For the best experience, open
https://m.punjabitribuneonline.com
on your mobile browser.
Advertisement

ਮੌਜੂਦਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ

08:19 AM Aug 26, 2023 IST
ਮੌਜੂਦਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ
Advertisement

ਡਾ. ਕੇਸਰ ਸਿੰਘ ਭੰਗੂ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 10ਵੀਂ ਵਾਰ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਇਆ ਹੈ ਅਤੇ ਇਹ ਐਲਾਨ ਵੀ ਕੀਤਾ ਹੈ ਕਿ ਉਹ ਅਗਲੇ ਸਾਲ ਫਿਰ ਆਜ਼ਾਦੀ ਦਿਹਾੜੇ ’ਤੇ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਉਣਗੇ। ਹੁਣ ਇਸ ਸਰਕਾਰ ਦੀ ਦੋ ਕਾਰਜ ਕਾਲਾਂ ਦੀ ਕਾਰਗੁਜ਼ਾਰੀ ’ਤੇ ਨਿਗਾਹ ਮਾਰੀ ਜਾ ਸਕਦੀ ਹੈ। ਸਰਕਾਰ ਵੱਲੋਂ ਆਪਣਾ ਕੰਮ-ਕਾਜ ਸੰਭਾਲਣ ਤੋਂ ਦੋ ਤਿੰਨ ਸਾਲਾਂ ਬਾਅਦ ਹੀ ਭਾਰਤ ਦੀ ਅਰਥ ਵਿਵਸਥਾ ਲਗਾਤਾਰ ਗਿਰਾਵਟ ਵੱਲ ਜਾਂਦੀ ਦਿਸਣ ਲੱਗ ਪਈ ਸੀ ਕਿਉਂਕਿ ਆਰਥਿਕਤਾ ਦੇ ਲਗਭੱਗ ਸਾਰੇ ਹੀ ਮਹੱਤਵਪੂਰਨ ਸੂਚਕ ਜਿਵੇਂ ਆਰਥਿਕ ਵਿਕਾਸ ਦਰ, ਪ੍ਰਤੀ ਵਿਅਕਤੀ ਆਮਦਨ ਦਰ, ਬੇਰੁਜ਼ਗਾਰੀ ਦੀ ਦਰ, ਮਹਿੰਗਾਈ ਦੀ ਦਰ, ਗ਼ਰੀਬੀ ਦੀ ਸਥਿਤੀ ਆਦਿ ਨੀਵੇਂ ਪੱਧਰ ’ਤੇ ਆ ਗਏ ਹਨ। ਅਜਿਹਾ ਹੋਣ ਵਿਚ ਕਿਸੇ ਵੀ ਬਾਹਰੀ ਅਤੇ ਕੌਮਾਂਤਰੀ ਨੀਤੀਆਂ ਤੇ ਕਾਰਕਾਂ ਦਾ ਰੋਲ ਨਹੀਂ। ਗਹੁ ਨਾਲ ਵਾਚਿਆ ਜਾਵੇ ਤਾਂ ਪਤਾ ਲੱਗਦਾ ਹੈ ਕਿ ਇਸ ਸਥਿਤੀ ਲਈ ਸਰਕਾਰ ਦੀਆਂ ਨੀਤੀਆਂ ਹੀ ਜਿ਼ੰਮੇਵਾਰ ਹਨ। ਮੌਜੂਦਾ ਕੇਂਦਰ ਸਰਕਾਰ ਨੇ ਭਾਵੇਂ ਪਿਛਲੇ ਦਸ ਸਾਲਾਂ ਵਿਚ ਬਹੁਤ ਸਾਰੀਆਂ ਆਰਥਿਕ ਨੀਤੀਆਂ ਵਿਚ ਬਦਲਾਓ ਕੀਤੇ ਜਿਵੇਂ ਯੋਜਨਾ ਕਮਿਸ਼ਨ ਤੋੜ ਕੇ ਨੀਤੀ ਆਯੋਗ ਬਣਾਉਣਾ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ, 2016 ਵਿਚ ਨੋਟਬੰਦੀ, 2017 ਗੁੱਡਜ਼ ਤੇ ਸਰਵਿਸ ਟੈਕਸ ਲਗਾਉਣਾ ਆਦਿ।
ਸਰਕਾਰ ਨੇ ਪਿਛਲੀ ਸਰਕਾਰ ਤੋਂ ਵਿਰਸੇ ਵਿਚ ਵਿੱਤੀ ਸਾਲ 2014-15 ਦੌਰਾਨ ਚੰਗੀ ਆਰਥਿਕ ਹਾਲਤ ਵਿਚ ਅਰਥ ਵਿਵਸਥਾ ਸੰਭਾਲੀ ਸੀ ਕਿਉਂਕਿ ਇਸ ਵਿੱਤੀ ਸਾਲ ਦੌਰਾਨ ਕੁੱਲ ਘਰੇਲੂ ਉਤਪਾਦ ਦੇ ਵਿਕਾਸ ਦਰ 7.4 ਪ੍ਰਤੀਸ਼ਤ ਅਤੇ ਪ੍ਰਤੀ ਵਿਅਕਤੀ ਆਮਦਨ ਵਿਚ ਵਾਧੇ ਦੀ ਦਰ 6.2 ਪ੍ਰਤੀਸ਼ਤ ਸੀ। ਸਰਕਾਰ ਦੇ ਕੰਮ-ਕਾਜ ਸੰਭਾਲਣ ਦੇ ਤਿੰਨ ਮਹੀਨਿਆਂ ਬਾਅਦ, ਭਾਵ ਅਗਸਤ 2014 ਵਿਚ ਦੁਨੀਆ ਭਰ ਵਿਚ ਕੱਚੇ ਤੇਲ ਦੀਆਂ ਅਤੇ ਹੋਰ ਪੈਟਰੋਲੀਅਮ ਪਦਾਰਥਾਂ ਵਿਚ ਭਾਰੀ ਇਤਿਹਾਸਕ ਗਿਰਾਵਟ ਆਈ ਜਿਸ ਨੇ ਪਹਿਲਾਂ ਤੋਂ ਹੀ ਚੰਗੀ ਆਰਥਿਕ ਤਰੱਕੀ ਕਰ ਰਹੀ ਭਾਰਤ ਦੀ ਅਰਥ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ; ਨਤੀਜੇ ਵਜੋਂ ਵਿੱਤੀ ਸਾਲ 2016-17 ਵਿਚ ਕੁੱਲ ਘਰੇਲੂ ਉਤਪਾਦ ਦੀ ਵਿਕਾਸ ਦਰ ਵਿਚ 8.3 ਪ੍ਰਤੀਸ਼ਤ ਅਤੇ ਪ੍ਰਤੀ ਵਿਅਕਤੀ ਆਮਦਨ ਦਰ ਵਿਚ 6.9 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਅਗਲੇ ਸਾਲਾਂ ਵਿਚ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਅਤੇ ਪ੍ਰਤੀ ਵਿਅਕਤੀ ਆਮਦਨ ਦੇ ਵਾਧੇ ਦੀ ਦਰ ਘਟ ਗਈ।
