ਕੁਦਰਤੀ ਆਫ਼ਤ ’ਤੇ ਰਾਜਨੀਤੀ ਕਰਨੀ ਗ਼ਲਤ: ਜਾਖੜ
ਪੱਤਰ ਪ੍ਰੇਰਕ
ਕੁਰਾਲੀ, 11 ਜੁਲਾਈ
ਹੜ੍ਹ ਦੀ ਸਥਿਤੀ ਦੌਰਾਨ ਭੇਡ ਬਚਾਉਣ ਲਈ ਖੂਹ ਵਿੱਚ ਉੱਤਰੇ ਨੌਜਵਾਨ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਹੋਈ ਮੌਤ ਨੂੰ ਲੈ ਕੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਿੰਡ ਮਾਜਰੀ ਪੁੱਜੇ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਹੜ੍ਹਾਂ ਦੀ ਮਾਰ ਕਾਰਨ ਇਲਾਕੇ ਵਿੱਚ ਹੋਏ ਭਾਰੀ ਨੁਕਸਾਨ ਸਬੰਧੀ ਸੁਨੀਲ ਜਾਖੜ ਨੇ ਕਿਹਾ ਕਿ ਇਸ ਮਾਮਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ, ਸਗੋਂ ਸਾਰਿਆਂ ਨੂੰ ਇਕਜੁੱਟ ਹੋ ਕੇ ਲੋਕਾਂ ਦੀ ਬਿਹਤਰੀ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਕਰਨ ਲਈ ਹੋਰ ਬਹੁਤ ਸਮਾਂ ਪਿਆ ਹੈ ਪਰ ਇਸ ਮੁੱਦੇ ’ਤੇ ਸਾਰਿਆਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਪੰਜਾਬੀਆਂ ਨੂੰ ਇਸ ਆਫ਼ਤ ’ਚੋਂ ਉਭਾਰਨ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨ ਸਹਿਣ ਵਾਲੇ ਪਰਿਵਾਰਾਂ ਦੀ ਮਦਦ ਕਰਨ ਲਈ ਸਭਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮਾਜਰੀ ਵਿੱਚ ਭੇਡਾਂ ਪਾਲ ਕੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲਾ ਨੌਜਵਾਨ ਧਲਵਿੰਦਰ ਸਿੰਘ ਪੁੱਤਰ ਮੁਲਖ ਰਾਜ ਖੂਹ ਵਿੱਚ ਡਿੱਗੀ ਆਪਣੀ ਭੇਡ ਬਾਹਰ ਕੱਢਣ ਲਈ ਹੇਠਾਂ ਉਤਰਿਆ ਸੀ, ਜਿਥੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਸ ਦੀ ਮੌਤ ਹੋ ਗਈ।