ਮਜ਼ਦੂਰਾਂ ਨੂੰ ਪਲਾਟ ਤਾਂ ਅਲਾਟ ਹੋਏ ਪਰ ਕਬਜ਼ਾ ਨਾ ਮਿਲਿਆ
ਪੱਤਰ ਪ੍ਰੇਰਕ
ਕਾਹਨੂੰਵਾਨ, 5 ਸਤੰਬਰ
ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਪੰਜ-ਪੰਜ ਮਰਲੇ ਦੇ ਪਲਾਟ ਵੰਡਣ ਦੀ ਮੰਗ ਨੂੰ ਲੈ ਕੇ ਬਲਾਕ ਵਿਕਾਸ ਅਫ਼ਸਰ ਕਾਹਨੂੰਵਾਨ ਨੂੰ ਮਿਲਿਆ। ਇਸ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਕੋਟ ਟੋਡਰ ਮੱਲ ਦੇ ਮਜ਼ਦੂਰਾਂ ਨੂੰ ਬੀਤੇ ਸਾਲਾਂ ਵਿੱਚ ਰਿਹਾਇਸ਼ੀ ਪਲਾਟ ਅਲਾਟ ਕੀਤੇ ਗਏ ਸਨ ਪਰ ਅਜੇ ਤੱਕ ਉਨ੍ਹਾਂ ਪਲਾਟਾਂ ਦਾ ਕਬਜ਼ਾ ਨਹੀਂ ਦਿੱਤਾ ਗਿਆ।
ਇਸ ਮੌਕੇ ਮਜ਼ਦੂਰਾਂ ਨੇ ਬਲਾਕ ਵਿਕਾਸ ਅਫ਼ਸਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਰਿਹਾਇਸ਼ੀ ਪਲਾਟਾਂ ਦੀ ਵੰਡ ਕੀਤੀ ਜਾਵੇ। ਇਸ ਸਬੰਧੀ ਬਲਾਕ ਵਿਕਾਸ ਅਫ਼ਸਰ ਕਾਹਨੂੰਵਾਨ ਨੇ ਕਿਹਾ ਕਿ ਪੰਚਾਇਤੀ ਚੋਣਾਂ ਹੋਣ ਤੋਂ ਬਾਅਦ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਇਸੇ ਦੌਰਾਨ ਮਜ਼ਦੂਰਾਂ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਵੱਲੋਂ ਬੀਤੇ ਸਾਲ ਮਨਰੇਗਾ ਤਹਿਤ ਕੀਤੇ ਕੰਮ ਦਾ ਮਿਹਨਤਾਨਾ ਅਜੇ ਤੱਕ ਨਹੀਂ ਮਿਲਿਆ। ਇਹ ਮਿਹਨਤਾਨਾ ਵੀ ਦਿੱਤਾ ਜਾਵੇ। ਮਜ਼ਦੂਰ ਆਗੂ ਮੇਜਰ ਸਿੰਘ ਨੇ ਕਿਹਾ ਕੇ ਮਨਰੇਗਾ ਸਕੀਮ ਤਹਿਤ ਕੰਮ ਕਰਨ ਦੀਆਂ ਚਾਹਵਾਨ ਔਰਤਾਂ ਦਾ ਮੈਸਟਰੋਲ ਕੱਢਿਆ ਜਾਵੇ।