ਸਥਾਈ ਲੋਕ ਅਦਾਲਤਾਂ ਜਨਤਾ ਲਈ ਵਰਦਾਨ: ਗੁਪਤਾ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਨਵੰਬਰ
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਸਥਾਈ ਲੋਕ ਅਦਾਲਤ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਜ਼ਿਲ੍ਹਾ ਕਚਹਿਰੀਆਂ ਵਿੱਚ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਥਾਈ ਲੋਕ ਅਦਾਲਤ ਰਾਹੀਂ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸਾਂ ਦਾ ਨਿਬੇੜਾ ਛੇਤੀ ਹੋ ਜਾਂਦਾ ਹੈ ਅਤੇ ਲੋਕ ਅਦਾਲਤ ਤੱਕ ਪਹੁੰਚ ਕਰਨ ਵਾਲੇ ਲੋਕਾਂ ਨੂੰ ਜਲਦੀ, ਮੁਫ਼ਤ ਅਤੇ ਸਸਤਾ ਨਿਆਂ ਮਿਲਦਾ ਹੈ।
ਉਨ੍ਹਾਂ ਆਖਿਆ ਕਿ ਇਹ ਲੋਕ ਅਦਾਲਤ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸਾਂ ਵਿੱਚ ਆਮ ਲੋਕਾਂ ਨੂੰ ਨਿਆਂ ਦਿਵਾਉਣ ਲਈ ਵਰਦਾਨ ਸਾਬਤ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਥਾਈ ਲੋਕ ਅਦਾਲਤ ਰਾਹੀਂ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਝਗੜਿਆਂ ਜਾਂ ਸ਼ਿਕਾਇਤਾਂ ਦਾ ਨਿਬੇੜਾ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਅਤੇ ਚੇਅਰਮੈਨ ਸਥਾਈ ਲੋਕ ਅਦਾਲਤ ਨਾਲ ਸੰਪਰਕ ਕਰਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੋਈ ਵੀ ਲੋੜਵੰਦ ਵਿਅਕਤੀ ਸਾਦੇ ਕਾਗਜ਼ ਤੇ ਦਰਖ਼ਾਸਤ ਲਿਖ ਕੇ ਸਥਾਈ ਲੋਕ ਅਦਾਲਤ ਵਿੱਚ ਨਿਬੇੜੇ ਲਈ ਆ ਸਕਦਾ ਹੈ। ਇਸ ਤੋਂ ਇਲਾਵਾ ਜਿਹੜੇ ਕੇਸਾਂ ਵਿੱਚ ਵਕੀਲਾਂ ਦੀ ਲੋੜ ਹੋਵੇ, ਉਨ੍ਹਾਂ ਵਿੱਚ ਲੋੜਵੰਦਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਵਕੀਲ ਦੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।