For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਪੈਟਰੋਲ-ਡੀਜ਼ਲ ਤੇ ਬਿਜਲੀ ਹੋਈ ਮਹਿੰਗੀ

07:14 AM Sep 06, 2024 IST
ਪੰਜਾਬ ’ਚ ਪੈਟਰੋਲ ਡੀਜ਼ਲ ਤੇ ਬਿਜਲੀ ਹੋਈ ਮਹਿੰਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਤਰੀ ਮੰਡਲ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ।
Advertisement

* ਮੰਤਰੀ ਮੰਡਲ ਨੇ ਪੈਟਰੋਲ ’ਤੇ 61 ਪੈਸੇ ਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲਿਟਰ ਵੈਟ ਵਧਾਇਆ
* ਸੱਤ ਕਿਲੋਵਾਟ ਲੋਡ ਤੱਕ ਘਰੇਲੂ ਬਿਜਲੀ ਖਪਤਕਾਰਾਂ ਨੂੰ ਦਿੱਤੀ ਕਰੀਬ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਖ਼ਤਮ

ਆਤਿਸ਼ ਗੁਪਤਾ
ਚੰਡੀਗੜ੍ਹ, 5 ਸਤੰਬਰ
ਪੰਜਾਬ ਦੀ ‘ਆਪ’ ਸਰਕਾਰ ਨੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਸੂਬਾ ਸਰਕਾਰ ਨੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਝਟਕਾ ਦਿੰਦਿਆਂ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਜਾ ਰਹੀ ਕਰੀਬ 3 ਰੁਪਏ ਪ੍ਰਤੀ ਯੂਨਿਟ ਦੀ ਬਿਜਲੀ ਸਬਸਿਡੀ ਵੀ ਖਤਮ ਕਰ ਦਿੱਤੀ ਹੈ। ਇਹ ਫੈਸਲੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਹਨ। ਸੂਬਾ ਸਰਕਾਰ ਨੇ ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੇ ਅਮਲ ਨੂੰ ਖ਼ਤਮ ਕਰਨ ਦੀ ਸਹਿਮਤੀ ਦਿੱਤੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਪੈਟਰੋਲ ’ਤੇ 61 ਪੈਸੇ ਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲਿਟਰ ਵੈਟ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ’ਤੇ ਵੈਟ ਵਧਾਉਣ ਨਾਲ ਪੈਟਰੋਲ ਤੋਂ 150 ਕਰੋੜ ਰੁਪਏ ਦੇ ਕਰੀਬ ਅਤੇ ਡੀਜ਼ਲ ਤੋਂ 390-400 ਕਰੋੜ ਰੁਪਏ ਮਾਲੀਆ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 7 ਕਿਲੋਵਾਟ ਲੋਡ ਤੱਕ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਕਰੀਬ ਤਿੰਨ ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਵੀ ਖ਼ਤਮ ਕਰ ਦਿੱਤੀ ਹੈ। ਇਸ ਨਾਲ ਸੂਬੇ ਨੂੰ 1500 ਤੋਂ 1800 ਕਰੋੜ ਰੁਪਏ ਦਾ ਵਿੱਤੀ ਲਾਭ ਹੋਵੇਗਾ। ਇਹ ਬਿਜਲੀ ਸਬਸਿਡੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਲ 2022 ਦੀ ਸ਼ੁਰੂਆਤ ਵਿੱਚ ਦੇਣੀ ਸ਼ੁਰੂ ਕੀਤੀ ਗਈ ਸੀ। ਸ੍ਰੀ ਚੀਮਾ ਨੇ ਸਪਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਘਰੇਲੂ ਖਪਤਕਾਰ ਨੂੰ ਦਿੱਤੀ ਜਾ ਰਹੀ ਮਾਸਿਕ 300 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਜਾਰੀ ਰਹੇਗੀ। ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰ ਦਿੱਤਾ ਹੈ। ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਨਵੇਂ ਵਾਹਨ ਲੈਣ ਵਾਲਿਆਂ ਨੂੰ ਇਕੱਠੇ ਚਾਰ ਸਾਲ ਦਾ ਟੈਕਸ ਭਰਨ ’ਤੇ 10 ਫੀਸਦ ਅਤੇ ਅੱਠ ਸਾਲਾਂ ਦਾ ਟੈਕਸ ਭਰਨ ’ਤੇ 20 ਫੀਸਦੀ ਤੱਕ ਦੀ ਰਿਆਇਤ ਦਿੱਤੀ ਜਾਵੇਗੀ। ਮੰਤਰੀ ਮੰਡਲ ਨੇ ਪੰਜਾਬ ਦੇ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓਟੀਐੱਸ-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦਿੱਤੀ ਹੈ। ਸੂਬਾ ਸਰਕਾਰ ਨੇ ਓਟੀਐੱਸ ਰਾਹੀਂ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਐਤਕੀਂ 164 ਕਰੋੜ ਰੁਪਏ ਵਾਧੂ ਕਮਾਏ ਹਨ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।