ਇਹ ਵੀ ਸੱਚ ਹੈ ਕਿ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 2014-15 ਤੋਂ ਹੁਣ ਤੱਕ ਦੁੱਗਣੀ ਹੋ ਗਈ ਹੈ। ਪ੍ਰਚੱਲਿਤ ਕੀਮਤਾਂ ਤੇ 2014-15 ਵਿਚ ਪ੍ਰਤੀ ਵਿਅਕਤੀ ਆਮਦਨ 86,647 ਰੁਪਏ ਸੀ ਜਿਹੜੀ ਹੁਣ 98 ਪ੍ਰਤੀਸ਼ਤ ਤੋਂ ਵੱਧ ਵਾਧੇ ਨਾਲ 1,72,000 ਰੁਪਏ ਹੋ ਗਈ ਹੈ। ਇੱਥੇ ਸਪੱਸ਼ਟ ਕਰਨਾ ਬਣਦਾ ਹੈ ਕਿ ਜਦੋਂ ਕੁੱਲ ਘਰੇਲੂ ਪੈਦਾਵਾਰ ਅਤੇ ਪ੍ਰਤੀ ਵਿਅਕਤੀ ਆਮਦਨ ਦਾ ਮੁਕਾਬਲਤਨ ਅਧਿਐਨ ਪ੍ਰਚੱਲਿਤ ਕੀਮਤਾਂ ਅਨੁਸਾਰ ਕੀਤਾ ਜਾਂਦਾ ਹੈ ਤਾਂ ਸਹੀ ਤਸਵੀਰ ਸਾਹਮਣੇ ਨਹੀਂ ਆਉਂਦੀ ਕਿਉਂਕਿ ਇਸ ਵਿਚ ਮਹਿੰਗਾਈ ਵੀ ਸ਼ਾਮਿਲ ਹੁੰਦੀ ਹੈ। ਇਸ ਲਈ ਅਸਲ ਸਥਿਤੀ ਉਦੋਂ ਸਾਹਮਣੇ ਆਉਂਦੀ ਹੈ ਜਦੋਂ ਇਨ੍ਹਾਂ ਦਾ ਮੁਕਾਬਲਤਨ ਅਧਿਐਨ ਸਥਿਰ ਕੀਮਤਾਂ ’ਤੇ ਕੀਤਾ ਜਾਵੇ। 2011-12 ਦੀਆਂ ਸਥਿਰ ਕੀਮਤਾਂ ਦੇ ਹਿਸਾਬ ਨਾਲ ਇਹ ਵਾਧਾ 98 ਪ੍ਰਤੀਸ਼ਤ ਤੋਂ ਵੱਧ ਨਾ ਹੋ ਕੇ ਕੇਵਲ 35 ਪ੍ਰਤੀਸ਼ਤ ਦੇ ਨੇੜੇ ਸੀ; 2014-15 ਵਿਚ ਸਥਿਰ ਕੀਮਤਾਂ ਅਨੁਸਾਰ ਪ੍ਰਤੀ ਵਿਅਕਤੀ ਆਮਦਨ 72805 ਰੁਪਏ ਤੋਂ ਵਧ ਕੇ 2022-23 ਵਿਚ 98,118 ਰੁਪਏ ਹੋ ਗਈ ਪਰ ਜੇ ਇਸ ਤੋਂ ਪਹਿਲਾਂ ਦੇ 10 ਸਾਲਾਂ ਵਿਚ ਪ੍ਰਤੀ ਵਿਅਕਤੀ ਆਮਦਨ ਦਾ ਵਾਧਾ ਦੇਖਿਆ ਜਾਵੇ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਪ੍ਰਤੀ ਵਿਅਕਤੀ ਆਮਦਨ ਵਿਚ ਵਾਧੇ ਦੇ ਮਾਮਲੇ ਵਿਚ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਅੱਛੀ ਨਹੀਂ ਰਹੀ। ਮਨਮੋਹਨ ਸਿੰਘ ਸਰਕਾਰ ਸਮੇਂ 10 ਸਾਲਾਂ ਵਿਚ ਇਹ ਵਾਧਾ ਪ੍ਰਚੱਲਿਤ ਕੀਮਤਾਂ ’ਤੇ 157 ਪ੍ਰਤੀਸ਼ਤ ਸੀ, ਭਾਵ 2006-07 ਵਿਚ ਪ੍ਰਤੀ ਵਿਅਕਤੀ ਆਮਦਨ 33,717 ਰੁਪਏ ਤੋਂ ਵਧ ਕੇ 2014-15 ਵਿਚ 86,647 ਰੁਪਏ ਹੋ ਗਈ ਸੀ। ਇਸੇ ਸਮੇਂ ਦੌਰਾਨ ਸਥਿਰ ਕੀਮਤਾਂ ’ਤੇ ਪ੍ਰਤੀ ਵਿਅਕਤੀ ਆਮਦਨ 51431 ਰੁਪਏ ਤੋਂ ਵਧ ਕੇ 72805 ਰੁਪਏ ਹੋ ਗਈ, ਭਾਵ ਇਹ ਵਾਧਾ 42 ਪ੍ਰਤੀਸ਼ਤ ਦੇ ਨੇੜੇ ਸੀ।
