ਪ੍ਰਧਾਨ ਮੰਤਰੀ ਮੋਦੀ ਵੱਲੋਂ ਸੀਡੀਐੱਸ ਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਬੈਠਕ
ਅਦਿੱਤੀ ਟੰਡਨ
ਨਵੀਂ ਦਿੱਲੀ, 10 ਮਈ
ਪਾਕਿਸਤਾਨ ਵੱਲੋਂ ਭਾਰਤ ਦੇ ਪੱਛਮੀ ਫਰੰਟ ’ਤੇ 26 ਥਾਵਾਂ ਉੱਤੇ ਡਰੋਨਾਂ ਨਾਲ ਘੁਸਪੈਠ ਤੇ ਭਾਰਤ ਵੱਲੋਂ ਪਾਕਿਸਤਾਨ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ’ਤੇ ਉੱਚ ਪੱਧਰੀ ਬੈਠਕ ਵਿਚ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲਾਂ ਨਾਲ ਭਾਰਤ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੀ ਡਰੋਨ ਘੁਸਪੈਠ ਖਿਲਾਫ਼ ਭਾਰਤ ਦੀ ਜਵਾਬੀ ਕਾਰਵਾਈ ਦਾ ਵੀ ਨੋਟਿਸ ਲਿਆ।
ਪ੍ਰਧਾਨ ਮੰਤਰੀ ਨੇ ਇਹ ਬੈਠਕ ਅਜਿਹੇ ਮੌਕੇ ਕੀਤੀ ਹੈ ਜਦੋਂ ਅਮਰੀਕਾ, ਚੀਨ ਤੇ ਸਾਊਦੀ ਅਰਬ ਨੇ ਦੋਵਾਂ ਮੁਲਕਾਂ (ਭਾਰਤ ਤੇ ਪਾਕਿ) ਦਰਮਿਆਨ ਤਣਾਅ ਘਟਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਕਿਸਤਾਨ ਨੇ ਵੀ ਸਪਸ਼ਟ ਕੀਤਾ ਹੈ ਕਿ ਪ੍ਰਮਾਣੂ ਹਥਿਆਰ ਵਰਤਣ ਦਾ ਹਾਲ ਦੀ ਘੜੀ ਉਸ ਦਾ ਕੋਈ ਇਰਾਦਾ ਨਹੀਂ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਪਾਕਿ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਵੀ ਦਾਅਵਾ ਕੀਤਾ ਹੈ ਕਿ ਜੇ ਭਾਰਤ ਹੋਰ ਹਮਲੇ ਨਹੀਂ ਕਰਦਾ ਤਾਂ ਉਨ੍ਹਾਂ ਦਾ ਮੁਲਕ ਤਣਾਅ ਘਟਾਉਣ ਬਾਰੇ ਵਿਚਾਰ ਕਰ ਸਕਦਾ ਹੈ।