Advertisement

ਨਵੀਂ ਖੇਤੀ ਨੀਤੀ ਤੇ ਸਿੱਖਿਆ ਨੀਤੀ ਬਣਾਉਣ ਲਈ ਹਰੀ ਝੰਡੀ

ਪੰਜਾਬ ਮੰਤਰੀ ਮੰਡਲ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਅਤੇ ਸਿੱਖਿਆ ਨੀਤੀ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਰਵਾਇਤੀ ਖੇਤੀ ਖੜੋਤ ਕੰਢੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਨਵੀਂ ਖੇਤੀ ਨੀਤੀ ਪੰਜਾਬ ਦੇ ਖੇਤੀ ਮਾਹਿਰਾਂ, ਕਿਸਾਨਾਂ ਤੇ ਮਜ਼ਦੂਰਾਂ ਨਾਲ ਵਿਚਾਰ-ਚਰਚਾ ਤੋਂ ਬਾਅਦ ਤਿਆਰ ਕੀਤੀ ਜਾਵੇਗੀ। ਸੂਬੇ ਵਿੱਚ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਬਣਾਉਣ ਦੀ ਵੀ ਮੰਤਰੀ ਮੰਡਲ ਨੇ ਸਹਿਮਤੀ ਦੇ ਦਿੱਤੀ। ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸਿੱਖਿਆ ਖੇਤਰ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।

ਤੇਲ ਕੀਮਤਾਂ ’ਚ ਵਾਧਾ ਆਮ ਲੋਕਾਂ ਦੀਆਂ ਜੇਬਾਂ ’ਤੇ ਡਾਕਾ: ਬਾਜਵਾ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤੇਲ ਕੀਮਤਾਂ ਵਧਾਉਣ ਦੇ ਫੈਸਲੇੇ ਨੂੰ ਆਮ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਤੇਲ ਕੀਮਤਾਂ ਵਧਾਉਣ ਦੇ ਨਾਲ 7 ਕਿਲੋਵਾਟ ਲੋਡ ਤੱਕ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲਦੀ ਸਬਸਿਡੀ ਵੀ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਨਾ ਸਿਰਫ਼ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਬਲਕਿ ਮਹਿੰਗਾਈ ਵੀ ਵਧੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਉਧਾਰ ਲਏ ਫ਼ੰਡਾਂ ਨਾਲ ਆਪਣੀਆਂ ਰੋਜ਼ਮਰ੍ਹਾ ਦੀਆਂ ਸਰਗਰਮੀਆਂ ਚਲਾ ਰਹੀ ਹੈ। ਉਧਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤੇਲ ਕੀਮਤਾਂ ਵਿੱਚ ਵਾਧੇ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਿਜਲੀ ਦੇ ਪਹਿਲੇ 300 ਯੂਨਿਟ ਮੁਫ਼ਤ ਪ੍ਰਦਾਨ ਕਰਨ ਬਾਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਕਰਦੀ ਹੈ, ਜਦੋਂ ਕਿ ਇਸ ਤੋਂ ਉਪਰਲੀਆਂ ਯੂਨਿਟਾਂ ਦੀਆਂ ਦਰਾਂ ਵਿੱਚ ਭਾਰੀ ਵਾਧਾ ਕਰਕੇ ਘਰਾਂ ’ਤੇ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ’ਚ ਵਾਧੇ ਨਾਲ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ’ਤੇ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ।

ਆਮ ਆਦਮੀ ਤੇ ਕਿਸਾਨਾਂ ਨੂੰ ਪਏਗੀ ਮਾਰ: ਮਜੀਠੀਆ

ਅੰਮ੍ਰਿਤਸਰ (ਟਨਸ):

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੂਬਾ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਆਮ ਆਦਮੀ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਮਾਰ ਪਏਗੀ ਅਤੇ ਜ਼ਰੂਰੀ ਵਸਤਾਂ ਦੀ ਟਰਾਂਸਪੋਰਟੇਸ਼ਨ ਦੀ ਲਾਗਤ ਵਧਣ ਦੇ ਨਾਲ ਮਹਿੰਗਾਈ ਵਧੇਗੀ। ਉਨ੍ਹਾਂ ਮੰਗ ਕੀਤੀ ਕਿ ਵੈਟ ਵਿਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਵਾਪਸ ਲੈਣ ਨਾਲ ਲੱਖਾਂ ਘਰੇਲੂ ਖਪਤਕਾਰਾਂ ਨੂੰ ਵੱਡੀ ਮਾਰ ਪਏਗੀ।

Advertisement
Tags :
Author Image

joginder kumar

View all posts

Advertisement