਣਾਂ ਦੌਰਾਨ ‘ਆਪ’ ਸਰਕਾਰ ਨੇ ਸੱਤਾ ਦੀ ਦੁਰਵਰਤੋਂ ਕੀਤੀ। ਪਟਿਆਲਾ ਵਿੱਚ ਵਿਰੋਧੀ ਪਾਰਟੀਆਂ ਨੂੰ ਨਾਮਜ਼ਦਗੀਆਂ ਦਾਖ਼ਲ ਨਹੀਂ ਕਰਨ ਦਿੱਤੀਆਂ ਗਈਆਂ ਅਤੇ ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ।
ਰਾਜਪਾਲ ਨੂੰ ਸੌਂਪਿਆ ਜਾਵੇਗਾ ਪੱਤਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।
‘ਆਪ’ ਨੇ ਸੱਤਾ ਦੀ ਦੁਰਵਰਤੋਂ ਕੀਤੀ: ਬਾਜਵਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਨੇ ਕੋਈ ਚੋਣ ਨਹੀਂ ਜਿੱਤੀ, ਉਨ੍ਹਾਂ ਨੇ ਆਪਣੀ ਤਾਕਤ ਦੀ ਵਰਤੋਂ ਕਰ ਕੇ ਨਤੀਜੇ ਕਥਿਤ ਚੋਰੀ ਕੀਤੇ ਹਨ। ‘ਆਪ’ ਨੇ ਜੋ ਵੀ ਸੀਟਾਂ ਜਿੱਤੀਆਂ ਹਨ, ਉਹ ਸਿਰਫ਼ ਤਾਕਤ ਦੀ ਦੁਰਵਰਤੋਂ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਰਾਜਧਾਨੀ ਮੰਨੇ ਜਾਂਦੇ ਸੰਗਰੂਰ ’ਚ ਕਾਂਗਰਸ ਨੌਂ ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਾਂਗਰਸੀ ਵਰਕਰਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।