ਕੇਂਦਰ ਸਰਕਾਰ ਨੇ ਨਵੰਬਰ 2016 ਨੋਟਬੰਦੀ ਲਾਗੂ ਕੀਤੀ, ਇਹ ਬੇਲੋੜਾ ਫ਼ੈਸਲਾ ਸੀ ਕਿਉਂਕਿ ਨੋਟਬੰਦੀ ਦੇ ਫ਼ੈਸਲੇ ਨਾਲ ਆਮ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਫ਼ੈਸਲੇ ਨੇ ਦੇਸ਼ ਵਿਚ ਬਹੁਤ ਸਾਰੇ ਲੋਕਾਂ ਦੀ ਆਮਦਨ ਤੇ ਰੁਜ਼ਗਾਰ ਨੂੰ ਢਾਹ ਲਾਈ; ਖ਼ਾਸ ਕਰ ਕੇ ਛੋਟੇ ਤੇ ਦਰਮਿਆਨੇ ਉਦਯੋਗਾਂ ਅਤੇ ਗ਼ੈਰ-ਸੰਗਠਿਤ ਖੇਤਰ ਦੇ ਅਦਾਰਿਆਂ ਦੇ ਕਰਮੀਆਂ ਤੇ ਮਾਲਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ। ਉਂਝ ਵੀ ਇਸ ਨਾਲ ਸਰਕਾਰ ਵੱਲੋਂ ਐਲਾਨੇ ਇਕ ਵੀ ਉਦੇਸ਼ ਦੀ ਪੂਰਤੀ ਨਹੀਂ ਹੋਈ। ਫਿਰ 2017 ਦੌਰਾਨ ਗੁੱਡਜ਼ ਤੇ ਸਰਵਿਸ ਟੈਕਸ (ਜੀਐੱਸਟੀ) ਲਾਗੂ ਕੀਤਾ ਗਿਆ। ਸਰਕਾਰ ਦੇ ਇਸ ਫ਼ੈਸਲੇ ਨੇ ਵੀ ਛੋਟੇ, ਦਰਮਿਆਨੇ ਅਤੇ ਗ਼ੈਰ-ਸੰਗਠਿਤ ਵਪਾਰਕ ਅਦਾਰਿਆਂ ਨੂੰ ਵੱਡੀ ਢਾਹ ਲਾਈ। ਇਸ ਫ਼ੈਸਲੇ ਨੇ ਦੇਸ਼ ਦੇ ਮਜ਼ਬੂਤ ਸੰਘੀ (ਫੈਡਰਲ) ਢਾਂਚੇ ਨੂੰ ਨੀਵਾਂ ਦਿਖਾਇਆ, ਨਾਲ ਹੀ ਸੂਬਿਆਂ ਦੇ ਟੈਕਸ ਲਾਗੂ ਕਰ ਕੇ ਆਪਣੀ ਆਮਦਨ ਵਿਚ ਵਾਧਾ ਕਰਨ ’ਤੇ ਰੋਕ ਲਗਾ ਦਿੱਤੀ। ਹੁਣ ਸਾਰੇ ਸੂਬੇ ਛੋਟੀ ਛੋਟੀ ਵਿੱਤੀ ਸਹਾਇਤਾ ਲਈ ਵੀ ਕੇਂਦਰ ਸਰਕਾਰ ’ਤੇ ਨਿਰਭਰ ਹਨ। ਉਸ ਵਕਤ ਤਾਂ ਦੇਸ਼ ਦੀਆਂ ਮਜ਼ਬੂਤ ਖੇਤਰੀ ਰਾਜਨੀਤਕ ਪਾਰਟੀਆਂ ਜਿਹੜੀਆਂ ਅਸਲ ਸੰਘਵਾਦ ਅਤੇ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਦੀਆਂ ਝੰਡਾਬਰਦਾਰ ਸਨ, ਨੇ ਵੀ ਇਹ ਟੈਕਸ ਲਾਗੂ ਕਰਨ ਲਈ ਹਾਮੀ ਭਰ ਦਿੱਤੀ ਸੀ।
