ਜ਼ਹਿਰੀਲੀ ਸ਼ਰਾਬ ਮਾਮਲਾ: ਬਸਪਾ ਨੇ ਸੀਬੀਆਈ ਜਾਂਚ ਮੰਗੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਮਾਰਚ
ਬਹੁਜਨ ਸਮਾਜ ਪਾਰਟੀ ਵੱਲੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਬਸਪਾ ਨੇ ਪੰਜਾਬ ਸਰਕਾਰ ਨੂੰ ਤੁਰੰਤ ਭੰਗ ਕਰ ਕੇ ਰਾਸ਼ਟਰਪਤੀ ਰਾਜ ਲਗਾਉਣ ਅਤੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਬਦਲਾਅ ਲਿਆਉਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ। ਉਨ੍ਹਾਂ ਪੰਜਾਬ ਵਿੱਚੋਂ ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ ਸੀ ਪਰ ਨਸ਼ਾ ਬੰਦ ਤਾਂ ਕੀ ਹੋਣਾ ਸੀ ਸਗੋਂ ਗੈਰਕਾਨੂੰਨੀ ਨਕਲੀ ਸ਼ਰਾਬ ਪਿੰਡਾਂ ਵਿੱਚ ਵਿਕ ਰਹੀ ਹੈ ਅਤੇ ਲੋਕ ਆਪਣੀ ਜਾਨ ਗੁਆ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਹੋ ਚੁੱਕੀਆਂ ਹਨ ਅਤੇ ਅਨੇਕਾਂ ਜ਼ੇਰੇ ਇਲਾਜ ਹਨ ਪਰ ਮੁੱਖ ਮੰਤਰੀ ਅਤੇ ਆਬਕਾਰੀ ਮੰਤਰੀ ਦਾ ਜੱਦਾ ਜ਼ਿਲ੍ਹਾ ਹੋਣ ਕਰਕੇ ਅਜੇ ਤੱਕ ਕਿਸੇ ਵੀ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਨਹੀਂ ਕੀਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਨੇ ਵੀ ਪਰਿਵਾਰਾਂ ਦੀ ਸਾਰ ਨਹੀਂ ਲਈ। ਉਨ੍ਹਾਂ ਦੋਸ਼ ਲਾਇਆ ਕਿ ਸ਼ਰਾਬ ਘੁਟਾਲੇ ’ਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਲਈ ਪੰਜਾਬ ਦੀ ‘ਆਪ’ ਲੀਡਰਸ਼ਿਪ ਪੂਰੀ ਵਾਹ ਲਗਾਉਣ ’ਤੇ ਉਤਰੀ ਹੋਈ ਹੈ ਪਰੰਤੂ ਗਰੀਬ ਪਰਿਵਾਰਾਂ ਨਾਲ ਸਬੰਧਤ 21 ਵਿਅਕਤੀਆਂ ਦੀ ਮੌਤ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਤੁਰੰਤ ਭੰਗ ਕਰਕੇ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ, ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ, ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੀ ਮਾਲੀ ਸਹਾਇਤਾ ਦਿੱਤੀ ਜਾਵੇ, ਯੋਗਤਾ ਅਨੁਸਾਰ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਲਾਜ ਅਧੀਨ ਵਿਅਕਤੀਆਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਿੱਤੇ ਜਾਣ।
ਇਸ ਮੌਕੇ ਬਸਪਾ ਆਗੂ ਦਰਸ਼ਨ ਸਿੰਘ ਜਲੂਰ, ਰਣਧੀਰ ਸਿੰਘ ਨਾਗਰਾ, ਅਮਰੀਕ ਸਿੰਘ ਕੈਂਥ, ਮੁਖਤਿਆਰ ਸਿੰਘ ਮਲੇਰਕੋਟਲਾ, ਸਮਸ਼ਾਦ ਅੰਸਾਰੀ, ਸਰਬਜੀਤ ਸਿੰਘ ਖੇੜੀ, ਪਵਿੱਤਰ ਸਿੰਘ, ਭੋਲਾ ਸਿੰਘ ਧਰਮਗੜ੍ਹ, ਬੰਤਾ ਸਿੰਘ ਕੈਂਪਰ, ਰਾਮਪਾਲ ਸਿੰਘ ਮਹਿਲਾਂ, ਰਣਧੀਰ ਸਿੰਘ ਕੌਹਰੀਆਂ, ਪ੍ਰਿੰਸੀਪਲ ਗੁਰਬਖਸ਼ ਸਿੰਘ, ਗੁਰਦੇਵ ਸਿੰਘ ਘਾਬਦਾਂ, ਰਾਮ ਸਿੰਘ ਲੌਂਗੋਵਾਲ, ਰਾਮ ਸਰੂਪ ਖੇੜੀ, ਸੇਵਾ ਸਿੰਘ ਬੰਗਾਂਵਾਲੀ, ਪ੍ਰੀਤਮ ਸਿੰਘ ਛੰਨਾਂ, ਗੁਰਮੇਲ ਸਿੰਘ ਰੰਗੀਲਾ ਆਦਿ ਸ਼ਾਮਲ ਸਨ।
ਸਿਮਰਨਜੀਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਪਿੰਡ ਗੁੱਜਰਾਂ ਅਤੇ ਪਿੰਡ ਢੰਡੋਲੀ ਖੁਰਦ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸਰਕਲ ਆਗੂ ਹਾਜ਼ਰ ਸਨ। ਸ਼ਮਸ਼ਾਨਘਾਟ ਵਿੱਚ ਮ੍ਰਿਤਕ ਵਿਅਕਤੀਆਂ ਦੇ ਸਸਕਾਰ ਮਗਰੋਂ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਵੱਡੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ ਜਿਸ ਨੇ ਨਸ਼ਾ ਬੰਦ ਕਰਨ ਦੇ ਨਾਂਅ ’ਤੇ ਵੋਟਾਂ ਮੰਗ ਕੇ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਠੱਲ੍ਹਣ ਦੀ ਬਜਾਏ ਵਧ ਰਿਹਾ ਹੈ ਜਿਸ ਨਾਲ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਹਲਕੇ ਦੇ ਵਿਧਾਇਕ ਹਨ ਅਤੇ ਇਹ ਘਟਨਾ ਵੀ ਉਨ੍ਹਾਂ ਦੇ ਹਲਕੇ ਦੇ ਪਿੰਡਾਂ ਵਿੱਚ ਵਾਪਰੀ ਹੈ ਜਦੋਂ ਕਿ ਪੰਜਾਬ ਸਰਕਾਰ ਦਾ ਐਕਸਾਈਜ਼ ਵਿਭਾਗ ਵੀ ਵਿੱਤ ਮੰਤਰੀ ਕੋਲ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।