For the best experience, open
https://m.punjabitribuneonline.com
on your mobile browser.
Advertisement

ਪੁਲੀਸ ਦੇ ਸਤਾਏ ਸ਼ੇਰੋਂ ਦੇ ਨੌਜਵਾਨ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੇ

10:51 AM Apr 21, 2024 IST
ਪੁਲੀਸ ਦੇ ਸਤਾਏ ਸ਼ੇਰੋਂ ਦੇ ਨੌਜਵਾਨ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੇ
ਸ਼ੇਰੋਂ ਵਿੱਚ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੇ ਨੌਜਵਾਨਾਂ ਨੂੰ ਸਮਝਾਉਂਦੇ ਹੋਏ ਸਿਮਰਨਜੀਤ ਸਿੰਘ ਮਾਨ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ, 20 ਅਪਰੈਲ
ਇੱਥੋਂ ਦੇ ਨੇੜਲੇ ਪਿੰਡ ਸ਼ੇਰੋਂ ਵਿੱਚ ਪੁਲੀਸ ਵਲੋਂ ਹਰ ਰੋਜ਼ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਦੋ ਨੌਜਵਾਨ ਪਾਣੀ ਵਾਲੀ ਟੈਂਕੀ ਉੱਤੇ ਜਾ ਚੜ੍ਹੇ। ਹੱਥਾਂ ਵਿੱਚ ਪੈਟਰੋਲ ਵਾਲੀਆਂ ਬੋਤਲਾਂ ਲੈ ਕੇ ਚੜ੍ਹੇ ਇਨ੍ਹਾਂ ਨੌਜਵਾਨਾਂ ਦੀ ਖ਼ਬਰ ਜਿਉਂ ਹੀ ਪਿੰਡ ਵਾਸੀਆਂ ਨੂੰ ਮਿਲੀ ਤਾਂ ਉੱਥੇ ਵੱਡੀ ਤਾਦਾਦ ’ਚ ਲੋਕ ਅਤੇ ਪੁਲੀਸ ਪ੍ਰਸ਼ਾਸਨ ਪੁੱਜਾ। ਜਦੋਂ ਇਸ ਸਬੰਧੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਘਟਨਾ ਵਾਲੀ ਥਾਂ ਉੱਪਰ ਪਹੁੰਚੇ ਅਤੇ ਆਪ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਉਕਤ ਨੌਜਵਾਨਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਮਝਾ ਬੁਝਾ ਕੇ ਹੇਠਾਂ ਉਤਾਰਿਆ। ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਨੌਜਵਾਨਾਂ ਮੋਹਨਜੀਤ ਸਿੰਘ ਸ਼ੇਰੋਂ ਅਤੇ ਮਨੀ ਸ਼ੇਰੋਂ ਨੇ ਦੱਸਿਆ ਕਿ ਉਹ ਕਰੀਬ 15 ਸਾਲ ਪਹਿਲਾਂ ਰਾਹ ਭਟਕ ਕੇ ਗਲਤ ਰਾਸਤੇ ’ਤੇ ਪੈ ਗਏ ਸਨ, ਜਿਸ ਕਾਰਨ ਉਨ੍ਹਾਂ ਵਿਰੁੱਧ ਉਸ ਸਮੇਂ ਲੜਾਈ-ਝਗੜਿਆਂ ਦੇ ਵੱਖ-ਵੱਖ ਕੇਸ ਦਰਜ ਹੋਏ ਸਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦਸ ਸਾਲਾਂ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆ ਕੇ ਆਪਣੇ ਪਰਿਵਾਰ ਦੇ ਨਾਲ ਚੰਗੇ ਨਾਗਰਿਕ ਵਾਲਾ ਜੀਵਨ ਬਤੀਤ ਕਰ ਰਹੇ ਹਨ| ਉਨ੍ਹਾਂ ਵਿਰੁੱਧ ਦਰਜ ਕੇਸਾਂ ਵਿੱਚੋਂ ਅਦਾਲਤ ਵੱਲੋਂ ਵੀ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੀਆਂ ਜੱਜਮੈਂਟਾਂ ਉਨ੍ਹਾਂ ਕੋਲ ਮੌਜੂਦ ਹਨ ਪਰ ਫਿਰ ਵੀ ਪੁਲੀਸ ਵਲੋਂ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ| ਜਦੋਂ ਵੀ ਚੋਣਾਂ ਨੇੜੇ ਹੁੰਦੀਆਂ ਹਨ ਜਾਂ ਕੋਈ ਇਲਾਕੇ ਵਿੱਚ ਵਾਰਦਾਤ ਵਾਪਰ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੁਲੀਸ ਚੁੱਕ ਕੇ ਲੈ ਜਾਂਦੀ ਹੈ | ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੇ ਡਰਾਵੇ ਦਿੱਤੇ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਮੇਸ਼ਾ ਆਪਣੇ ਜਾਨ-ਮਾਲ ਦਾ ਡਰ ਸਤਾਉਂਦਾ ਰਹਿੰਦਾ ਹੈ|
ਉਧਰ ਸਿਮਰਜੀਤ ਸਿੰਘ ਮਾਨ ਨੇ ਮੌਕੇ ‘ਤੇ ਹੀ ਐੱਸਐੱਸਪੀ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਵਿਸ਼ਵਾਸ ਦੁਆਇਆ ਕਿ ਕਿਸੇ ਵੀ ਬੇਗੁਨਾਹ ਨੌਜਵਾਨ ਨਾਲ ਕੋਈ ਧੱਕਾ ਨਹੀਂ ਹੋਵੇਗਾ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਹਾਲਾਤ ਕਈ ਵਾਰ ਵਿਅਕਤੀ ਨੂੰ ਗਲਤ ਰਾਹਾਂ ਉਪਰ ਲੈ ਜਾਂਦੇ ਹਨ ਪਰ ਜੇਕਰ ਕੋਈ ਗਲਤ ਰਾਸਤੇ ਨੂੰ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣਾ ਚਾਹੁੰਦਾ ਹੈ ਤਾਂ ਉਸ ਨੂੰ ਇੱਕ ਮੌਕਾ ਜਰੂਰ ਦੇਣਾ ਚਾਹੀਦਾ ਹੈ| ਗਲਤ ਰਾਹ ਤਿਆਗ ਕੇ ਆਪਣੇ ਪਰਿਵਾਰ ਨਾਲ ਰਹਿਣ ਵਾਲੇ ਨੌਜਵਾਨਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਬਜਾਏ ਉਨ੍ਹਾਂ ਦੇ ਸਹਿਯੋਗ ਨਾਲ ਗਲਤ ਰਾਸਤੇ ਉਪਰ ਚੱਲ ਰਹੇ ਹੋਰਨਾਂ ਨੌਜਵਾਨਾਂ ਨੂੰ ਵੀ ਵਾਪਸ ਲਿਆਉਣ ਦੇ ਯਤਨ ਕਰਨੇ ਚਾਹੀਦੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×