ਇਨ੍ਹਾਂ ਆਰਥਿਕ ਤਬਦੀਲੀਆਂ ਨੇ ਆਮ ਲੋਕਾਂ ਦੀ ਰੋਜ਼ੀ-ਰੋਟੀ ਕਮਾਉਣ ਦੇ ਵਸੀਲਿਆਂ ਨੂੰ ਢਾਹ ਲਾਈ ਜਿਸ ਕਾਰਨ ਲੋਕਾਂ ਦਾ ਰੁਜ਼ਗਾਰ ਖੁੱਸਿਆ, ਆਮਦਨ ਘਟੀ, ਗ਼ਰੀਬੀ ਵਧੀ ਅਤੇ ਖੁਰਾਕ ਸੁਰੱਖਿਆ ਖ਼ਤਰੇ ਵਿਚ ਪਈ; ਬਹੁਤ ਸਾਰੇ ਲੋਕ ਭੁੱਖਮਰੀ ਦੀ ਕਗਾਰ ’ਤੇ ਪਹੁੰਚ ਗਏ। ਇਨ੍ਹਾਂ ਨੀਤੀਆਂ ਕਾਰਨ ਪਿਛਲੇ ਪੰਜ ਦਹਾਕਿਆਂ ਤੋਂ ਪਹਿਲੀ ਵਾਰ ਪ੍ਰਤੀ ਵਿਅਕਤੀ ਆਮਦਨ ਘਟੀ ਕਿਉਂਕਿ ਵਿੱਤੀ ਸਾਲ 2017-18 ਤੋਂ ਲੈ ਕੇ 2021-22 ਦਰਮਿਆਨ ਪ੍ਰਤੀ ਵਿਅਕਤੀ ਆਮਦਨ ਦਰ 0.2 ਪ੍ਰਤੀਸ਼ਤ ਦੇ ਹਿਸਾਬ ਨਾਲ ਸਾਲਾਨਾ ਘਟ ਗਈ। ਇੱਥੇ ਹੀ ਬਸ ਨਹੀਂ, ਗ਼ੈਰ-ਖੇਤੀ ਧੰਦਿਆਂ ਵਿਚ ਕੰਮ ਕਰਦੇ ਲੋਕਾਂ ਦੀ ਅਸਲ ਮਜ਼ਦੂਰੀ ਵੀ 0.2 ਪ੍ਰਤੀਸ਼ਤ ਦੇ ਹਿਸਾਬ ਨਾਲ ਘਟੀ। 2016-17 ਤੋਂ ਬਾਅਦ ਅਸਲ ਮਜ਼ਦੂਰੀ ਵਿਚ 0.7 ਪ੍ਰਤੀਸ਼ਤ ਸਾਲਾਨਾ ਦਾ ਭਾਰੀ ਘਾਟਾ ਦਰਜ ਹੋਇਆ।
ਇਹ ਅੰਕੜੇ ਪਿਛਲੇ ਸਾਲਾਂ ਦੌਰਾਨ ਵਧੀ ਗ਼ਰੀਬੀ ਅਤੇ ਗ਼ਰੀਬੀ ਘਟਣ ਦੀ ਦਰ ਵਿਚ ਆਈ ਕਮੀ ਵੱਲ ਇਸ਼ਾਰਾ ਕਰਦੇ ਹਨ ਪਰ ਦੇਸ਼ ਵਿਚ ਗ਼ਰੀਬੀ ਦੇ ਅੰਕੜੇ 2011-12 ਤੱਕ ਦੇ ਹੀ ਮਿਲਦੇ ਹਨ। ਗ਼ਰੀਬੀ ਸਬੰਧੀ ਜਿਹੜਾ ਸਰਵੇਖਣ 2017-18 ਵਿਚ ਹੋਇਆ ਸੀ, ਉਸ ਨੂੰ ਸਰਕਾਰ ਨੇ ਤਕਨੀਕੀ ਖਾਮੀਆਂ ਹੋਣ ਕਾਰਨ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ। ਇਸੇ ਤਰ੍ਹਾਂ ਸਰਕਾਰ ਨੇ 2021 ਦੀ ਜਨਗਣਨਾ ਨੂੰ ਵੀ ਵਿਚ-ਵਿਚਾਲੇ ਰੋਕਿਆ ਹੋਇਆ ਹੈ। ਇਸ ਲਈ ਉਪਰੋਕਤ ਅੰਕੜਿਆਂ ਅਨੁਸਾਰ ਕਿਹਾ ਜਾ ਸਕਦਾ ਹੈ ਕਿ ਜਦੋਂ ਦੇਸ਼ ਵਿਚ ਲੋਕਾਂ ਦੇ ਰੁਜ਼ਗਾਰ ਅਤੇ ਆਮਦਨ ਘਟੀ ਹੈ ਤਾਂ ਸੁਭਾਵਿਕ ਹੈ ਕਿ ਦੇਸ਼ ਵਿਚ ਗ਼ਰੀਬੀ ਵੀ ਵਧੀ ਹੈ।
