For the best experience, open
https://m.punjabitribuneonline.com
on your mobile browser.
Advertisement

ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ

09:58 AM Feb 03, 2024 IST
ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ
ਜਲੰਧਰ ’ਚ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 2 ਫ਼ਰਵਰੀ
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀਆਂ ਵਿੱਢਣ ਖਾਤਰ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵੱਖ ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਦੀ ਮੀਟਿੰਗ ਹੋਈ।
ਮੀਟਿੰਗ ਦੀ ਪ੍ਰਧਾਨਗੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਮੱਲੀ ਨੰਗਲ, ਮੁਕੇਸ਼ ਚੰਦਰ ਰਾਣੀ ਭੱਟੀ, ਸੰਤੋਖ ਸਿੰਘ ਸੰਧੂ, ਟਰੇਡ ਯੂਨੀਅਨਜ਼ ਆਗੂ ਮਾਸਟਰ ਤੀਰਥ ਸਿੰਘ ਬਾਸੀ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕੀਤੀ। ਮੀਟਿੰਗ ਵਿੱਚ ਕਿਸਾਨਾਂ, ਪੇਂਡੂ/ ਖੇਤ ਮਜ਼ਦੂਰਾਂ, ਉਸਾਰੀ ਤੇ ਮਨਰੇਗਾ ਕਾਮੇ, ਬਿਜਲੀ, ਰੋਡਵੇਜ਼, ਅਧਿਆਪਕ, ਜਮਹੂਰੀ ਅਧਿਕਾਰ ਤੇ ਹੋਰ ਮੁਲਾਜ਼ਮ ਜਥੇਬੰਦੀਆਂ, ਨੌਜਵਾਨ ਤੇ ਔਰਤਾਂ ਦੀਆਂ ਦੋ ਦਰਜਨ ਦੇ ਕਰੀਬ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦਾ ਅਹਿਦ ਲਿਆ ਅਤੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਕੀਤਾ ਜਾਵੇਗਾ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 16 ਫਰਵਰੀ ਨੂੰ ਸਵੇਰ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਮੁਕੰਮਲ ਤੌਰ ’ਤੇ ਬੰਦ ਕੀਤਾ ਜਾਵੇਗਾ। ਇਸ ਬੰਦ ਦੌਰਾਨ ਬਰਾਤਾਂ, ਐਂਬੂਲੈਂਸ ਅਤੇ ਮਰਗ ਨਾਲ ਸਬੰਧਤ ਗੱਡੀਆਂ ਨੂੰ ਛੋਟ ਦੇਣ ਦਾ ਫੈਸਲਾ ਵੀ ਕੀਤਾ ਗਿਆ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀਆਂ ਨੂੰ ਜ਼ਮੀਨੀ ਪੱਧਰ ਤੱਕ ਵਿੱਢਣ ਖ਼ਾਤਰ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਆੜ੍ਹਤੀਆਂ ਤੇ ਇਸਤਰੀ ਜਥੇਬੰਦੀਆਂ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ 50 ਜਥੇਬੰਦੀਆਂ ਨੇ ਸ਼ਮੂਲੀਅਤ ਕਰਕੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦਾ ਅਹਿਦ ਲਿਆ। ਮੀਟਿੰਗ ਮਗਰੋਂ ਆਗੂਆਂ ਨੇ ਦੱਸਿਆ ਕਿ ਭਾਰਤ ਬੰਦ ਦੇਸ਼ ਦੇ ਖੇਤੀ ਖੇਤਰ, ਸਨਅਤੀ ਖੇਤਰ, ਸਿੱਖਿਆ, ਸਿਹਤ, ਟਰਾਂਸਪੋਰਟ, ਰੇਲਵੇ ਤੇ ਬਿਜਲੀ ਸਮੇਤ ਹੋਰ ਪਬਲਿਕ ਸੈਕਟਰ ਉੱਪਰ ਕੀਤੇ ਜਾ ਰਹੇ ਹਮਲੇ ਤੇ ਕਾਰਪੋਰੇਟ ਪੱਖੀ ਨੀਤੀਆਂ ਨਾਲ ਵਿੱਢੇ ਗਏ ਉਜਾੜੇ ਵਿਰੁੱਧ ਲੋਕਾਂ ਦੇ ਰੋਹ ਦਾ ਪ੍ਰਗਟਾਵਾ ਕਰੇਗਾ।

Advertisement

ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਚਾਰ ਦਾ ਫ਼ੈਸਲਾ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੀ ਸਾਂਝੀ ਮੀਟਿੰਗ ਕਿਸਾਨ ਆਗੂ ਸ਼ਿੰਗਾਰਾ ਸਿੰਘ, ਮੁਲਾਜ਼ਮ ਆਗੂ ਸਤੀਸ਼ ਰਾਣਾ ਅਤੇ ਟਰੇਡ ਯੂਨੀਅਨ ਆਗੂ ਉਂਕਾਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ। ਮੀਟਿੰਗ ਦੌਰਾਨ ਮੋਦੀ ਸਰਕਾਰ ਦੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ਼ ਪ੍ਰਚਾਰ ਕਰਨ ਅਤੇ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਵਿਚ 16 ਫ਼ਰਵਰੀ ਨੂੰ ਭਾਰਤ ਬੰਦ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਉਕਤ ਆਗੂਆਂ ਨੇ ਕਿਹਾ ਕਿ ਇਹ ਹੜਤਾਲ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਖਿਲਾਫ਼ ਤੇ ਕਿਸਾਨ, ਮਜ਼ਦੂਰ, ਪੈਨਸ਼ਨਰ, ਮੁਲਾਜ਼ਮ ਵਰਗ ਆਦਿ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ 5 ਫ਼ਰਵਰੀ ਨੂੰ ਤਹਿਸੀਲ ਪੱਧਰੀ ਮੀਟਿੰਗਾਂ ਕਰਨ ਦਾ ਵੀ ਫ਼ੈਸਲਾ ਲਿਆ ਗਿਆ।

Advertisement

Advertisement
Author Image

joginder kumar

View all posts

Advertisement