ਅੰਮ੍ਰਿਤਸਰ ’ਚ ਪਾਇਟੈੱਕਸ ਵਪਾਰ ਮੇਲਾ ਪੰਜ ਤੋਂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਨਵੰਬਰ
18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਇਟੈਕਸ ਵਪਾਰ ਮੇਲਾ ਇਸ ਵਾਰ 5 ਦਸੰਬਰ ਤੋਂ 9 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਹੋ ਰਿਹਾ ਹੈ। ਇਹ ਖੁਲਾਸਾ ਪੀਐੱਚਡੀਸੀਸੀਆਈ ਪੰਜਾਬ ਚੈਪਟਰ ਦੇ ਮੁਖੀ ਕਰਨ ਗਿਲਹੋਤਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਦਾ ਵਫਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ ਹੈ ਅਤੇ ਮੁੱਖ ਮੰਤਰੀ ਨੇ ਪੀਐੱਚਡੀ ਚੈਂਬਰ ਆਫ ਕਾਮਰਸ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਬਰੋਸ਼ਰ ਨੂੰ ਰਿਲੀਜ਼ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਸੂਬਾ ਸਰਕਾਰ ਵਪਾਰੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦਸਿਆ ਕਿ ਇਸ ਵਾਰ ਪਾਇਟੈਕਸ ਵਪਾਰ ਮੇਲਾ 5 ਦਸੰਬਰ ਤੋਂ 9 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਲਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਪੀਐੱਚਡੀਸੀਸੀਆਈ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ ਜਦਕਿ ਉਦਯੋਗਿਕ ਨੀਤੀ ਨੂੰ ਵੀ ਸਰਲ ਬਣਾਇਆ ਗਿਆ ਹੈ। ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦੇ ਚਾਹਵਾਨ ਉਦਯੋਗਪਤੀਆਂ ਨੂੰ ਹਰ ਤਰ੍ਹਾਂ ਦੀਆਂ ਮਨਜ਼ੂਰੀਆਂ ਸਮਾਂਬੱਧ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਪੀਐਚਡੀਸੀਸੀਆਈ ਦੀ ਖੇਤਰੀ ਡਾਇਰੈਕਟਰ ਭਾਰਤੀ ਸੂਦ ਵੀ ਹਾਜ਼ਰ ਸਨ।