ਉੱਚਾ ਗਾਓਂ ’ਚ ਖੇਡ ਮੈਦਾਨ ਦਾ ਕੰਮ ਪ੍ਰਗਤੀ ਅਧੀਨ
ਖੇਤਰੀ ਪ੍ਰਤੀਨਿਧ
ਪਟਿਆਲਾ, 19 ਅਗਸਤ
ਮਗਨਰੇਗਾ ਸਕੀਮ ਅਧੀਨ ਜਿਥੇ ਮਗਨਰੇਗਾ ਵਰਕਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ, ਉੱਥੇ ਹੀ ਇਸ ਸਕੀਮ ਅਧੀਨ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਵੀ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ, ਏਡੀਸੀ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ ਅੰਦਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 45 ਮਾਡਲ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਜਾਣਗੇ, ਜਿਸ ਦਾ ਕਾਰਜ ਪ੍ਰਗਤੀ ਅਧੀਨ ਹੈ। ਉਨ੍ਹਾਂ ਹੋਰ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਨਾਲ਼ ਲੱਗਦੇ ਬਲਾਕ ਪਟਿਆਲਾ ਦੇ ਪਿੰਡ ਉੱਚਾ ਗਾਓਂ ’ਚ ਵੀ ਅਜਿਹਾ ਮਾਡਲ ਪਾਰਕ ਬਣਾਇਆ ਗਿਆ ਹੈ, ਜਿਸ ਦਾ ਇਲਾਕੇ ਦੇ ਲੋਕਾਂ ਨੂੰ ਕਾਫੀ ਲਾਭ ਹੋਇਆ ਹੈ।
ਏਡੀਸੀ ਨੇ ਦੱਸਿਆ ਕਿ ਪਿੰਡਾਂ ਵਿੱਚ ਕੂੜੇ ਦੀ ਸਮੱਸਿਆ ਦੇ ਖਾਤਮੇ ਲਈ ਪਹਿਲੇ ਗੇੜ ’ਚ 45 ਪਿੰਡਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰ ਕੇ ਉਸ ਨੂੰ ਅਲੱਗ-ਅਲੱਗ ਕਰਨ ਉਪਰੰਤ ਖਾਦ ਤਿਆਰ ਕੀਤੀ ਜਾਵੇਗੀ। ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਜ਼ਿਲ੍ਹੇ ਵਿੱਚ 90 ਮਾਡਲ ਪਾਰਕਾਂ ਦੀ ਉਸਾਰੀ ਕਰ ਕੇ ਪਿੰਡਾਂ ਦੀ ਦਿਖ ਨੂੰ ਸੁੰਦਰ ਬਣਾਇਆ ਜਾਵੇਗਾ।