ਪ੍ਰਕਾਸ਼ ਪੁਰਬ ਮਨਾਉਣ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਨਵੰਬਰ
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦਾ 555ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਲਗਪਗ 2550 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜਿਆ ਜਿਨ੍ਹਾਂ ਦਾ ਪਾਕਿਸਤਾਨ ਵਾਲੇ ਪਾਸੇ ਵਾਹਗਾ ਸਰਹੱਦ ’ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਸਿੱਖ ਜਥੇ ਦੇ ਮੈਂਬਰਾਂ ਦਾ ਸਵਾਗਤ ਕਰਨ ਲਈ ਸਰਹੱਦ ਦੇ ਦੂਜੇ ਪਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ, ਸਾਬਕਾ ਪ੍ਰਧਾਨ ਸਤਵੰਤ ਸਿੰਘ ਸਮੇਤ ਔਕਾਫ ਬੋਰਡ ਦੇ ਅਧਿਕਾਰੀ ਸ਼ਾਮਲ ਸਨ। ਇੱਥੋਂ ਸ਼ਰਧਾਲੂਆਂ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਗਿਆ। ਇੱਥੇ ਬੀਤੇ ਕੱਲ੍ਹ ਤੋਂ ਅਖੰਡ ਪਾਠ ਆਰੰਭ ਹਨ ਤੇ ਅਖੰਡ ਪਾਠ ਦਾ ਭੋਗ ਪ੍ਰਕਾਸ਼ ਪੁਰਬ ਵਾਲੇ ਦਿਨ 15 ਨਵੰਬਰ ਨੂੰ ਪਵੇਗਾ। ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ 15 ਨਵੰਬਰ ਨੂੰ ਸਰਕਾਰੀ ਛੁੱਟੀ ਵੀ ਐਲਾਨੀ ਗਈ ਹੈ। ਇਸ ਦੌਰਾਨ ਗੁਰਦੁਆਰੇ ਵਿਖੇ ਦੀਪਮਾਲਾ ਕੀਤੀ ਗਈ ਅਤੇ ਫੁੱਲਾਂ ਆਦਿ ਨਾਲ ਸਜਾਵਟ ਵੀ ਕੀਤੀ ਗਈ।
ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ। ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਇੰਚਾਰਜ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਸ਼ਾਮਿਲ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਮਿਲਣੇ ਚਾਹੀਦੇ ਹਨ।