ਜ਼ਹਿਰੀਲੀ ਸ਼ਰਾਬ ਕਾਂਡ: ‘ਆਪ’ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਦਵਿੰਦਰ ਸਿੰਘ
ਯਮੁਨਾਨਗਰ, 16 ਨਵੰਬਰ
ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਡਾ. ਅਸ਼ੋਕ ਤੰਵਰ, ਚਿਤਰਾ ਸਰਵਰਾ, ਆਦਰਸ਼ ਪਾਲ, ਸੁਸ਼ੀਲ ਜੈਨ, ਸਤੀਸ਼ ਦੌੜੰਗ, ਸੰਜੀਵ ਚੌਧਰੀ ਸਮੇਤ ਕਈ ਪਾਰਟੀ ਆਗੂ ਵੀ ਮੌਜੂਦ ਸਨ। ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਹਰਿਆਣਾ ’ਚ ਜ਼ਹਿਰੀਲੀ ਸ਼ਰਾਬ ਦੀ ਘਟਨਾ ਸਰਕਾਰ ਅਤੇ ਪ੍ਰਸ਼ਾਸਨ ਦੋਵਾਂ ਦੀ ਮਿਲੀਭੁਗਤ ਅਤੇ ਲਾਪ੍ਰਵਾਹੀ ਕਾਰਨ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਰਕਾਰ ਦੀ ਨੱਕ ਹੇਠ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਵਿੱਚ ਜਿਨ੍ਹਾਂ ਠੇਕੇਦਾਰਾਂ ਦੀ ਭੂਮਿਕਾ ਰਹੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰਦਾ ਤਾਂ ਇੰਨੇ ਲੋਕਾਂ ਦੀ ਜਾਨ ਨਾ ਜਾਂਦੀ। ਡਾ. ਸੁਸ਼ੀਲ ਗੁਪਤਾ ਨੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸ਼ਰਾਬ ਮਾਫੀਆ ਨੂੰ ਖੁੱਲ੍ਹ ਦੇਣ ਵਾਲੇ ਸਰਕਾਰ ’ਚ ਬੈਠੇ ਮੰਤਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ-ਅੰਦਰ ਦੋਸ਼ੀ ਨਾ ਫੜੇ ਗਏ ਅਤੇ ਵੱਡੇ ਮੱਗਰਮੱਛਾਂ ਦਾ ਪਤਾ ਲਗਾ ਕੇ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਅਗਲੀ ਰਣਨੀਤੀ ਦੇ ਹਿੱਸੇ ਵਜੋਂ ਵੱਡਾ ਅੰਦੋਲਨ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਵਿਧਾਨ ਸਭਾ ’ਚ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਨਾਲ 470 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਜੇਕਰ ਯਮੁਨਾਨਗਰ ਵਿੱਚ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੂੰ ਇਸ ਵਿੱਚ ਜੋੜਿਆ ਜਾਵੇ ਤਾਂ ਇਹ ਅੰਕੜਾ 500 ਨੂੰ ਪਾਰ ਕਰ ਜਾਂਦਾ ਹੈ।