ਇਸ ਦੇ ਨਾਲ ਹੀ ਜਿੰਨੀਆਂ ਵੀ ਆਰਥਿਕ ਅਤੇ ਸਮਾਜਿਕ ਕਲਿਆਣ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਜਿਵੇਂ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਿਉਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਮੇਕ ਇੰਨ ਇੰਡੀਆ, ਹਰ ਸਾਲ ਦੋ ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਯੋਜਨਾ, ਗ਼ਰੀਬ ਲੋਕਾਂ ਨੂੰ ਘਰ ਬਣਾ ਕੇ ਦੇਣ, ਰਸੋਈ ਗੈਸ, ਪਬਲਿਕ ਗੁਸਲਖਾਨੇ ਬਣਾਉਣ ਦੀਆਂ ਯੋਜਨਾਵਾਂ ਆਦਿ; ਇਨ੍ਹਾਂ ਸਾਰੀਆਂ ਯੋਜਨਾਵਾਂ ਨੂੰ ਬੜੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਤਾਂ ਕੀਤਾ ਗਿਆ ਪਰ ਬਹੁਤੀਆਂ ਨੇ ਅੱਧ-ਵਿਚਕਾਰ ਹੀ ਦਮ ਤੋੜ ਦਿੱਤਾ ਜਾਂ ਜਿਨ੍ਹਾਂ ਲੋਕਾਂ ਲਈ ਇਹ ਸ਼ੁਰੂ ਕੀਤੀਆਂ ਸਨ, ਉਨ੍ਹਾਂ ਦਾ ਫਾਇਦਾ ਕਰਨ ਦੀ ਬਜਾਇ ਇਹ ਯੋਜਨਾਵਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿਚ ਭੁਗਤੀਆਂ।
ਹੁਣ ਦੇਸ਼ ਵਿਚ ਪਿਛਲੇ ਕੁਝ ਸਾਲਾਂ ਤੋਂ ਵਧ ਰਹੀ ਹਰ ਕਿਸਮ ਦੀ ਮਹਿੰਗਾਈ ਦੀ ਗੱਲ ਕਰੀਏ ਤਾਂ ਪਤਾ ਲਗਦਾ ਹੈ ਕਿ ਅੱਜ ਪਰਚੂਨ ਅਤੇ ਥੋਕ ਮਹਿੰਗਾਈ ਦੀਆਂ ਦਰਾਂ ਜੋ ਕੁਝ ਸਾਲਾਂ ਤੋਂ ਲਗਾਤਾਰ ਵਧ ਰਹੀਆਂ ਹਨ, 10 ਸਾਲਾਂ ਵਿਚ ਸਭ ਤੋਂ ਉੱਚੇ ਪੱਧਰ ’ਤੇ ਹਨ। ਗ਼ਰੀਬ ਲੋਕ ਜੋ ਬਹੁਗਿਣਤੀ ਵਿਚ ਹਨ, ਇਸ ਮਹਿੰਗਾਈ ਦੀ ਮਾਰ ਸਭ ਤੋਂ ਵੱਧ ਝੱਲ ਰਹੇ ਹਨ। ਪਿਛਲੇ ਸਮੇਂ ਦੌਰਾਨ ਪੈਟਰੋਲੀਅਮ ਪਦਾਰਥਾਂ, ਖਾਣ ਵਾਲੇ ਤੇਲਾਂ, ਖਾਦ ਪਦਾਰਥਾਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਬੇਹਿਸਾਬ ਵਾਧਾ ਹੋਇਆ ਹੈ। ਨਤੀਜੇ ਵਜੋਂ ਇਹ ਪਦਾਰਥ ਆਮ ਲੋਕਾਂ ਦੀ ਖਪਤ ਵਿਚੋਂ ਬਾਹਰ ਹੋ ਰਹੇ ਹਨ। ਇਹ ਵੀ ਦੇਖਣ ਵਿਚ ਆਇਆ ਹੈ ਕਿ ਵਧ ਰਹੀ ਮਹਿੰਗਾਈ ਦੇ ਅਸਲ ਕਾਰਨ ਸਰਕਾਰ ਵੱਲੋਂ ਨੀਤੀਆਂ ਨਾਲ ਗ਼ਲਤ ਛੇੜਛਾੜ, ਕਾਰਪੋਰੇਟ ਘਰਾਣਿਆਂ ਨੂੰ ਮਣਾਂ ਮੂੰਹੀਂ ਮੁਨਾਫ਼ਾ ਕਮਾਉਣ ਦੀ ਖੁੱਲ੍ਹ ਦੇਣਾ ਅਤੇ ਸਰਕਾਰ ਦੀਆਂ ਹੋਰ ਆਰਥਿਕ ਤਰਜੀਹਾਂ ਹਨ; ਭਾਵ, ਮਹਿੰਗਾਈ ਲਈ ਜਿ਼ੰਮੇਵਾਰ ਕਾਰਕ ਅੰਦਰੂਨੀ ਹਨ ਭਾਵੇਂ ਕੌਮਾਂਤਰੀ ਕਾਰਕਾਂ ਨੇ ਵੀ ਥੋੜ੍ਹਾ ਯੋਗਦਾਨ ਪਾਇਆ ਹੈ। ਇੱਥੇ ਸਰਕਾਰ ਦੀਆਂ ਆਰਥਿਕ ਤਰਜੀਹਾਂ ਤੋਂ ਮਤਲਬ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾਖੋਰੀ ਵਾਲੀਆਂ ਨੀਤੀਆਂ ਉੱਪਰ ਚਲ ਰਹੀ ਹੈ। ਇਹੀ ਕਾਰਨ ਹੈ ਕਿ ਭਾਰਤ ਵਿਚ ਲਗਾਤਾਰ ਅਰਬਪਤੀਆਂ ਦੀ ਗਿਣਤੀ ਵਿਚ ਚੋਖਾ ਵਾਧਾ ਹੋ ਰਿਹਾ ਹੈ। ਚਾਹੀਦਾ ਤਾਂ ਇਹ ਸੀ ਕਿ ਸਰਕਾਰ ਨੀਤੀਆਂ ਵਿਚ ਲੋਕ ਪੱਖੀ ਤਬਦੀਲੀਆਂ ਕਰ ਕੇ ਆਮ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦੀ ਜਿਸ ਨਾਲ ਲੋਕਾਂ ਦੀ ਆਮਦਨ ਵਧਦੀ ਅਤੇ ਮਹਿੰਗਾਈ ਤੋਂ ਆਮ ਆਦਮੀ ਨੂੰ ਰਾਹਤ ਮਿਲਦੀ ਪਰ ਅਜਿਹਾ ਨਹੀਂ ਹੋਇਆ ਅਤੇ ਦੇਸ਼ ਦੀ ਆਬਾਦੀ ਦਾ ਵੱਡਾ ਹਿੱਸਾ ਘੋਰ ਗ਼ਰੀਬੀ ਵੱਲ ਧੱਕਿਆ ਗਿਆ।
*ਸਾਬਕਾ ਡੀਨ ਤੇ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਪਰਕ: 98154-27127

Advertisement

Advertisement
Author Image

sukhwinder singh

View all posts

Advertisement